ਪੋਲਿੰਗ ਸਟਾਫ਼ ਦੀ ਜਨਰਲ ਅਬਜ਼ਰਵਰਾਂ ਦੀ ਹਾਜ਼ਰੀ ਵਿੱਚ ਹੋਈ ਦੂਜੀ ਰੈਂਡਮਾਈਜੇਸ਼ਨ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਜਨਰਲ ਆਬਜ਼ਰਵਰਾਂ ਦੀ ਹਾਜ਼ਰੀ ‘ਚ ਐਨ.ਆਈ.ਸੀ. ਦਫ਼ਤਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਪੋਲਿੰਗ ਸਟਾਫ਼ ਦੀ ਦੂਜੀ ਰੈਂਡਮਾਈਜ਼ੇਸ਼ਨ ਹੋਈ । ਰੈਂਡਮਾਈਜੇਸ਼ਨ ਦੌਰਾਨ ਭਾਰਤੀ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਆਈ.ਏ.ਐਸ.ਸ੍ਰੀ ਨਵੀਨ ਕੁਮਾਰ, ਆਈ.ਏ.ਐਸ ਸ਼੍ਰੀ ਅਮਰਨਾਥ ਆਰ.ਤਲਵੜੇ, ਆਈ.ਏ.ਐਸ ਸ਼੍ਰੀ ਪ੍ਰਕਾਸ਼ ਬਿੰਦੂ ਅਤੇ ਆਈ.ਏ.ਐਸ ਡਾ. ਅਰਵਿੰਦ ਕੁਮਾਰ ਚੌਰਸੀਆ ਤੋਂ ਇਲਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਸਿੰਘ ਵੀ ਹਾਜ਼ਰ ਸਨ।

Advertisements

ਪੋਲਿੰਗ ਸਟਾਫ਼ ਦੀ ਰੈਂਡਮਾਈਜ਼ੇਸ਼ਨ ਨੂੰ ਅੰਤਿਮ ਰੂਪ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟਾਫ਼ ਦੇ ਡਿਊਟੀ ਆਰਡਰ 02 ਫਰਵਰੀ ਨੂੰ ਸੌਂਪ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੋਲਿੰਗ ਸਟਾਫ਼ ਦੀ ਦੂਸਰੀ ਰਿਹਰਸਲ 10 ਫਰਵਰੀ ਨੂੰ ਉਨ੍ਹਾਂ ਦੇ ਆਰਡਰਾਂ ਵਿੱਚ ਦਿੱਤੀ ਥਾਂ ’ਤੇ ਹੋਵੇਗੀ। ਉਨ੍ਹਾਂ ਨਿਯੁਕਤ ਕੀਤੇ ਗਏ ਪੋਲਿੰਗ ਸਟਾਫ਼ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੋਲਿੰਗ ਸਟਾਫ ਨੂੰ ਇਸ ਗੱਲ ‘ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਣਾਲੀ ਦਾ ਹਿੱਸਾ ਬਣ ਰਹੇ ਹਨ।

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1563 ਪੋਲਿੰਗ ਬੂਥਾਂ ਲਈ 1563 ਪਾਰਟੀਆਂ ਬਣਾਈਆਂ ਗਈਆਂ ਹਨ, ਇਸ ਤੋਂ ਇਲਾਵਾ 23 ਫ਼ੀਸਦੀ ਰਿਜ਼ਰਵ ਸਟਾਫ਼ ਵੀ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੱਤ ਵਿਧਾਨ ਸਭਾ ਹਲਕਿਆਂ ਦੇ ਹਿਸਾਬ ਨਾਲ 7744 ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਗਈ ਹੈ ਅਤੇ ਲੋੜ ਪੈਣ ‘ਤੇ ਉਪਰੋਕਤ ਸਟਾਫ਼ ਤੋਂ ਇਲਾਵਾ ਰਿਜ਼ਰਵ ਸਟਾਫ਼ ਅਤੇ ਹੋਰ ਕਰਮਚਾਰੀ ਵੀ ਨਿਯੁਕਤ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਉਪਰੋਕਤ ਸਟਾਫ਼ ਵਿੱਚ 3720 ਪੁਰਸ਼ ਅਤੇ 4024 ਮਹਿਲਾਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ 1936 ਪ੍ਰੀਜ਼ਾਈਡਿੰਗ ਅਫ਼ਸਰ, 1936 ਸਹਾਇਕ ਪ੍ਰੀਜ਼ਾਈਡਿੰਗ ਅਫ਼ਸਰ ਅਤੇ 3872 ਪੋਲਿੰਗ ਅਫ਼ਸਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਉਕਤ ਪੋਲਿੰਗ ਸਟਾਫ਼ ਵੋਟਿੰਗ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਵਿੱਚ ਅਹਿਮ ਭੂਮਿਕਾ ਨਿਭਾਏਗਾ।

ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ 02 ਫਰਵਰੀ ਨੂੰ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਮਿਤੀ 04 ਫਰਵਰੀ, 2022 ਹੈ। ਉਨ੍ਹਾਂ ਦੱਸਿਆ ਕਿ ਵੋਟਾਂ 20 ਫਰਵਰੀ 2022 ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਧਾਨ ਸਭਾ ਚੋਣਾਂ ਨੂੰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਐਮ.ਸੀ.ਐਮ.ਸੀ. ਕਮੇਟੀ ਬਣਾ ਕੇ ਪੇਡ ਨਿਊਜ਼ ‘ਤੇ ਨਜ਼ਰ ਰੱਖੀ ਜਾ ਰਹੀ ਹੈ,ਉਥੇ ਹੀ ਜ਼ਿਲ੍ਹਾ ਪੱਧਰ ‘ਤੇ ਬਣਾਏ ਗਏ ਸ਼ਿਕਾਇਤ ਸੈੱਲ ਅਤੇ ਸੀ-ਵਿਜੀਲ ਐਪ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ ਪ੍ਰਾਪਤ ਸ਼ਿਕਾਇਤਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਜ਼ਾਬਤੇ ਦੀ ਉਲੰਘਣਾ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਡੀ.ਆਈ.ਓ. ਸ਼੍ਰੀ ਪ੍ਰਦੀਪ ਸਿੰਘ, ਏ.ਡੀ.ਆਈ.ਓ. ਰੁਪਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ। 

LEAVE A REPLY

Please enter your comment!
Please enter your name here