ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ: ਮੁੱਖ ਮੰਤਰੀ ਚੰਨੀ

ਟਾਂਡਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਜਾਨ ਨੂੰ ਖਤਰੇ’ ਦੇ ਢਕਵੰਜ ਦਾ ਮੰਤਵ ਸੂਬੇ ਵਿਚ ਜਮਹੂਰੀ ਢੰਗ ਨਾਲ ਚੁਣੀ ਹੋਈ ਸਰਕਾਰ ਦਾ ਤਖਤਾ ਪਲਟਾਉਣਾ ਹੈ। ਵੀਰਵਾਰ ਨੂੰ ਨਵੀਂ ਦਾਣਾ ਮੰਡੀ ਵਿਖੇ 18 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਤੋਂ ਬਾਅਦ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਦੀ ਜਾਨ ਨੂੰ ਕੋਈ ਖਤਰਾ ਨਹੀਂ ਸੀ, ਉਨ੍ਹਾਂ ਨੇ ਬੁੱਧਵਾਰ ਨੂੰ ਆਪਣਾ ਪ੍ਰੋਗਰਾਮ ਰੱਦ ਕਰ ਦਿੱਤਾ ਸੀ ਕਿਉਂਕਿ ਭਾਜਪਾ ਦੀ ਰੈਲੀ ਵਿਚ ਲੋਕਾਂ ਦੀ ਗਿਣਤੀ ਮਾਮੂਲੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪੰਜਾਬ ਦੌਰੇ ਦੌਰਾਨ ਖਾਲੀ ਕੁਰਸੀਆਂ ਉਨ੍ਹਾਂ ਨੂੰ ਮੂੰਹ ਚੜਾਉਂਦੀਆਂ ਰਹੀਆਂ ਜਿਸ ਕਰਕੇ ਸੁਰੱਖਿਆ ਦੇ ਖਤਰੇ ਦਾ ਹੋਛਾ ਕਾਰਨ ਦੇ ਕੇ ਵਾਪਸ ਕੌਮੀ ਰਾਜਧਾਨੀ ਚਲੇ ਗਏ। ਮੁੱਖ ਮੰਤਰੀ ਨੇ ਕਿਹਾ ਕਿ ਝੂਠ ਦੀ ਆੜ ਵਿਚ ਪ੍ਰਧਾਨ ਮੰਤਰੀ ਦੇ ਦੌਰਾ ਰੱਦ ਕਰਨਾ ਇਕ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ ਤਾਂ ਕਿ ਜੰਮੂ ਕਸ਼ਮੀਰ ਵਾਂਗ ਪੰਜਾਬ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੂਬੇ ਵਿਚ ਜਮਹੂਰੀਅਤ ਦਾ ਕਤਲ ਕੀਤਾ ਜਾ ਸਕੇ।

Advertisements


ਕਿਹਾ-ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖਤਰਾ ਨਹੀਂ ਬਣ ਸਕਦੇ
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਪ੍ਰਧਾਨ ਮੰਤਰੀ ਤੋਂ ਕਿਲੋਮੀਟਰ ਦੀ ਦੂਰੀ ਉਤੇ ਹੋਣ ਤਾਂ ਉਸ ਵੇਲੇ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਖਤਰਾ ਕਿਵੇਂ ਪੈਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਦਾ ਕਾਫਲਾ ਖੜ੍ਹਾ ਸੀ, ਉਥੇ ਤਾਂ ਇਕ ਵੀ ਨਾਅਰਾ ਨਹੀਂ ਲੱਗਿਆ ਤਾਂ ਫੇਰ ਉਨ੍ਹਾਂ ਦੀ ਜ਼ਿੰਦਗੀ ਖਤਰੇ ਵਿਚ ਕਿਵੇਂ ਪੈ ਗਈ। ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਲਈ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਅਤੇ ਸੁਰੱਖਿਆ ਲਈ ਖਤਰਾ ਨਹੀਂ ਬਣ ਸਕਦੇ।
ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ਼ ਕੀਤਾ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦੇ ਇੱਕ ਸਤਿਕਾਰਤ ਆਗੂ ਹਨ ਪਰ ਅਜਿਹੀਆਂ ਘਟੀਆ ਚਾਲਾਂ ਵਿੱਚ ਸ਼ਾਮਿਲ ਹੋਣਾ ਉਨ੍ਹਾਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਨੇ ਸੂਬੇ ਵਿੱਚ ਭਾਜਪਾ ਦੀ ਮਾੜੀ ਸਥਿਤੀ ਦਾ ਪਰਦਾਫਾਸ਼ ਕਰ ਦਿੱਤਾ ਹੈ ਜੋ ਇਸ ਦੀ ਸਮੁੱਚੀ ਲੀਡਰਸ਼ਿਪ ਨੂੰ ਹਜ਼ਮ ਨਹੀਂ ਹੋ ਰਿਹਾ। ਇੱਕ ਤੁਲਨਾ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੌਸਮ ਕੱਲ੍ਹ ਵੀ ਖਰਾਬ ਸੀ ਅਤੇ ਅੱਜ ਵੀ ਖਰਾਬ ਹੈ ਪਰ ਬੁੱਧਵਾਰ ਨੂੰ ਭਾਜਪਾ ਦੀ ਰੈਲੀ ਲਈ ਬਹੁਤ ਘੱਟ ਲੋਕ ਆਏ ਸਨ ਜਦੋਂ ਕਿ ਕਾਂਗਰਸ ਦੀ ਅੱਜ ਦੀ ਰੈਲੀ ਵਿੱਚ ਲੋਕਾਂ ਦਾ ਭਾਰੀ ਇਕੱਠ ਸੀ।

