ਜ਼ਿਲੇ ‘ਚ ਕੋਵਿਡ ਨਾਲ ਸਬੰਧਤ ਟੀਕਾਕਰਨ ਦੀ ਗਿਣਤੀ 20 ਲੱਖ ਤੋਂ ਪਾਰ : ਅਪਨੀਤ ਰਿਆਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਬਚਾਉਣ ਵਿੱਚ ਜ਼ਿਲ੍ਹੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਅਹਿਮ ਰੋਲ ਹੈ, ਜਿਨ੍ਹਾਂ ਨੇ ਦਿਨ ਰਾਤ ਮਿਹਨਤ ਕਰਕੇ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਉਤਸ਼ਾਹ ਅਤੇ ਸਿਹਤ ਵਿਭਾਗ ਵੱਲੋਂ ਕੀਤੀ ਜਾ ਰਹੀ ਅਣਥੱਕ ਮਿਹਨਤ ਦੇ ਨਤੀਜੇ ਵਜੋਂ ਜ਼ਿਲ੍ਹੇ ਵਿੱਚ ਕੋਵਿਡ ਨਾਲ ਸਬੰਧਤ ਟੀਕਾਕਰਨ ਦੀ ਗਿਣਤੀ 20 ਲੱਖ ਨੂੰ ਪਾਰ ਕਰ ਗਈ ਹੈ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੜਾਕੇ ਦੀ ਠੰਡ ਦੇ ਬਾਵਜੂਦ ਇਸ ਸਮੇਂ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਦੇ ਕਰਮਚਾਰੀ ਕੋਵਿਡ-19 ਸਬੰਧੀ ਆਪਣੀ ਡਿਊਟੀ ਨਿਭਾ ਰਹੇ ਹਨ। ਇਸ ਸਮੇਂ ਜ਼ਿਲ੍ਹੇ ਵਿੱਚ 100 ਦੇ ਕਰੀਬ ਥਾਵਾਂ ‘ਤੇ ਕੋਵਿਡ-19 ਟੀਕਾਕਰਨ ਤੋਂ ਇਲਾਵਾ ਮੋਬਾਈਲ ਟੀਮਾਂ ਵੱਲੋਂ ਘਰ-ਘਰ ਜਾ ਕੇ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਘਰ-ਘਰ ਟੀਕਾਕਰਨ ਟੀਮਾਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਦੋ ਸ਼ਿਫਟਾਂ ਵਿੱਚ ਕੰਮ ਕਰਕੇ ਲੋਕਾਂ ਨੂੰ ਕੋਵਿਡ ਤੋਂ ਬਚਾਉਣ ਲਈ ਲਗਾਤਾਰ ਟੀਕਾਕਰਨ ਦੇ ਕੰਮ ਵਿੱਚ ਲੱਗੀਆਂ ਹੋਈਆਂ ਹਨ ਅਤੇ ਇਨ੍ਹਾਂ ਟੀਮਾਂ ਵੱਲੋਂ 1735 ਖੁਰਾਕਾਂ ਦਿੱਤੀਆਂ ਗਈਆਂ ਹਨ।

 ਉਨ੍ਹਾਂ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 18 ਸਾਲ ਤੋਂ ਵੱਧ ਉਮਰ ਦੇ 1300358 ਵਿਅਕਤੀ ਹਨ, ਜਿਨ੍ਹਾਂ ਵਿੱਚੋਂ 1120174 ਨੇ ਪਹਿਲੀ ਖੁਰਾਕ ਅਤੇ 908777 ਨੂੰ ਦੋਵੇਂ ਖੁਰਾਕਾਂ ਮਿਲ ਚੁੱਕੀਆਂ ਹਨ। ਇਨ੍ਹਾਂ ਅੰਕੜਿਆਂ ਅਨੁਸਾਰ 86.14 ਫੀਸਦੀ ਲੋਕਾਂ ਨੇ ਪਹਿਲੀ ਖੁਰਾਕ ਲਈ ਹੈ ਅਤੇ 70 ਫੀਸਦੀ ਲੋਕਾਂ ਨੇ ਦੋਵੇਂ ਖੁਰਾਕਾਂ ਲਈਆਂ ਹਨ। ਇਸ ਤੋਂ ਇਲਾਵਾ 15 ਤੋਂ 17 ਸਾਲ ਦੀ ਉਮਰ ਦੇ ਕੁੱਲ 75047 ਬੱਚਿਆਂ ਵਿੱਚੋਂ 36260 ਬੱਚਿਆਂ ਨੂੰ ਕੋਵਿਡ ਦੀ ਰੋਕਥਾਮ ਦੀ ਪਹਿਲੀ ਖੁਰਾਕ ਦਿੱਤੀ ਗਈ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 29 ਜਨਵਰੀ ਤੋਂ 31 ਜਨਵਰੀ ਤੱਕ (ਤਿੰਨ ਦਿਨਾਂ ਵਿੱਚ) ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਯੋਗ ਲਾਭਪਾਤਰੀਆਂ ਨੂੰ ਕੇਵਲ 60414 ਖੁਰਾਕਾਂ ਹੀ ਦਿਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 90 ਪਿੰਡਾਂ ਵਿੱਚ 100 ਫੀਸਦੀ ਯੋਗ ਲਾਭਪਾਤਰੀਆਂ ਦਾ ਮੁਕੰਮਲ ਟੀਕਾਕਰਨ (ਦੋਵੇਂ ਖੁਰਾਕਾਂ) ਕੀਤਾ ਜਾ ਚੁੱਕਾ ਹੈ, ਇਸ ਤੋਂ ਇਲਾਵਾ 396 ਪਿੰਡਾਂ ਵਿੱਚ ਸਾਰੇ ਯੋਗ ਲਾਭਪਾਤਰੀਆਂ ਨੂੰ 100 ਫੀਸਦੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ।ਟੀਕਾਕਰਨ ਮੁਹਿੰਮ ਦੀ ਇਸ ਸਫ਼ਲਤਾ ਲਈ ਸਿਹਤ ਵਿਭਾਗ ਦੀਆਂ ਟੀਮਾਂ ਦੀ ਜਿੰਨੀ ਵੀ ਤਾਰੀਫ਼ ਕੀਤੀ ਜਾਵੇ ਘੱਟ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਬਿਨਾਂ ਅਣਥੱਕ ਕੋਵਿਡ ਟੈਸਟਿੰਗ ਅਤੇ ਟੀਕਾਕਰਨ ਲਗਾਤਾਰ ਕਰ ਰਹੀਆਂ ਹਨ, ਜਿਸ ਦੇ ਸਾਕਾਰਾਤਮਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਲੋਕ ਕੋਵਿਡ ਨਾਲ ਸਬੰਧਤ ਟੀਕਾਕਰਨ ਪ੍ਰਤੀ ਕਾਫੀ ਜਾਗਰੂਕ ਹੋ ਚੁੱਕੇ ਹਨ। ਲੋਕਾਂ ਨੂੰ ਜਲਦੀ ਤੋਂ ਜਲਦੀ ਟੀਕਾਕਰਨ ਕਰਵਾਉਣ ਲਈ ਆਖਦਿਆਂ, ਉਨ੍ਹਾਂ ਨੇ ਲੋਕਾਂ ਨੂੰ ਕੋਵਿਡ ਨਾਲ ਸਬੰਧਤ ਹਦਾਇਤਾਂ ਜਿਵੇਂ ਕਿ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਵੀ ਅਪੀਲ ਕੀਤੀ।

LEAVE A REPLY

Please enter your comment!
Please enter your name here