ਸਿਆਸੀ ਪਾਰਟੀਆਂ, ਪ੍ਰਿੰਟਰਾਂ-ਪਬਲਿਸ਼ਰ ਅਤੇ ਸ਼ਰਾਬ ਠੇਕੇਦਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼

ਜਲੰਧਰ(ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਪਾਲਣਾ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਅੱਜ ਇਥੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ, ਪ੍ਰਿੰਟਰਾਂ-ਪਬਲਿਸ਼ਰਾਂ, ਸ਼ਰਾਬ ਠੇਕੇਦਾਰਾਂ ਅਤੇ ਬੈਂਕ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਸੇ ਵੀ ਹਾਲਤ ਵਿੱਚ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਾ ਹੋਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਸਾਰੀਆਂ ਧਿਰਾਂ ਨੂੰ ਕੋਰੋਨਾ ਤੋਂ ਬਚਾਅ ਲਈ ਲੋੜੀਂਦੇ ਅਹਿਤਿਆਤ ਵਰਤਣ ਦੀ ਲੋੜ ‘ਤੇ ਵੀ ਜ਼ੋਰ ਦਿੱਤਾ। ਕਾਂਗਰਸ, ਅਕਾਲੀ ਦਲ, ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਆਦਿ ਦੇ ਨੁਮਾਇੰਦਿਆਂ ਨਾਲ ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਹੀ ਆਪਣੇ ਉਮੀਦਵਾਰਾਂ ਦਾ ਪ੍ਰਚਾਰ-ਪ੍ਰਸਾਰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਕਿਸੇ ਵੀ ਉਮੀਦਵਾਰ ਦੀ ਫੋਟੋ ਵਾਲਾ ਪੋਸਟਰ ਸਬੰਧਤ ਥਾਂ ਵਾਲੇ ਦੀ ਮਨਜ਼ੂਰੀ ਤੋਂ ਬਿਨਾਂ ਨਾ ਲਗਾਇਆ ਜਾਵੇ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦਾ ਚੋਣ ਖਰਚਾ 40 ਲੱਖ ਰੁਪਏ ਨਿਰਧਾਰਤ ਕੀਤਾ ਗਿਆ ਹੈ ਅਤੇ ਹਰ ਉਮੀਦਵਾਰ ਵੱਲੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਵਾਲੇ ਦਿਨ ਤੋਂ ਲੈ ਕੇ ਚੋਣ ਨਤੀਜੇ ਵਾਲੇ ਦਿਨ ਤੱਕ ਕੀਤੇ ਗਏ ਚੋਣ ਖਰਚੇ ਦਾ ਹਿਸਾਬ-ਕਿਤਾਬ ਰੱਖਿਆ ਜਾਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਵੱਲੋਂ 10 ਹਜ਼ਾਰ ਰੁਪਏ ਤੋਂ ਵੱਧ ਕੀਤੇ ਜਾਣ ਵਾਲੇ ਖਰਚੇ ਦੀ ਅਦਾਇਗੀ ਆਪਣੇ ਚੋਣ ਖਰਚੇ ਸਬੰਧੀ ਖੁਲ੍ਹਵਾਏ ਗਏ ਬੈਂਕ ਖਾਤੇ ਵਿੱਚੋਂ ਚੈਕ, ਡਿਮਾਂਡ ਡ੍ਰਾਫਟ ਅਤੇ ਨੈਫਟ ਰਾਹੀ ਕੀਤੀ ਜਾ ਸਕਦੀ ਹੈ।

