ਆਮ ਆਦਮੀ ਪਾਰਟੀ ਦੇ 5, ਕਾਂਗਰਸ ਦੇ 1 ਅਤੇ ਬੀਜੇਪੀ ਦੇ 1 ਉਮੀਦਵਾਰ ਰਹੇ ਜੇਤੂ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਜ਼ਿਲ੍ਹੇ ਵਿਚ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋ ਗਈ ਹੈ ਅਤੇ ਅੱਜ ਵੋਟਾਂ ਦੀ ਗਿਣਤੀ ਦੌਰਾਨ ਆਮ ਆਦਮੀ ਪਾਰਟੀ ਦੇ 5, ਕਾਂਗਰਸ ਅਤੇ ਬੀ.ਜੇ.ਪੀ. ਦੇ 1-1 ਉਮੀਦਵਾਰ ਜੇਤੂ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਵਲੋਂ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਜਿਥੇ ਗਿਣਤੀ ਕੇਂਦਰਾਂ ਦੇ ਬਾਹਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਉਥੇ ਮੀਡੀਆ ਸੈਂਟਰ ਦਾ ਦੌਰਾ ਵੀ ਕੀਤਾ ਗਿਆ। ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਾਊਂਟਿੰਗ ਸਟਾਫ਼, ਸੁਰੱਖਿਆ ਅਮਲੇ ਅਤੇ ਉਮੀਦਵਾਰਾਂ ਦਾ ਧੰਨਵਾਦ ਪ੍ਰਗਟਾਉਂਦਿਆ ਕਿਹਾ ਕਿ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਰਿਆਤ-ਬਾਹਰਾ ਇੰਸਟੀਚਿਊਟ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਮਾਨਯੋਗ ਭਾਰਤ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਅਤੇ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਈ ਗਈ। ਉਨ੍ਹਾਂ ਮੀਡੀਆ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਮੁੱਚੀ ਚੋਣ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਪੋਲਿੰਗ ਸਟਾਫ਼, ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਬਣਾਈਆਂ ਵੱਖ-ਵੱਖ ਟੀਮਾਂ ਵਲੋਂ ਵੀ ਪ੍ਰਸ਼ੰਸਾਯੋਗ ਡਿਊਟੀ ਨਿਭਾਈ ਗਈ ਹੈ।  

Advertisements

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਬ੍ਰਹਮ ਸ਼ੰਕਰ ਜਿੰਪਾ, ਸ਼ਾਮਚੁਰਾਸੀ ਵਿਚ ਡਾ. ਰਵਜੋਤ ਸਿੰਘ, ਉੜਮੁੜ ਵਿਚ ਜਸਵੀਰ ਸਿੰਘ ਰਾਜਾ, ਦਸੂਹਾ ਵਿਚ ਕਰਮਵੀਰ ਸਿੰਘ ਘੁੰਮਣ ਅਤੇ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿਚ ਜੈ ਕ੍ਰਿਸ਼ਨ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਡਾ. ਰਾਜ ਕੁਮਾਰ ਅਤੇ ਮੁਕੇਰੀਆਂ ਵਿਧਾਨ ਸਭਾ ਹਲਕੇ ਵਿਚ ਬੀ.ਜੇ.ਪੀ. ਦੇ ਉਮੀਦਵਾਰ ਜੰਗੀ ਲਾਲ ਮਹਾਜਨ ਜੇਤੂ ਰਹੇ। ਅਪਨੀਤ ਰਿਆਤ ਨੇ ਚੋਣ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਚੋਣ ਅਮਲੇ ਵਲੋਂ ਮਿਹਨਤ ਅਤੇ ਪਾਰਦਰਸ਼ੀ ਤਰੀਕੇ ਨਾਲ ਨਿਭਾਈ ਜ਼ਿੰਮੇਵਾਰੀ ਸਦਕਾ ਹੀ ਚੋਣ ਪ੍ਰਕਿਰਿਆ ਸਫ਼ਲਤਾਪੂਰਵਕ ਮੁਕੰਮਲ ਹੋਈ ਹੈ। ਉਨ੍ਹਾਂ ਉਮੀਦਵਾਰਾਂ ਵਲੋਂ ਦਿੱਤੇ ਸਹਿਯੋਗ ਲਈ ਵੀ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ, ਚੱਬੇਵਾਲ, ਗੜ੍ਹਸ਼ੰਕਰ, ਉੜਮੁੜ, ਦਸੂਹਾ ਅਤੇ ਵਿਧਾਨ ਸਭਾ ਹਲਕਾ ਮੁਕੇਰੀਆਂ ਦੀ ਗਿਣਤੀ ਰਿਆਤ-ਬਾਹਰਾ ਇੰਸਟੀਚਿਊਟ ਵਿਖੇ ਕਰਵਾਈ ਗਈ। ਇਸ ਤੋਂ ਇਲਾਵਾ ਸ਼ਾਮਚੁਰਾਸੀ ਵਿਧਾਨ ਸਭਾ ਹਲਕੇ ਦੀ ਗਿਣਤੀ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਹੁਸ਼ਿਆਰਪੁਰ ਵਿਖੇ ਕਰਵਾਈ ਗਈ ਹੈ।

ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਨੇ ਡਿਊਟੀ ’ਤੇ ਤਾਇਨਾਤ ਸੁਰੱਖਿਆ ਅਮਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੋਵੇਂ ਗਿਣਤੀ ਕੇਂਦਰਾਂ ਵਿਚ 1573 ਸੀ.ਏ.ਪੀ.ਐਫ., ਸੂਬਾ ਅਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਗਏ ਸਨ, ਜਿਨ੍ਹਾਂ ਵਿਚ ਜ਼ਿਲ੍ਹਾ ਪੁਲਿਸ ਦੇ 2 ਐਸ.ਪੀ., 14 ਡੀ.ਐਸ.ਪੀ., 26 ਐਸ.ਐਚ.ਓ., 139 ਐਸ.ਆਈ. ਅਤੇ ਏ.ਐਸ.ਆਈ., 1035 ਈ.ਪੀ.ਓਜ਼ ਤਾਇਨਾਤ ਸਨ। ਇਸ ਤੋਂ ਇਲਾਵਾ ਪੀ.ਏ.ਪੀ. ਦੇ 182 ਕਰਮਚਾਰੀ ਅਤੇ ਸੀ.ਏ.ਪੀ.ਐਫ. ਦੇ 175 ਕਰਮਚਾਰੀਆਂ ਵਲੋਂ ਵੀ ਪੂਰੀ ਮਿਹਨਤ ਨਾਲ ਡਿਊਟੀ ਨਿਭਾਈ ਗਈ।

LEAVE A REPLY

Please enter your comment!
Please enter your name here