ਸਿਆਸੀ ਪ੍ਰਚਾਰ ਸਮੱਗਰੀ ਅਤੇ ਇਸ਼ਤਿਹਾਰਾਂ ‘ਤੇ ਐਮ.ਸੀ.ਐਮ.ਸੀ. ਦੀ 24 ਘੰਟੇ ਨਜ਼ਰ : ਏ.ਡੀ.ਸੀ. ਜਸਪ੍ਰੀਤ ਸਿੰਘ

ਜਲੰਧਰ (ਦ ਸਟੈਲਰ ਨਿਊਜ਼): ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੇਅਰਮੈਨ ਮੀਡੀਆ ਸਰਟੀਫਿਕੇਸ਼ਨ ਤੇ ਮੋਨੀਟਰਿੰਗ ਕਮੇਟੀ ਜਸਪ੍ਰੀਤ ਸਿੰਘ ਨੇ ਅੱਜ ਐਮ.ਸੀ.ਐਮ.ਸੀ. ਦਾ ਦੌਰਾ ਕਰਕੇ ਸਿਆਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਆਪਣੀ ਸਿਆਸੀ ਪ੍ਰਚਾਰ ਸਮੱਗਰੀ ਕਮੇਟੀ ਤੋਂ ਅਗਾਊਂ ਪ੍ਰਵਾਨ ਕਰਵਾਉਣ ਦੀ ਅਪੀਲ ਕੀਤੀ।
 ਤਿੰਨ ਸ਼ਿਫਟਾਂ 'ਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 14-ਏ ਵਿਖੇ 24X7 ਕੰਮ ਕਰ ਰਹੀ ਐਮ.ਸੀ.ਐਮ.ਸੀ. ਵਿੱਚ ਤਾਇਨਾਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਏ.ਡੀ.ਸੀ. ਜਸਪ੍ਰੀਤ ਸਿੰਘ ਨੇ ਕਮੇਟੀ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਵੀ ਕੀਤੀ। ਉਨ੍ਹਾਂ ਨੇ ਸਿਆਸੀ ਪਾਰਟੀਆਂ ਨੂੰ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਹ ਆਪਣੇ ਹਰ ਤਰ੍ਹਾਂ ਦੇ ਇਸ਼ਤਿਹਾਰ ਜਾਂ ਪ੍ਰਚਾਰ ਸਮੱਗਰੀ ਨੂੰ ਪਹਿਲਾਂ ਐਮ.ਸੀ.ਐਮ.ਸੀ. ਤੋਂ ਪ੍ਰਵਾਨ ਜ਼ਰੂਰ ਕਰਵਾਉਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਭੜਕਾਊ ਜਾਂ ਲੋਕ ਵਿਰੋਧੀ ਭਾਸ਼ਾ ਜਾਂ ਕੰਟੈਂਟ ਨਾ ਛਾਪਿਆ ਜਾ ਸਕੇ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਸਪ੍ਰੀਤ ਸਿੰਘ ਨੇ ਕਿਹਾ ਕਿ ਐਮ.ਸੀ.ਐਮ.ਸੀ. ਵਿੱਚ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਸੂਚਨਾ ਤੇ ਪ੍ਰਸਾਰ ਮੰਤਰਾਲੇ ਦਾ ਨੁਮਾਇੰਦਾ ਆਦਿ ਸ਼ਾਮਲ ਹਨ ਤਾਂ ਕਿ ਪੇਡ ਨਿਊਜ਼ ਅਤੇ ਹੋਰਨਾਂ ਖ਼ਬਰਾਂ ਤੇ ਗੈਰ ਪ੍ਰਵਾਨਿਤ ਇਸ਼ਤਿਹਾਰਾਂ 'ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੋਸ਼ਲ ਮੀਡੀਆ ਟੀਮਾਂ ਵੱਲੋਂ ਸਿਆਸੀ ਪਾਰਟੀਆਂ ਦੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਨਿਗ੍ਹਾ ਰੱਖੀ ਜਾ ਰਹੀ ਹੈ ਅਤੇ 25 ਜਨਵਰੀ ਤੋਂ ਨਾਮਜ਼ਦਗੀਆਂ ਸ਼ੁਰੂ ਹੋਣ ਨਾਲ ਉਮੀਦਵਾਰਾਂ ਵੱਲੋਂ ਦਿੱਤੇ ਜਾਣ ਵਾਲੇ ਸੋਸ਼ਲ ਮੀਡੀਆ ਅਕਾਊਂਟਸ ਦੀ ਵੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਜ਼ਰਸਾਨੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜੇਕਰ ਐਮ.ਸੀ.ਐਮ.ਸੀ. ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਇਲੈਕਟ੍ਰਾਨਿਕ, ਪ੍ਰਿੰਟ ਜਾਂ ਸੋਸ਼ਲ ਮੀਡੀਆ 'ਤੇ ਉਲੰਘਣਾਂ ਸਾਹਮਣੇ ਆਉਂਦੀ ਹੈ ਤਾਂ ਉਸ 'ਤੇ ਤੁਰੰਤ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਨੋਟਿਸ ਜਾਰੀ ਕਰਨ ਲਈ ਕਿਹਾ ਜਾਂਦਾ ਹੈ, ਜਿਸ 'ਤੇ ਅਗਲੇਰੀ ਕਾਰਵਾਈ ਆਰੰਭੀ ਜਾਂਦੀ ਹੈ। ਉਨ੍ਹਾਂ ਨੇ ਸਿਆਸੀ ਨੁਮਾਇੰਦਿਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੀ ਪ੍ਰਚਾਰ ਸਮੱਗਰੀ ਅਤੇ ਇਸ਼ਤਿਹਾਰ ਕਮੇਟੀ ਤੋਂ ਪ੍ਰਵਾਨ ਕਰਵਾਏ ਬਿਨਾਂ ਜਾਰੀ ਨਾ ਕਰਨ।

LEAVE A REPLY

Please enter your comment!
Please enter your name here