ਵਧੀਕ ਡਿਪਟੀ ਕਮਿਸ਼ਨਰ ਨੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਭਾਗਾਂ ਨਾਲ ਕੀਤੀ ਮੀਟਿੰਗ

ਹੁਸ਼ਿਆਰਪੁਰ, ( ਦ ਸਟੈਲਰ ਨਿਊਜ਼ ), ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ ਨੇ ਅੱਜ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਅਗਾਊਂ ਪ੍ਰਬੰਧਾਂ ਲਈ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ, ਹਰੇਕ ਵਿਭਾਗ ਨੂੰ ਬਣਦੀ ਜ਼ਿੰਮੇਂਵਾਰੀ ਸੌਂਪੀ। ਉਨ੍ਹਾਂ ਇਸ ਮੌਕੇ ਦੱਸਿਆ ਕਿ ਸਰਕਾਰ ਵਲੋਂ ਜਾਰੀ ਕੋਵਿਡ ਪ੍ਰੋਟੋਕਾਲ ਦੇ ਆਧਾਰ ’ਤੇ ਜ਼ਿਲ੍ਹਾ ਪੱਧਰੀ ਸਮਾਗਮ ਪੁਲਿਸ ਗਰਾਊਂਡ ਹੁਸ਼ਿਆਰਪੁਰ ਵਿਖੇ ਕਰਵਾਇਆ ਜਾਵੇਗਾ। ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ ਤੋਂ ਇਲਾਵਾ ਆਰਜ਼ੀ ਬਾਥਰੂਮਜ਼ ਅਤੇ ਮੈਡੀਕਲ ਟੀਮ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਚੋਣ ਕਮਿਸ਼ਨ ਦੀਆਂ ਸਵੀਪ ਗਤੀਵਿਧੀਆਂ ਨਾਲ ਸਬੰਧਤ ਝਾਕੀਆਂ ਵੀ ਤਿਆਰ ਕਰਵਾਈਆਂ ਜਾਣਗੀਆਂ।

Advertisements

ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀ ਸਮੇਂ ਸਿਰ ਲਿਸਟਾਂ ਭੇਜਣੀਆਂ ਯਕੀਨੀ ਬਣਾਉਣ। ਸੰਦੀਪ ਸਿੰਘ ਨੇ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ ਅਤੇ ਐਨ.ਸੀ.ਸੀ./ਐਨ ਐਸ ਐਸ ਟੁਕੜੀਆਂ ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ। ਮੀਟਿੰਗ ਵਿੱਚ ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਡੀ ਡੀ ਪੀ ਓ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here