ਡਰਾਮੇਬਾਜੀ ਦਾ ਉਦੇਸ਼ ਸੂਬੇ ਵਿੱਚ ਰਾਸ਼ਟਰਪਤੀ ਸ਼ਾਸ਼ਨ ਲਾਗੂ ਕਰਨਾ ਹੈ : ਮੁੱਖ ਮੰਤਰੀ
ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੇ ਸਮੂਹ ਵੱਲੋਂ ਕੱਲ੍ਹ ਦੀ ਡਰਾਮੇਬਾਜੀ ਦਾ ਉਦੇਸ਼ ਸੂਬੇ ਵਿੱਚ ਰਾਸ਼ਟਰਪਤੀ ਸ਼ਾਸ਼ਨ ਲਾਗੂ ਕਰਨਾ ਹੈ। ਹਾਲਾਂਕਿ, ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬ ਨੂੰ ਪਿਆਰ ਨਾਲ ਜਿੱਤਿਆ ਜਾ ਸਕਦਾ ਹੈ, ਦਬਾਅ ਨਾਲ ਨਹੀਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬੇ ਵਿੱਚ ਲੋਕਤੰਤਰ ਨੂੰ ਢਾਹ ਲਾਉਣ ਵਾਲੀ ਅਜਿਹੀ ਕਿਸੇ ਵੀ ਹਰਕਤ ਦਾ ਪੰਜਾਬ ਵਾਸੀ ਡੱਟ ਕੇ ਵਿਰੋਧ ਕਰਨਗੇ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਨਿੱਜੀ ਹਿੱਤਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਨੂੰ ਬਦਨਾਮ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਯਾਦ ਦਿਵਾਇਆ ਕਿ ਪੰਜਾਬੀਆਂ ਨੇ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਤੋਂ ਇਲਾਵਾ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਜਪਾ ਵੱਲੋਂ ਚਲਾਈ ਨਿੰਦਣਯੋਗ ਮੁਹਿੰਮ ਸਮੂਹ ਪੰਜਾਬੀਆਂ ਦਾ ਅਪਮਾਨ ਹੈ ਜੋ ਕਿ ਗੈਰ-ਵਾਜਬ ਅਤੇ ਅਣਇੱਛਤ ਹੈ।
ਕੈਪਟਨ ਨੂੰ ਸਿਆਸੀ ਤੌਰ ਉਤੇ ਨਾਕਾਮ ਹੋ ਚੁੱਕਾ ਸਿਆਸਤਦਾਨ ਦੱਸਿਆ : ਚੰਨੀ
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਤੰਜ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਸਿਆਸੀ ਤੌਰ ‘ਤੇ ਨਾਕਾਮ ਹੋ ਚੁੱਕੇ ਹਨ ਜੋ ਪਟਿਆਲਾ ਦੇ ਸ਼ਾਹੀ ਵੰਸ਼ਜ ਵੱਲੋਂ ਬੁੱਧਵਾਰ ਨੂੰ ਹੋਈ ਭਾਜਪਾ ਦੀ ਰੈਲੀ ਵਿੱਚ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਨ ਤੋਂ ਸਪੱਸ਼ਟ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕੈਪਟਨ ਨੇ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ, ਜਿਸ ਕਾਰਨ ਕੋਈ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਨਾ ਚਾਹੁੰਦਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਮਹਾਰਾਜਾ ਦੇ ਸਾਰੇ ਉਮੀਦਵਾਰ ਚੋਣਾਂ ਵਿੱਚ ਆਪਣੀ ਜਮਾਨਤ ਗੁਆ ਦੇਣਗੇ।
ਬਾਦਲਾਂ ਨੇ ਆਪਣੇ ਲੰਬੇ ਕਾਰਜਕਾਲ ਦੌਰਾਨ ਸੂਬੇ ਨੂੰ ਖੂਬ ਲੁੱਟਿਆ: ਸੀਐਮ
