Monday, November 2, 2026
Home Latest ਗਣਤੰਤਰ ਦਿਵਸ ਦੀਆਂ ਤਿਆਰੀਆਂ, ਵਧੀਕ ਡਿਪਟੀ ਕਮਿਸ਼ਨਰ ਨੇ ਸਮਾਰੋਹ ਦੇ ਪ੍ਰਬੰਧਾਂ ਸਬੰਧੀ...

ਗਣਤੰਤਰ ਦਿਵਸ ਦੀਆਂ ਤਿਆਰੀਆਂ, ਵਧੀਕ ਡਿਪਟੀ ਕਮਿਸ਼ਨਰ ਨੇ ਸਮਾਰੋਹ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਜ਼ਿੰਮੇਵਾਰੀਆਂ

ਜਲੰਧਰ (ਦ ਸਟੈਲਰ ਨਿਊਜ਼)। 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਬਣਦੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਸਮਾਗਮ ਦੀ ਰੂਪ-ਰੇਖਾ ਉਲੀਕਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲ ਮੁਤਾਬਕ ਕਰਵਾਇਆ ਜਾਵੇਗਾ।

Advertisements

ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲ ਮੁਤਾਬਕ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਸਮਾਰੋਹ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਟੇਡੀਅਮ ਵਿਖੇ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਅਮਰਜੀਤ ਬੈਂਸ ਨੇ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰ ਦਿਵਸ ਸਮਾਰੋਹ ਦੇ ਪ੍ਰਬੰਧਾਂ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਸਮਾਗਮ ਦੇ ਪ੍ਰਬੰਧਾਂ ਦੀ ਸਮੀਖਿਆ ਸਬੰਧੀ 21 ਜਨਵਰੀ ਨੂੰ ਰੱਖੀ ਗਈ ਹੈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋੰ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਜਾਵੇਗਾ। ਮੀਟਿੰਗ ਵਿੱਚ ਉਪ ਮੰਡਲ ਮੈਜਿਸਟ੍ਰੇਟ ਹਰਪ੍ਰੀਤ ਸਿੰਘ ਅਟਵਾਲ, ਉਪ ਮੰਡਲ ਮੈਜਿਸਟ੍ਰੇਟ ਬਲਬੀਰ ਰਾਜ ਸਿੰਘ, ਏ.ਡੀ.ਸੀ.ਪੀ. ਗੁਰਬਾਜ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਿੰਦਰਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here