Advertisements

ਡਿਪਟੀ ਕਮਿਸ਼ਨਰ ਨੇ ਨਿਰਦੇਸ਼ ਦਿੱਤੇ ਕਿ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਚੋਣ ਪ੍ਰਚਾਰ ਲਈ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜ਼ੀ ਜ਼ਿਲ੍ਹਾ ਪੱਧਰੀ ਮੀਡੀਆ ਸਰਟੀਫਿਕੇਸ਼ਨ ਅਤੇ ਮੋਨੀਟਰਿੰਗ ਕਮੇਟੀ ਤੋਂ ਅਗਾਊਂ ਸਰਟੀਫਾਈ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸਰਕਾਰੀ ਇਮਾਰਤ ਜਾਂ ਜਾਇਦਾਦ ਉਤੇ ਇਸ਼ਤਿਹਾਰ ਦੀ ਸਖ਼ਤ ਮਨਾਹੀ ਹੈ ਅਤੇ ਪ੍ਰਾਈਵੇਟ ਪ੍ਰਾਪਰਟੀ ਉਤੇ ਵੀ ਕਿਸੇ ਤਰ੍ਹਾਂ ਦੇ ਪੋਸਟਰ, ਬੈਨਰ ਆਦਿ ਲਾਉਣ ਲਈ ਸਬੰਧਤ ਮਾਲਕ ਪਾਸੋਂ ਇਤਰਾਜ਼ਹੀਣਤਾ (ਐਨ.ਓ.ਸੀ) ਲੈਣੀ ਜ਼ਰੂਰੀ ਹੈ। ਪ੍ਰਿੰਟਰਾਂ ਅਤੇ ਪਬਲਿਸ਼ਰਾਂ ਦੀ ਜਥੇਬੰਦੀ ਦੇ ਨੁਮਾਇੰਦਿਆਂ ਨਾਲ ਗੱਲਬਾਤ ਉਨ੍ਹਾਂ ਕਿਹਾ ਕਿ ਕਿਸੇ ਵੀ ਉਮੀਦਵਾਰ ਦੀ ਚੋਣ ਪ੍ਰਚਾਰ ਸਮੱਗਰੀ ਛਾਪਣ ਵੇਲੇ ਪ੍ਰਿੰਟਰ ਵੱਲੋਂ ਪ੍ਰਿੰਟ ਲਾਈਨ ਅਤੇ ਸਮੱਗਰੀ ਦੀ ਗਿਣਤੀ ਦਾ ਜ਼ਿਕਰ ਜ਼ਰੂਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਲੋੜੀਂਦੀ ਜਾਣਕਾਰੀ ਸਬੰਧਤ ਆਰ.ਓ. ਦੇ ਦਫ਼ਤਰ ਵਿੱਚ ਵੀ ਦਿੱਤੀ ਜਾਵੇਗੀ।

ਇਸੇ ਦੌਰਾਨ ਬੈਂਕਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਸ਼ੱਕੀ ਵੱਡੀ ਰਕਮ ਜਮ੍ਹਾ ਕਰਵਾਉਣ ਤੇ ਕਢਵਾਉਣ ਸਬੰਧੀ ਜਾਣਕਾਰੀ ਬੈਂਕ ਵੱਲੋਂ ਚੋਣ ਦਫ਼ਤਰ ਨਾਲ ਸਾਂਝੀ ਕੀਤੀ ਜਾਵੇਗੀ। ਉਨ੍ਹਾ ਦੱਸਿਆ ਕਿ ਜੇਕਰ ਇਕ ਲੱਖ ਰੁਪਏ ਤੋਂ ਵੱਧ ਦੀ ਰਕਮ ਜਮ੍ਹਾ ਕਰਵਾਈ ਜਾਂ ਕਢਵਾਈ ਜਾ ਰਹੀ ਹੈ ਜਾਂ ਇਸ ਦੀ ਆਰ.ਟੀ.ਜੀ.ਐਸ. ਕਰਵਾਈ ਜਾ ਰਹੀ ਹੈ ਜਾਂ ਉਮੀਦਵਾਰ ਜਾਂ ਉਸ ਦੇ ਪਤੀ ਜਾਂ ਪਤਨੀ ਦੇ ਖਾਤੇ ਵਿੱਚੋਂ ਕਢਵਾਈ ਜਾ ਰਹੀ ਹੈ ਤਾਂ ਇਸ ਦੀ ਸੂਚਨਾ ਰਿਟਰਨਿੰਗ ਅਫ਼ਸਰ  ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਵੱਡੀ ਰਕਮ ਜਾਂ 10 ਲੱਖ ਰੁਪਏ ਤੋਂ ਵੱਧ ਦੀ ਰਕਮ ਕਢਵਾਈ ਜਾ ਰਹੀ ਹੈ ਤਾਂ ਚੋਣ ਦਫ਼ਤਰ ਦੇ ਧਿਆਨ ਵਿੱਚ ਲਿਆ ਕੇ ਇਹ ਜਾਣਕਾਰੀ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨਾਲ ਸਾਂਝੀ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸ਼ਰਾਬ ਠੇਕੇਦਾਰਾਂ ਨੂੰ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਮੁਕੰਮਲ ਪਾਲਣਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਕਿਸੇ ਵੀ ਪੱਧਰ ‘ਤੇ ਕੋਈ ਕੁਤਾਹੀ ਨਹੀਂ ਹੋਣੀ ਚਾਹੀਦੀ।  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਜੁਆਇੰਟ ਕਮਿਸ਼ਨਰ ਆਫ ਪੁਲਿਸ ਸੰਦੀਪ ਮਲਿਕ, ਐਸ.ਪੀ. ਮਨਪ੍ਰੀਤ ਸਿੰਘ,ਚੋਣ ਤਹਿਸੀਲਦਾਰ ਸੁਖਦੇਵ ਸਿੰਘ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here