ਨਿਰਪੱਖ ਤੇ ਸ਼ਾਂਤੀਮਈ ਢੰਗ ਨਾਲ ਚੋਣਾਂ ਕਰਵਾਉਣ ਲਈ ਪੈਰਾ ਮਿਲਟਰੀ ਫੋਰਸਿਜ਼ ਦੀਆਂ 54 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ : ਡਿਪਟੀ ਕਮਿਸ਼ਨਰ

ਜਲੰਧਰ (ਦ ਸਟੈਲਰ ਨਿਊਜ਼) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਵਕ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਕੇਂਦਰੀ ਪੈਰਾ ਮਿਲਟਰੀ ਫੋਰਸਿਜ਼ ਦੀਆਂ 54 ਕੰਪਨੀਆਂ ਤਾਇਨਾਤ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸਮੁੱਚੇ 9 ਵਿਧਾਨ ਸਭਾ ਹਲਕਿਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀ.ਏ.ਪੀ.ਐਫ.) ਦੀਆਂ ਕੁੱਲ 54 ਕੰਪਨੀਆਂ ਨੂੰ ਤਾਇਨਾਤ ਕਰਨ ਲਈ  ਵਿਸਥਾਰਤ ਪੁਲਿਸ ਅਤੇ ਸੁਰੱਖਿਆ ਪ੍ਰਬੰਧ ਤਿਆਰ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 19 ਕੰਪਨੀਆਂ ਸ਼ਹਿਰੀ ਖੇਤਰਾਂ ਵਿੱਚ ਅਤੇ 35 ਕੰਪਨੀਆਂ ਦਿਹਾਤੀ ਖੇਤਰਾਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ।

Advertisements

 ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਇਲਾਵਾ 20 ਫਰਵਰੀ 2022 ਨੂੰ ਕੇਂਦਰੀ ਬਲਾਂ ਦੇ ਨਾਲ ਪੰਜਾਬ ਪੁਲਿਸ ਦੇ ਜਵਾਨ ਤੇ ਪੰਜਾਬ ਹੋਮ ਗਾਰਡਜ਼ ਵੀ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਸ਼ਾਂਤੀਪੂਰਨ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਲੰਧਰ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕਮਿਸ਼ਨਰੇਟ ਅਤੇ ਜਲੰਧਰ ਦਿਹਾਤੀ ਪੁਲਿਸ ਦੋਵਾਂ ਦੇ ਅਧਿਕਾਰ ਖੇਤਰ ਵਿੱਚ ਕੁੱਲ 1975 ਪੋਲਿੰਗ ਬੂਥ ਆਉਂਦੇ ਹਨ ਅਤੇ ਨਾਜ਼ੁਕ ਤੇ ਸੰਵੇਦਨਸ਼ੀਲ ਬੂਥਾਂ ਲਈ ਵਿਸ਼ੇਸ਼ ਤਾਇਨਾਤੀ ਯੋਜਨਾ ਤਿਆਰ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ‘ਤੇ ਸੀ.ਏ.ਪੀ.ਐਫ. ਅਤੇ ਪੰਜਾਬ ਪੁਲਿਸ ਦੇ ਜਵਾਨਾਂ ਦੀ ਸਾਂਝੀ ਤਾਇਨਾਤੀ ਨਾਲ ਖੇਤਰ ਦੀ 24 ਘੰਟੇ ਸੁਰੱਖਿਆ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ ਅਤੇ ਇਸ ਤੋਂ ਇਲਾਵਾ ਸੀ.ਏ.ਪੀ.ਐਫ. ਦੀਆਂ ਗਸ਼ਤ ਪਾਰਟੀਆਂ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਇਲਾਕੇ ਵਿੱਚ ਗਸ਼ਤ ਕਰਨ ਲਈ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੰਭਾਵੀ ਗੜਬੜ ਕਰਨ ਵਾਲਿਆਂ ਵਿਰੁੱਧ ਪਹਿਲਾਂ ਹੀ ਰੋਕੂ ਕਾਰਵਾਈ ਕੀਤੀ ਜਾ ਚੁੱਕੀ ਹੈ। 

ਡਿਪਟੀ ਕਮਿਸ਼ਨਰ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਦਿਹਾਤੀ ਪੁਲਿਸ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ 701 ਆਮ ਅਤੇ 130 ਨਾਜ਼ੁਕ ਪੋਲਿੰਗ ਸਥਾਨ ਹਨ, ਜਿਨ੍ਹਾਂ ਵਿੱਚ 352 ਗੈਰ-ਗਜ਼ਟਿਡ ਅਫ਼ਸਰ (ਐਨ.ਜੀ.ਓ.), 481 ਹੈੱਡ ਕਾਂਸਟੇਬਲ, 387 ਪੰਜਾਬ ਹੋਮ ਗਾਰਡਜ਼ ਦੇ ਜਵਾਨ ਤਾਇਨਾਤ ਕੀਤੇ ਜਾਣਗੇ। ਇਸੇ ਤਰ੍ਹਾਂ ਸ਼ਹਿਰੀ ਥਾਵਾਂ ਦੇ ਸਾਰੇ 325 ਨਾਜ਼ੁਕ ਅਤੇ ਸਾਧਾਰਨ ਪੋਲਿੰਗ ਸਥਾਨਾਂ ਲਈ ਕੇਂਦਰੀ ਬਲਾਂ ਦੇ ਨਾਲ ਪੰਜਾਬ ਪੁਲਿਸ ਦੇ 2400 ਦੇ ਕਰੀਬ ਜਵਾਨ ਤਾਇਨਾਤ ਕੀਤੇ ਜਾਣਗੇ।

ਘਨਸ਼ਿਆਮ ਥੋਰੀ ਨੇ ਅੱਗੇ ਦੱਸਿਆ ਕਿ ਫੋਰਸ ਦੀ ਤਾਇਨਾਤੀ ਤੋਂ ਇਲਾਵਾ ਬੂਥ ਪੱਧਰ ‘ਤੇ ਸਮੁੱਚੀ ਚੋਣ ਪ੍ਰਕਿਰਿਆ ‘ਤੇ ਨਜ਼ਰ ਰੱਖਣ ਲਈ ਮਾਈਕਰੋ ਅਬਜ਼ਰਵਰ ਵੀ ਨਿਯੁਕਤ ਕੀਤੇ ਗਏ ਹਨ। ਇਸ ਦੇ ਨਾਲ ਹੀ ਇਨ੍ਹਾਂ ਥਾਵਾਂ ‘ਤੇ ਵੈਬਕਾਸਟਿੰਗ ਅਤੇ ਸੀ.ਸੀ.ਟੀ.ਵੀ. ਰਾਹੀਂ ਨਿਗਰਾਨੀ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੇ ਕਦਮਾਂ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਬਿਨਾਂ ਕਿਸੇ ਡਰ ਜਾਂ ਦਬਾਅ ਦੇ ਭਾਗ ਲੈ ਸਕਣ।

ਵਿਧਾਨ ਸਭਾ ਚੋਣਾਂ ਨੂੰ ਅਮਨ-ਅਮਾਨ ਨਾਲ ਸਿਰੇ ਚਾੜ੍ਹਨ ਦੀ ਜ਼ਿਲ੍ਹਾ ਪ੍ਰਸ਼ਾਸਨ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਕਾਨੂੰਨ ਅਨੁਸਾਰ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਦੌਰਾਨ ਕਿਸੇ ਨੂੰ ਵੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here