ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਕੋਵਿਡ ਪ੍ਰੋਟੋਕਾਲ ਅਨੁਸਾਰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਗੇਤੇ ਪ੍ਰਬੰਧਾਂ ਲਈ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਰਿਆਤ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 26 ਜਨਵਰੀ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਊਣਤਾਈ ਸਹਿਣਯੋਗ ਨਹੀਂ ਹੋਵੇਗੀ।  

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਘਰ ਜਾ ਕੇ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਇਹ ਸਨਮਾਨ ਗਣਤੰਤਰ ਦਿਵਸ ਤੋਂ ਇਕ ਦਿਨ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਹੱਤਵਪੂਰਨ ਦਿਹਾੜੇ ’ਤੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ, ਜਿਸ ਲਈ ਵਿਭਾਗਾਂ ਦੇ ਮੁਖੀ ਆਪਣੇ ਅਧੀਨ ਵਧੀਆ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਲਿਸਟਾਂ ਸਮੇਂ ਸਿਰ ਸਬੰਧਤ ਦਫ਼ਤਰ ਪਹੁੰਚਾਉਣ। ਉਨ੍ਹਾਂ ਗਣਤੰਤਰ ਦਿਵਸ ’ਤੇ ਜਿਥੇ ਜ਼ਿਲ੍ਹਾ ਪੁਲਿਸ ਨੂੰ ਸੁਰੱਖਿਆ ਪ੍ਰਬੰਧਾਂ ਸਬੰਧੀ ਉਚਿਤ ਬੰਦੋਬਸਤ ਕਰਨ ਲਈ ਕਿਹਾ, ਉਥੇ ਪਾਰਕਿੰਗ ਦੇ ਪੁਖਤਾ ਪ੍ਰਬੰਧ ਕਰਨ ਦੀ ਵੀ ਹਦਾਇਤ ਕੀਤੀ।

ਅਪਨੀਤ ਰਿਆਤ ਨੇ ਕਿਹਾ ਕਿ ਗਣਤੰਤਰ ਦਿਵਸ ’ਤੇ ਡਿਊਟੀ ਨਿਭਾਉਣ ਵਾਲੇ ਸਟਾਫ਼ ਦਾ ਕੋਵਿਡ ਟੀਕਾਕਰਨ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਮਾਗਮ ਵਾਲੇ ਸਥਾਨ ’ਤੇ ਸਾਫ-ਸਫਾਈ, ਪੀਣ ਵਾਲੇ ਪਾਣੀ, ਆਰਜ਼ੀ ਟੁਆਇਲਟ ਆਦਿ ਦੇ ਪ੍ਰਬੰਧਾਂ ਤੋਂ ਇਲਾਵਾ ਸਿਹਤ ਵਿਭਾਗ ਵਲੋਂ ਮੈਡੀਕਲ ਟੀਮ ਤਾਇਨਾਤ ਕਰਨ ਦਾ ਪ੍ਰਬੰਧ ਵੀ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਸਮਾਗਮ ਦੌਰਾਨ ਕੀਤੇ ਜਾਣ ਵਾਲੇ ਮਾਰਚ ਪਾਸਟ ਲਈ ਪੁਲਿਸ ਟੁਕੜੀਆਂ  ਦਾ ਉਚੇਚਾ ਅਭਿਆਸ ਕਰਵਾਉਣ ਲਈ ਵੀ ਆਖਿਆ।

ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ੍ਰੀ ਸੰਦੀਪ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਐਸ.ਪੀ. ਅਸ਼ਵਨੀ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ, ਸਕੱਤਰ ਰਿਜਨਲ ਟਰਾਂਸਪੋਰਟ ਅਥਾਰਟੀ ਸੁਖਵਿੰਦਰ ਸਿੰਘ ਬਰਾੜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਰਬਜੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

LEAVE A REPLY

Please enter your comment!
Please enter your name here