ਭਾਸ਼ਾ ਵਿਭਾਗ ਵੱਲੋਂ ਪੰਜਾਬੀ ਭਾਸ਼ਾ ਵਿੱਚ ਕੰਮ-ਕਾਜ ਕਰਨ ਸੰਬੰਧੀ ਹਦਾਇਤਾਂ ਜਾਰੀ

ਫਿਰੋਜ਼ਪੁਰ: (ਦ ਸਟੈਲਰ ਨਿਊਜ਼), ਪੰਜਾਬ ਸਰਕਾਰ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਹਦਾਇਤਾਂ ਜਾਰੀ ਹੋਈਆਂ ਹਨ ਕਿ ਰਾਜ ਭਾਸ਼ਾ ਐਕਟ 1967 ਅਤੇ ਰਾਜ ਭਾਸ਼ਾ ਐਕਟ (ਤਰਮੀਮ) 2008 ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਇਸੇ ਐਕਟ ਤਹਿਤ ਹੁਕਮ ਜਾਰੀ ਹੋਏ ਹਨ ਕਿ “ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿੱਦਿਅਕ ਸੰਸਥਾਵਾਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਦੀਆਂ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ) ਤੋਂ ਬਾਅਦ ਲਿਖਿਆ ਜਾਵੇ।

Advertisements

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਜਗਦੀਪ ਸਿੰਘ ਸੰਧੂ ਜ਼ਿਲ੍ਹਾ ਭਾਸ਼ਾ ਅਫ਼ਸਰ, ਫ਼ਿਰੋਜ਼ਪੁਰ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਹੈ ਅਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਪੰਜਾਬੀ ਮਾਤ ਭਾਸ਼ਾ ਪੰਜਾਬ ਰਾਜ ਦੀ ਜਿੰਦ-ਜਾਨ ਹੈ ਅਤੇ ਇਹ ਪੰਜਾਬੀਅਤ ਦਾ ਮਾਣ ਹੈ। ਇਸ ਲਈ ਸਬੰਧਿਤ ਹੁਕਮਾਂ ਅਧੀਨ ਆਉਂਦੇ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਅਤੇ ਇਹ ਵੀ ਵਿਸ਼ੇਸ਼ ਤੌਰ ‘ਤੇ ਧਿਆਨ ਦਿੱਤਾ ਜਾਵੇ ਕਿ ਸ਼ਬਦ-ਜੋੜ ਵੀ ਠੀਕ ਹੋਣ। 

ਜੇਕਰ ਕੋਈ ਇਸ ਤਰ੍ਹਾਂ ਦੀ ਕਮੀ ਪਾਈ ਜਾਂਦੀ ਹੈ ਤਾਂ ਸਬੰਧਿਤ ਅਧਿਕਾਰੀਆਂ ਵੱਲੋਂ ਜਲਦੀ ਤੋਂ ਜਲਦੀ ਠੀਕ ਕਰਵਾਈ ਜਾਵੇ। ਇਨ੍ਹਾਂ ਹਦਾਇਤਾਂ ਸੰਬੰਧੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਪੱਤਰ ਵੀ ਭੇਜਿਆ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਦਫ਼ਤਰ, ਫ਼ਿਰੋਜ਼ਪੁਰ ਸਮੂਹ ਅਧਿਕਾਰੀਆਂ ਤੇ ਫ਼ਿਰੋਜ਼ਪੁਰ ਵਾਸੀਆਂ ਨੂੰ ਅਪੀਲ ਕਰਦਾ ਹੈ ਕਿ ਇਸ ਜ਼ਿੰਮੇਵਾਰੀ ਵਾਲੇ ਕਾਰਜ ਵਿੱਚ ਸਾਡਾ ਸਾਥ ਦੇਣ ਅਤੇ ਭਾਸ਼ਾ ਵਿਭਾਗ ਫ਼ਿਰੋਜ਼ਪੁਰ ਹਰ ਤਰ੍ਹਾਂ ਨਾਲ ਤੁਹਾਡੇ ਨਾਲ ਹੈ। ਇਸ ਸੰਬੰਧੀ ਕਿਸੇ ਵੀ ਸਮੇਂ, ਕਿਸੇ ਵੀ ਰੂਪ ਵਿੱਚ ਦਫ਼ਤਰ, ਭਾਸ਼ਾ ਵਿਭਾਗ ਫ਼ਿਰੋਜ਼ਪੁਰ ਤੋਂ ਅਗਵਾਈ/ਸਹਿਯੋਗ ਲੈ ਸਕਦੇ ਹੋ। ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ, ਪੰਜਾਬ ਦਾ ਮੂਲ ਮਨੋਰਥ ਸਾਰੇ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ ਇਨ੍ਹਾਂ ਕਮੀਆਂ/ਤਰੁੱਟੀਆਂ ਨੂੰ ਦੂਰ ਕਰਨਾ ਹੈ ਅਤੇ ਪੰਜਾਬੀ ਭਾਸ਼ਾ ਦਾ ਬਣਦਾ ਮਾਣ-ਸਤਿਕਾਰ ਕਾਇਮ ਰੱਖਣਾ ਹੈ।

LEAVE A REPLY

Please enter your comment!
Please enter your name here