ਪੰਜਾਬ ਦੇ ਰਾਜਪਾਲ ਵੱਲੋਂ 146ਵੇਂ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਸੰਮੇਲਨ ਦਾ ਉਦਘਾਟਨ

ਜਲੰਧਰ (ਦ ਸਟੈਲਰ ਨਿਊਜ਼): ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਸਥਾਨਕ ਸ਼੍ਰੀ ਦੇਵੀ ਤਲਾਬ ਮੰਦਰ ਕੰਪਲੈਕਸ ਵਿਖੇ 146ਵੇਂ ਹਰਿਵੱਲਭ ਸੰਗੀਤ ਸੰਮੇਲਨ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਸੰਮੇਲਨ ਰਵਾਇਤੀ ਸੰਗੀਤ ਦੇ ਪਸਾਰ ਵਿੱਚ ਵੱਡਾ ਯੋਗਦਾਨ ਪਾ ਰਿਹਾ ਹੈ। ਤਿੰਨ ਦਿਨਾ ਚੱਲਣ ਵਾਲੇ ਇਸ ਸੰਗੀਤ ਸੰਮੇਲਨ ਸਬੰਧੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਮਹਾਸਭਾ ਦੇ ਇਸ ਸਲਾਨਾ ਉਪਰਾਲੇ ਨਾਲ ਅਮੀਰ ਭਾਰਤੀ ਸੰਗੀਤ ਅਤੇ ਸੱਭਿਆਚਾਰਕ ਵਿਰਾਸਤ ਨੂੰ ਦੇਸ਼ ਅਤੇ ਵਿਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਾਸਤਰੀ ਸੰਗੀਤ ਦੇ ਖੇਤਰ ਵਿੱਚ ਪਿਛਲੇ 146 ਸਾਲਾਂ ਤੋਂ ਚੱਲ ਰਹੇ ਇਸ ਸੰਮੇਲਨ ਨਾਲ ਨੌਜਵਾਨਾਂ ਨੂੰ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਸ਼ਾਸਤਰੀ ਸੰਗੀਤ ਦੀ ਸ਼ਾਨਾਮੱਤੀ ਵਿਰਾਸਤ ਤੋਂ ਵੀ ਜਾਣੂੰ ਕਰਵਾਉਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਸੰਗੀਤ ਅਤੇ ਇਸ ਦੇ ਇਤਿਹਾਸਕ ਪਿਛੋਕੜ ਬਾਰੇ ਪਤਾ ਲੱਗ ਸਕੇ।
ਮਹਾਸਭਾ ਦੇ ਚੇਅਰਮੈਨ ਸ਼ੀਤਲ ਵਿਜ, ਪ੍ਰਧਾਨ ਪੂਰਨਿਮਾ ਬੇਰੀ, ਜਨਰਲ ਸਕੱਤਰ ਦੀਪਕ ਬਾਲੀ, ਪੁੱਡੂਚੇਰੀ ਦੇ ਸਾਬਕਾ ਲੈਫਟੀਨੈਂਟ ਗਵਰਨਰ ਡਾ. ਇਕਬਾਲ ਸਿੰਘ ਦੀ ਮੌਜੂਦਗੀ ਵਿੱਚ ਸੰਮੇਲਨ ਦਾ ਆਗਾਜ਼ ਕਰਦਿਆਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਪਿਛਲੇ 146 ਸਾਲਾਂ ਤੋਂ ਸ਼ਾਸਤਰੀ ਸੰਗੀਤ ਦੀ ਬਿਹਤਰੀ ਲਈ ਕਾਰਜਸ਼ੀਲ ਸ਼੍ਰੀ ਬਾਬਾ ਹਰਿਵੱਲਭ ਸੰਗੀਤ ਮਹਾਸਭਾ ਸ਼ਲਾਘਾ ਦੀ ਪਾਤਰ ਹੈ ਅਤੇ ਖਿੱਤੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਸੰਗੀਤ ਨੂੰ ਜਿਊਂਦਾ ਰੱਖਣ ਲਈ ਇੰਨੇ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਵੱਲਭ ਸੰਗੀਤ ਸੰਮੇਲਨ ਵਿਸ਼ਵ ਪ੍ਰਸਿੱਧ ਸਮਾਗਮ ਹੈ, ਜਿਸ ਵਿੱਚ ਉੱਭਰ ਰਹੇ ਕਲਾਕਾਰਾਂ ਨੂੰ ਆਪਣੀ ਕਲਾ ਦਾ ਮੁਜ਼ਾਹਰਾ ਕਰਨ ਦਾ ਮੌਕਾ ਮਿਲਦਾ ਹੈ।

Advertisements

ਉਨ੍ਹਾਂ ਕਿਹਾ ਕਿ ਇਸ ਸੰਮੇਲਨ ਸਦਕਾ ਜਲੰਧਰ ਨੂੰ ਵੀ ਇਕ ਵੱਖਰੀ ਪਛਾਣ ਮਿਲੀ ਹੈ, ਜਿਸ ਲਈ ਪ੍ਰਬੰਧਕ ਕਮੇਟੀ ਵਧਾਈ ਦੀ ਪਾਤਰ ਹੈ। ਉਨ੍ਹਾਂ ਨੇ ਮਹਾਸਭਾ ਨੂੰ ਸੱਦਾ ਦਿੱਤਾ ਕਿ ਉਹ ਅਜਿਹੇ ਸੰਮੇਲਨ ਨਾ ਸਿਰਫ਼ ਜਲੰਧਰ ਵਿੱਚ ਸਗੋਂ ਵਿਦੇਸ਼ਾਂ ਵਿੱਚ ਕਰਵਾਉਣ, ਜਿਸ ਲਈ ਹਰ ਸੰਭਵ ਸਹਿਯੋਗ ਅਤੇ ਤਾਲਮੇਲ ਨੂੰ ਯਕੀਨੀ ਬਣਾਇਆ ਜਾਵੇਗਾ। ਰਾਜਪਾਲ ਨੇ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਮੱਥਾ ਵੀ ਟੇਕਿਆ। ਇਸ ਦੌਰਾਨ ਰਾਜਪਾਲ ਵੱਲੋਂ ਸੰਮੇਲਨ ਵਿੱਚ ਹਿੱਸਾ ਲੈਣ ਕਲਾਕਾਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਕਮੇਟੀ ਵੱਲੋਂ ਸ਼੍ਰੀ ਦੇਵੀ ਤਲਾਬ ਮੰਦਰ ਵਿਖੇ ਪਹੁੰਚਣ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਸਵਾਗਤ ਕੀਤਾ ਗਿਆ। ਮਹਾਸਭਾ ਦੀ ਪ੍ਰਧਾਨ ਪੂਰਨਿਮਾ ਬੇਰੀ ਨੇ ਰਾਜਪਾਲ ਦਾ ਸੰਮੇਲਨ ਵਿੱਚ ਪਹੁੰਚਣ ਲਈ ਧੰਨਵਾਦ ਵੀ ਕੀਤਾ।

LEAVE A REPLY

Please enter your comment!
Please enter your name here