ਕੋਰੋਨਾ ਵਾਇਰਸ : ਡਿਪਟੀ ਕਮਿਸ਼ਨਰ ਵੱਲੋਂ ਰੋਜ਼ਾਨਾ 20000 ਖੁਰਾਕਾਂ ਦਾ ਟੀਚਾ ਪੂਰਾ ਕਰਨ ਦੇ ਨਿਰਦੇਸ਼

ਜਲੰਧਰ (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿੱਚ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਇੰਤਜ਼ਾਮ, ਸਿਹਤ ਸਹੂਲਤਾਂ ਆਦਿ ਯਕੀਨੀ ਬਣਾਈਆਂ ਗਈਆਂ ਹਨ ਤਾਂ ਜੋ ਵਾਇਰਸ ਨੂੰ ਅਸਰਦਾਰ ਢੰਗ ਨਾਲ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਪ੍ਰਮੁੱਖ ਸਕੱਤਰ (ਸਿਹਤ) ਰਾਜ ਕਮਲ ਚੌਧਰੀ ਨਾਲ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਦੱਸਿਆ ਕਿ ਪਿਛਲੇ ਛੇ ਦਿਨਾਂ ਦੌਰਾਨ ਜ਼ਿਲ੍ਹੇ ਵਿੱਚ ਯੋਗ ਲਾਭਪਾਤਰੀਆਂ ਦੇ 1 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਸ ਵਿੱਚ 30342 ਪਹਿਲੀ, 67141 ਦੂਜੀ ਅਤੇ 2555ਬੂਸਟਰ ਡੋਜ਼ਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਰੋਜ਼ਾਨਾ 17 ਹਜ਼ਾਰ ਤੋਂ ਵੱਧ ਖੁਰਾਕਾਂ ਲਗਾਈਆਂ ਜਾ ਰਹੀਆਂ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਟੀਕਾਕਰਨ ਦੀਆਂ ਖੁਰਾਕਾਂ ਰੋਜ਼ਾਨਾ 20 ਹਜ਼ਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਯੋਗ ਲਾਭਪਾਤਰੀਆਂ ਦੇ ਜਲਦ ਤੋਂ ਜਲਦ ਡਿਊ ਖੁਰਾਕ ਲਗਾਈ ਜਾ ਸਕੇ। ਜ਼ਿਲ੍ਹੇ ਵਿੱਚ ਟੀਕਾਕਰਨ ਦੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 26.15 ਲੱਖ ਤੋਂ ਵੱਧ ਖੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿੱਚ 1546170 ਪਹਿਲੀ ਅਤੇ 1066258 ਦੂਜੀ ਅਤੇ 2636 ਬੂਸਟਰ ਡੋਜ਼ਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਕੁੱਲ ਲਾਭਪਾਤਰੀਆਂ ਵਿੱਚੋਂ 93.65 ਫੀਸਦੀ ਨੂੰ ਪਹਿਲੀ ਅਤੇ 64.58 ਫੀਸਦੀ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਕੇਸਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਿਹਤ ਵਿਭਾਗ ਦੀਆਂ ਟੀਮਾਂ ਰਾਹੀਂ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ‘ਤੇ ਸਿਹਤ ਸਹੂਲਤਾਂ ਦੇ ਢੁੱਕਵੇਂ ਇੰਤਜ਼ਾਮ ਕੀਤੇ ਜਾ ਚੁੱਕੇ ਹਨ।
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੋਵਿਡ ਦੀ ਰੋਕਥਾਮ ਸਬੰਧੀ ਉਪਰਾਲਿਆਂ ਬਾਰੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 97 ਫੀਸਦੀ ਚੋਣ ਡਿਊਟੀ ਸਟਾਫ਼ ਦੇ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ ਅਤੇ ਜਿਨ੍ਹਾਂ ਦੀ ਬੂਸਟਰ ਡੋਜ਼ ਡਿਊ ਹੈ, ਉਹ ਵੀ ਜਲਦ ਲਗਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 3 ਹਜ਼ਾਰ ਸੈਂਪਲਿੰਗ ਕੀਤੀ ਜਾ ਰਹੀ ਹੈ ਅਤੇ ਕੋਵਿਡ ਦੀ ਦੂਜੀ ਲਹਿਰ ਤੋਂ ਬਾਅਦ ਜ਼ਿਲ੍ਹੇ ਵਿੱਚ 16 ਨਵੇਂ ਪੀ.ਐਸ.ਏ. ਪਲਾਂਟ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3 ਸਰਕਾਰੀ ਅਤੇ 13 ਪ੍ਰਾਈਵੇਟ ਹਸਪਤਾਲਾਂ ਦੇ ਪਲਾਂਟ ਸ਼ਾਮਲ ਹਨ। ਕੋਵਿਡ ਦੇ ਪ੍ਰਭਾਵ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਆਪਣਾ ਟੀਕਾਕਰਨ ਮੁਕੰਮਲ ਕਰਵਾਉਣ ਦੇ ਨਾਲ-ਨਾਲ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਤਾਂ ਜੋ ਵਾਇਰਸ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਾਕੇਸ਼ ਕੁਮਾਰ ਚੋਪੜਾ ਅਤੇ ਸਮੂਹ ਐਸ.ਐਮ.ਓਜ਼ ਵੀ ਮੌਜੂਦ ਸਨ।

Advertisements

LEAVE A REPLY

Please enter your comment!
Please enter your name here