ਡਿਪਟੀ ਕਮਿਸ਼ਨਰ ਨੇ ਚੋਣਾਂ ਲਈ ਈ.ਵੀ.ਐਮਜ਼ ਤੇ ਵੀ.ਵੀ.ਪੈਟ ਦੀ ਤਿਆਰੀ ਦੇ ਕੰਮ ਦਾ ਲਿਆ ਜਾਇਜ਼ਾ

ਜਲੰਧਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਅੱਜ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ 20 ਫਰਵਰੀ ਨੂੰ ਮਤਦਾਨ ਵਾਲੇ ਦਿਨ ਵਰਤੀਆਂ ਜਾਣ ਵਾਲੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੋਟਰ ਵੈਰੀਫਾਈਡ ਪੇਪਰ ਆਡਿਟ ਟਰੇਲ (ਵੀ.ਵੀ.ਪੈਟ) ਮਸ਼ੀਨਾਂ ਦੀ ਤਿਆਰੀ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

Advertisements

ਰਾਇਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਫਿਲੌਰ ਵਿਧਾਨ ਸਭਾ ਹਲਕੇ ਲਈ ਈ.ਵੀ.ਐਮਜ਼ ਅਤੇ ਵੀ.ਵੀ.ਪੈਟਸ ਦੀ ਤਿਆਰੀ ਦੇ ਕੰਮ ਦਾ ਜਾਇਜ਼ਾ ਲੈਣ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ 9 ਵਿਧਾਨ ਸਭਾ ਹਲਕਿਆਂ ਲਈ ਕ੍ਰਮਵਾਰ 2374 ਬੈਲਟ ਯੂਨਿਟਾਂ, 2374 ਕੰਟਰੋਲ ਯੂਨਿਟਾਂ ਅਤੇ 2571 ਵੀ.ਵੀ.ਪੈਟ ਯੂਨਿਟਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਵੋਟਿੰਗ ਮਸ਼ੀਨਾਂ ਦੀ ਤਿਆਰੀ ਦਾ ਮੁੱਖ ਉਦੇਸ਼ ਵਿਧਾਨ ਸਭਾ ਚੋਣਾਂ ਲਈ ਪੋਲਿੰਗ ਨੂੰ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਨੂੰ ਯਕੀਨੀ ਬਣਾਉਣਾ ਹੈ। ਨਿਰਪੱਖ ਅਤੇ ਪਾਰਦਰਸ਼ੀ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਹਰੇਕ ਹਲਕੇ ਲਈ ਅਲਾਟ ਕੁੱਲ ਈ.ਵੀ.ਐਮਜ਼ ਅਤੇ ਵੀ.ਵੀ.ਪੈਟਸ ਵਿੱਚੋਂ ਰੈਂਡਮ ਢੰਗ ਨਾਲ ਚੁਣੀਆਂ 5 ਫੀਸਦੀ ਮਸ਼ੀਨਾਂ ‘ਤੇ ਘੱਟ ਤੋਂ ਘੱਟ 1000 ਮੋਕ ਪੋਲ ਕਰਵਾਈ ਜਾਵੇ ਅਤੇ ਇਸ ਸਮੁੱਚੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਯਕੀਨੀ ਬਣਾਈ ਜਾਵੇ ਤਾਂ ਜੋ ਨਿਰਪੱਖ ਅਤੇ ਪਾਰਦਰਸ਼ੀ ਚੋਣ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਸਮੁੱਚੀ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਫਰਵਰੀ ਨੂੰ ਬੂਥਵਾਰ ਵੰਡ ਲਈ ਈ.ਵੀ.ਐਮਜ਼ ਅਤੇ ਵੀ.ਵੀ.ਪੈਟਸ ਦੀ ਦੂਜੀ ਰੈਂਡੇਮਾਈਜ਼ੇਸ਼ਨ ਕੀਤੀ ਗਈ ਸੀ, ਜਿਸ ਉਪਰੰਤ ਅੱਜ ਸਮੂਹ ਹਲਕਿਆਂ ਲਈ ਅਲਾਟ ਵੋਟਿੰਗ ਮਸ਼ੀਨਾਂ ਦੀ ਤਿਆਰੀ ਦੀ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਇਸ ਮੌਕੇ ਸੈਕਟਰ ਅਫ਼ਸਰਾਂ ਨੂੰ ਈ.ਵੀ.ਐਮਜ਼ ਅਤੇ ਵੀ.ਵੀ.ਪੈਟਸ ਦੀ ਤਿਆਰੀ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਰਕਾਰੀ ਕਾਲਜ ਲਾਡੋਵਾਲੀ ਰੋਡ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਨੇੜੇ ਅਲਾਸਕਾ ਚੌਕ, ਖਾਲਸਾ ਕਾਲਜ ਫਾਰ ਵੂਮੈਨ ਕੈਂਟ ਰੋਡ ਦੌਰਾ ਕਰਕੇ ਉਥੇ ਕ੍ਰਮਵਾਰ ਹਲਕਾ ਜਲੰਧਰ ਕੈਂਟ, ਜਲੰਧਰ ਉੱਤਰੀ ਅਤੇ ਹਲਕਾ ਕਰਤਾਰਪੁਰ ਲਈ ਅਲਾਟ ਕੀਤੀਆਂ ਗਈਆਂ ਈ.ਵੀ.ਐਮਜ਼ ਅਤੇ ਵੀ.ਵੀ.ਪੈਟ ਮਸ਼ੀਨਾਂ ਦੀ ਤਿਆਰੀ ਦਾ ਵੀ ਜਾਇਜ਼ਾ ਲਿਆ ਗਿਆ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਹਰਪ੍ਰੀਤ ਸਿੰਘ ਅਟਵਾਲ ਅਤੇ ਬਲਬੀਰ ਰਾਜ ਸਿੰਘ, ਸੈਕਟਰੀ ਰੀਜਨਲ ਟਰਾਂਸਪੋਰਟ ਅਥਾਰਟੀ ਰਾਜੀਵ ਵਰਮਾ, ਡਾ. ਰਜਤ ਓਬਰਾਏ, ਤਹਿਸੀਲਦਾਰ ਕਰਨਦੀਪ ਸਿੰਘ ਭੁੱਲਰ, ਨਾਇਬ ਤਹਿਸੀਲਦਾਰ-1 ਰਵਿੰਦਰ ਚੀਮਾ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਆਦਿ ਮੌਜੂਦ ਸਨ।

LEAVE A REPLY

Please enter your comment!
Please enter your name here