ਕਣਕ ਦੇ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵਿਭਾਗ ਪੂਰੀ ਤਰਾਂ ਤਿਆਰ: ਲਾਲ ਚੰਦ ਕਟਾਰੂਚੱਕ

ਚੰਡੀਗੜ (ਦ ਸਟੈਲਰ ਨਿਊਜ਼)। ਸੂਬੇ ਵਿੱਚ ਆਉਂਦੇ ਕਣਕ ਦੇ ਖਰੀਦ ਸੀਜਨ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਖਰੀਦ ਨਾਲ ਜੁੜੇ ਹਰ ਵਰਗ ਖਾਸ ਕਰਕੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਖਰੀਦ ਸੀਜਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਲਈ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ ਅਤੇ ਕਿਸੇ ਪੱਖੋਂ ਵੀ ਕੋਈ ਕਮੀ ਰਹਿਣ ਨਹੀਂ ਦਿੱਤੀ ਜਾਵੇਗੀ। ਇਕ ਬਿਆਨ ਵਿੱਚ ਉਹਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਖਰੀਦ ਸੀਜਨ ਦੇ ਸਨਮੁੱਖ ਬਾਰਦਾਨਾ ਪੂਰੀ ਗਿਣਤੀ ਵਿੱਚ ਉਪਲੱਬਧ ਹੈ ਅਤੇ ਢੋਆ-ਢੁਆਈ ਦੇ ਸਾਰੇ ਪ੍ਰਬੰਧ ਸਹੀ ਢੰਗ ਨਾਲ ਮੁਕੰਮਲ ਕਰਨ ਲਈ ਟੈਂਡਰ ਲਗਾਏ ਜਾ ਚੁੱਕੇ ਹਨ ਤਾਂ ਜੋ ਸਮੇਂ ਸਿਰ ਚੁਕਾਈ ਹੋ ਸਕੇ।

Advertisements

ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਸਖਤ ਕਾਨੂੰਨੀ ਕਾਰਵਾਈ
ਇਕ ਹੋਰ ਅਹਿਮ ਜਾਣਕਾਰੀ ਦਿੰਦਿਆਂ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਬਾਹਰਲੇ ਸੂਬਿਆਂ ਤੋਂ ਅਨਾਜ ਲਿਆ ਕੇ ਪੰਜਾਬ ਦੀਆਂ ਮੰਡੀਆਂ ਵਿੱਚ ਵੇਚਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਅਨਸਰਾਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਲਾਲ ਚੰਦ ਕਟਾਰੂਚੱਕ ਨੇ ਇਹ ਵੀ ਭਰੋਸਾ ਦਿੱਤਾ ਕਿ ਸਰਕਾਰ, ਜ਼ਿੰਮੀਦਾਰਾਂ ਨੂੰ ਸਿੱਧੀ ਅਦਾਇਗੀ ਸਮੇਂ ਸਿਰ ਕਰਨ ਲਈ ਵਚਨਬੱਧ ਹੈ। ਕਿਸਾਨ ਭਾਈਚਾਰੇ ਨੂੰ ਮੰਤਰੀ ਨੇ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਕਿਸੇ ਵੀ ਸਮੇਂ ਜ਼ਿਲਾ ਪੱਧਰ ਉੱਤੇ ਤਾਇਨਾਤ ਅਫ਼ਸਰਾਂ ਕੋਲ ਪਹੁੰਚ ਕੀਤੀ ਜਾ ਸਕਦੀ ਹੈ। ਦੱਸਣਯੋਗ ਹੈ ਕਿ ਮੰਤਰੀ ਵੱਲੋਂ ਵਿਸ਼ੇਸ਼ ਤੌਰ ਉੱਤੇ ਹੁਕਮ ਜਾਰੀ ਕੀਤੇ ਗਏ ਹਨ ਕਿ ਖਰੀਦ ਸਬੰਧੀ ਪੇਸ਼ ਆਉਂਦੀਆਂ ਮੁਸ਼ਕਿਲਾਂ ਦੀ ਸਮੇਂ ਸਿਰ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।    

LEAVE A REPLY

Please enter your comment!
Please enter your name here