ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਡਾਇਰੈਕਟਰ ਡੇਅਰੀ ਹਰਵਿੰਦਰ ਸਿੰਘ ਨੇ ਦੱਸਿਆ ਕਿ 2 ਹਫਤੇ ਦਾ ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 14 ਮਾਰਚ 2022 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਦੌਰਾਨ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਦ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਨਾਲ ਸਬੰਧ ਰੱਖਦਾ ਹੋਵੇ, ਘੱਟ ਤੋਂ ਘੱਟ 5ਵੀਂ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 50 ਸਾਲ ਤੱਕ ਹੋਵੇ।
ਹਰਵਿੰਦਰ ਸਿੰਘ ਨੇ ਦੱਸਿਆ ਕਿ ਸਿਖਲਾਈ ਲੈਣ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ਼ ਫੋਟੋ ਲੈ ਕੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕਮਰਾ ਨੰਬਰ 439 ਚੌਥੀ ਮੰਜ਼ਿਲ (ਫੋਨ ਨੰ: 01882-220025) ਵਿਖੇ 11 ਮਾਰਚ 2022 ਤੱਕ ਦਫ਼ਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ। ਉਨ੍ਹਾਂ ਸਿਖਲਾਈ ਪ੍ਰਾਪਤ ਕਰਨ ਵਾਲੇ ਸਿਖਿਆਰਥੀਆਂ ਨੂੰ ਇਹ ਅਪੀਲ ਕੀਤੀ ਕਿ ਸਿਖਲਾਈ ਦੌਰਾਨ ਸਰਕਾਰ ਵਲੋਂ ਜਾਰੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।