ਅਕਾਲੀਆਂ ‘ਤੇ ਨਿਸ਼ਾਨਾਂ ਵਿੰਨ੍ਹਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਾਦਲਾਂ ਨੇ ਆਪਣੇ ਦਹਾਕੇ ਲੰਬੇ ਕਾਰਜਕਾਲ ਦੌਰਾਨ ਸੂਬੇ ਨੂੰ ਖੂਬ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀਆਂ ਨੂੰ ਪੰਜਾਬ ਵਿੱਚੋਂ ਹਰਾ ਕੇ ਸਬਕ ਸਿਖਾਉਣਗੇ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਹਨਾਂ ਵੱਲੋਂ ਸੂਬੇ ਵਿਰੁੱਧ ਕੀਤੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ।
ਕੇਜਰੀਵਾਲ ਨੂੰ ‘ਆਦਤਨ ਤੌਰ ਉਤੇ ਝੂਠਾ‘ ਵਿਅਕਤੀ ਦੱਸਿਆ
‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ‘ਆਦਤਨ ਤੌਰ ਉਤੇ ਝੂਠਾ‘ ਵਿਅਕਤੀ ਦੱਸਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਆਪਣੇ ਝੂਠੇ ਵਾਅਦਿਆਂ ਨਾਲ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ ਕਰ ਰਿਹਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਾਸੀ ‘ਆਪ’ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਗੇ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਗਿਆਨੀ ਕਰਤਾਰ ਸਿੰਘ ਦੀ ਯਾਦ ਵਿੱਚ ਪਾਰਕ ਅਤੇ 8.21 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਇਲਾਵਾ ਗੜ੍ਹਦੀਵਾਲ ਵਿਖੇ ਪ੍ਰਾਇਮਰੀ ਹੈਲਥ ਸੈਂਟਰ ਨੂੰ ਕਮਿਊਨਿਟੀ ਹੈਲਥ ਸੈਂਟਰ ਤੱਕ ਅੱਪਗ੍ਰੇਡ ਕਰਨ, ਟਾਂਡਾ ਉੜਮੁੜ ਵਿਖੇ ਤਹਿਸੀਲ ਕੰਪਲੈਕਸ, ਪਿੰਡ ਸੰਸਾਰਪੁਰ ਵਿਖੇ 66 ਕੇ.ਵੀ ਸਬ ਸਟੇਸਨ, ਟਾਂਡਾ ਵਿਖੇ ਸਿੰਥੈਟਿਕ ਐਥਲੈਟਿਕ ਟਰੈਕ ਸਮੇਤ ਹੋਰਨਾਂ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।
ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕਰਦਿਆਂ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ ਨੇ ਮੁੱਖ ਮੰਤਰੀ ਚੰਨੀ ਦਾ ਆਪਣੇ ਹਲਕੇ ਵਿੱਚ ਗਰਾਂਟਾਂ ਦੇਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ। ਗਿਲਜੀਆਂ ਨੇ ਲੋਕਾਂ ਦੀ ਸੇਵਾ ਹੋਰ ਵੀ ਜੋਸ਼ ਨਾਲ ਕਰਨ ਦਾ ਪ੍ਰਣ ਲਿਆ।
ਇਸ ਮੌਕੇ ਵਿਧਾਇਕ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਚੱਬੇਵਾਲ ਅਤੇ ਇੰਦੂ ਬਾਲ, ਪੰਜਾਬ ਕਾਂਗਰਸ ਦੇ ਬੁਲਾਰੇ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ. ਕੇ.ਐਸ. ਹੀਰ, ਜੋਗਿੰਦਰ ਸਿੰਘ ਗਿਲਜੀਆਂ ਤੋਂ ਇਲਾਵਾ ਹੋਰ ਵੀ ਸ਼ਖਸੀਅਤਾਂ ਮੌਜੂਦ ਸਨ।

LEAVE A REPLY

Please enter your comment!
Please enter your name here