ਪਿੰਡ ਭੋਜੋਵਾਲ ਦੇ ਰਹਿਣ ਵਾਲੇ ਨੌਜਵਾਨ ਨੇ ਹੋਟਲ ‘ਚ ਕੀਤੀ ਖੁਦਕੁਸ਼ੀ

ਜਲੰਧਰ (ਦ ਸਟੈਲਰ ਨਿਊਜ਼)। ਰਿਪੋਰਟ: ਅਭਿਸ਼ੇਕ ਕੁਮਾਰ। ਪਤਾਰਾ ਥਾਣਾ ਅਧੀਨ ਪੈਂਦੇ ਪਿੰਡ ਭੋਜੋਵਾਲ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਇਕ ਹੋਟਲ ਵਿਚ ਪੱਖੇ ਨਾਲ ਫਾਹ ਲਾ ਕੇ ਖ਼ੁਦਕੁਸ਼ੀ ਕਰ ਲਈ। ਉਸ ਨੇ ਆਪਣੇ ਹੀ ਪਿੰਡ ਦੀ ਲੜਕੀ ਨਾਲ ਭੱਜ ਕੇ ਪ੍ਰੇਮ ਵਿਆਹ ਕਰਵਾ ਲਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ 28 ਸਾਲਾ ਸੰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਵਜੋਂ ਹੋਈ ਹੈ। ਮ੍ਰਿਤਕ ਡੀਜ਼ਲ ਮਕੈਨਿਕ ਸੀ ਅਤੇ ਵਰਕਸ਼ਾਪ ’ਚ ਕੰਮ ਕਰਦਾ ਸੀ।ਥਾਣਾ ਰਾਮਾ ਮੰਡੀ ਦੇ ਇੰਚਾਰਜ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਮ੍ਰਿਤਕ ਸੰਦੀਪ ਦੇ ਪਿਤਾ ਗੁਰਦੀਪ ਸਿੰਘ ਦੇ ਬਿਆਨਾਂ ’ਤੇ ਥਾਣਾ ਰਾਮਾ ਮੰਡੀ ’ਚ ਸੰਦੀਪ ਨਾਲ ਵਿਆਹ ਕਰਵਾਉਣ ਵਾਲੀ ਲੜਕੀ ਹਰਪ੍ਰੀਤ ਦੇ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 306 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਹੈ। ਸਵੇਰੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸੰਦੀਪ 30 ਦਸੰਬਰ ਨੂੰ ਪਿੰਡ ਦੀ ਲੜਕੀ ਨਾਲ ਭੱਜ ਗਿਆ ਸੀ। ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਿੰਡ ਵਿਚੋਂ ਭੱਜ ਕੇ ਦੋਵੇਂ ਹੁਸ਼ਿਆਰਪੁਰ ਵਾਲੇ ਪਾਸੇ ਚਲੇ ਗਏ ਸਨ। ਦੋਵਾਂ ਨੇ ‘ਲਵ ਮੈਰਿਜ’ ਕਰਵਾਉਣ ਤੋਂ ਬਾਅਦ ਮਾਣਯੋਗ ਅਦਾਲਤ ’ਚ ਵੀ ਇਸ ਦੀ ਪੂਰੀ ਜਾਣਕਾਰੀ ਦਿੱਤੀ ਸੀ।

Advertisements

ਸਬੰਧਤ ਥਾਣਾ ਪਤਾਰਾ ਵੱਲੋਂ ਅਦਾਲਤ ਨੂੰ ਸੂਚਿਤ ਕੀਤਾ ਗਿਆ ਹੈ ਕਿ ਦੋਵੇਂ ਬਾਲਗ ਹਨ ਅਤੇ ਉਨ੍ਹਾਂ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਕੋਈ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾ ਸਕੇ। ਐੱਸ.ਐੱਚ.ਓ. ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਇਕ ਦਿਨ ਪਹਿਲਾਂ ਸੰਦੀਪ ਅਤੇ ਹਰਪ੍ਰੀਤ ਲੱਧੇਵਾਲੀ ਯੂਨੀਵਰਸਿਟੀ ਰੋਡ ’ਤੇ ਜੈਜ਼ ਨਾਂ ਦੇ ਹੋਟਲ ’ਚ ਆਏ ਸਨ। ਮਹਿਲਾ ਪੁਲਸ ਦੀ ਮਦਦ ਨਾਲ ਪੁਲਸ ਹਿਰਾਸਤ ’ਚ ਲਈ ਗਈ ਹਰਪ੍ਰੀਤ ਨੇ ਦੱਸਿਆ ਕਿ ਦੋਵਾਂ ’ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ, ਜਿਸ ਤੋਂ ਬਾਅਦ ਉਹ ਵਾਸ਼ਰੂਮ ’ਚ ਚਲੀ ਗਈ। ਕੁਝ ਸਮੇਂ ਬਾਅਦ ਜਦੋਂ ਉਹ ਬਾਹਰ ਆਈ ਤਾਂ ਸੰਦੀਪ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਉਸ ਨੇ ਆਪਣੇ ਸਿਰ ਦੇ ਪਟਕੇ ਨਾਲ ਫਾਹ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਹਰਪ੍ਰੀਤ ਨੇ ਦੱਸਿਆ ਕਿ ਉਹ ਸੰਦੀਪ ਨੂੰ ਆਟੋ ਰਾਹੀਂ ਜੌਹਲ ਹਸਪਤਾਲ ਰਾਮਾ ਮੰਡੀ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਜਾਂਚ ਕਰਨ ’ਤੇ ਦੱਸਿਆ ਕਿ ਉਸ ਦੀ ਮੌਤ ਹੋ ਚੁੱਕੀ ਹੈ। 

LEAVE A REPLY

Please enter your comment!
Please enter your name here