ਜ਼ਿਲ੍ਹਾ ਚੋਣ ਅਫ਼ਸਰ ਨੇ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਹੋਈ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਸਿੰਘ ਵੀ ਹਾਜ਼ਰ ਸਨ। ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੀਆਂ ਡਿਊਟੀਆਂ ਸਬੰਧੀ ਹੁਕਮ 15 ਜਨਵਰੀ ਨੂੰ ਸਬੰਧਤ ਵਿਭਾਗਾਂ ਦੇ ਮੁਖੀਆਂ ਨੂੰ ਸੌਂਪ ਦਿੱਤੇ ਜਾਣਗੇ । ਉਨ੍ਹਾਂ ਹਦਾਇਤ ਕੀਤੀ ਕਿ ਜਿਨ੍ਹਾਂ ਦੀ ਡਿਊਟੀ ਚੋਣਾਂ ਵਿੱਚ ਲੱਗੀ ਹੋਈ ਹੈ, ਉਹ ਸਬੰਧਤ ਦਫ਼ਤਰ ਤੋਂ ਆਪਣੀ ਡਿਊਟੀ ਦੇ ਹੁਕਮ ਪ੍ਰਾਪਤ ਕਰਨ ਕਰ ਲੈਣ। ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ । ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਇਸ ਗੱਲ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।

Advertisements

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ 1563 ਪੋਲਿੰਗ ਬੂਥਾਂ ਲਈ 12600 ਸਰਕਾਰੀ ਸਟਾਫ਼ ਦਾ ਡਾਟਾ ਮਿਲਾ ਕੇ ਸੱਤ ਵਿਧਾਨ ਸਭਾ ਹਲਕਿਆਂ ਲਈ 8144 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਅਤੇ ਲੋੜ ਪੈਣ ‘ਤੇ ਉਪਰੋਕਤ ਸਟਾਫ਼ ਤੋਂ ਇਲਾਵਾ ਰਿਜ਼ਰਵ ਸਟਾਫ਼ ਅਤੇ ਹੋਰ ਮੁਲਾਜ਼ਮ ਵੀ ਨਿਯੁਕਤ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਉਕਤ ਪੋਲਿੰਗ ਸਟਾਫ਼ ਵੋਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣਗੇ । ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਪਹਿਲੀ ਰਿਹਾਰਸਲ 18 ਜਨਵਰੀ ਨੂੰ ਕਰਵਾਈ ਜਾ ਰਹੀ ਹੈ, ਜਿਸ ਲਈ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਵਿੱਚ ਵੋਟਿੰਗ ਲਈ ਨੋਟੀਫਿਕੇਸ਼ਨ 21 ਜਨਵਰੀ, 2022 ਨੂੰ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 28 ਜਨਵਰੀ, 2022 ਹੋਵੇਗੀ। ਨਾਮਜ਼ਦਗੀਆਂ ਦੀ ਪੜਤਾਲ 29 ਜਨਵਰੀ 2022 ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 31 ਜਨਵਰੀ 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 14 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ । ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਕਸਰ ਨਹੀਂ ਛੱਡੀ ਜਾਵੇਗੀ । ਉਨ੍ਹਾਂ ਕਿਹਾ ਕਿ ਜਿੱਥੇ ਐਮ.ਸੀ.ਐਮ.ਸੀ. ਕਮੇਟੀ ਬਣਾ ਕੇ ਪੇਡ ਨਿਊਜ਼ ‘ਤੇ ਨਜ਼ਰ ਰੱਖੀ ਜਾ ਰਹੀ ਹੈ, ਉਥੇ ਹੀ ਨਾਲ ਨਾਲ ਸੀ-ਵਿਜੀਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਮਿਲੀਆਂ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਡੀ.ਆਈ.ਓ. ਪ੍ਰਦੀਪ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here