ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ਼ੈਰ ਕਾਨੂੰਨੀ ਮਾਈਨਿੰਗ ਰੋਕਣ ਲਈ ਡੀ.ਸੀਜ਼ ਅਤੇ ਐਸ.ਐਸ.ਪੀਜ਼ ਨੂੰ ਲਿਖਿਆ ਪੱਤਰ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਪੱਕੇ ਤੌਰ ‘ਤੇ ਰੋਕਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਲਿਖਤੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰਾਂ ਨੂੰ ਲਿਖੇ ਪੱਤਰ ਵਿੱਚ ਕੈਬਨਿਟ ਮੰਤਰੀ ਨੇ ਸਪੱਸ਼ਟ ਤੌਰ`ਤੇ ਕਿਹਾ ਹੈ ਕਿ ਇਹ ਗੱਲ ਸਾਫ਼ ਹੈ ਕਿ ਪੰਜਾਬ ਸਰਕਾਰ ਗੈਰ-ਕਾਨੂੰਨੀ ਮਾਈਨਿੰਗ ਦੇ ਖਿਲਾਫ ਹੈ, ਮੇਰੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ।ਇਸ ਲਈ ਤੁਹਾਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਆਪਣੇ ਜ਼ਿਲ੍ਹੇ ਦੇ ਮਾਈਨਿੰਗ ਅਫ਼ਸਰ ਤੋਂ ਜਾਣਕਾਰੀ ਲਈ ਜਾਵੇ ਅਤੇ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਕੇ ਝੰਡਾ ਲਗਾ ਦਿੱਤਾ ਜਾਵੇ ਤਾਂ ਜੋ ਇਹ ਸਪੱਸ਼ਟ ਹੋ ਸਕੇ ਕਿ ਮਾਈਨਿੰਗ ਇਨ੍ਹਾਂ ਥਾਵਾਂ ਤੋਂ ਹੀ ਕੀਤੀ ਜਾਣੀ ਹੈ।
ਇਸ ਤੋਂ ਇਲਾਵਾ ਐਸ.ਐਸ.ਪੀਜ਼ ਨੂੰ ਲਿਖਿਆ ਗਿਆ ਹੈ ਕਿ ਹਰੇਕ ਜ਼ਿਲ੍ਹੇ ਵਿੱਚ ਅਲਾਟ ਕੀਤੀਆਂ ਖੱਡਾਂ ਦੀ ਨਿਸ਼ਾਨਦੇਹੀ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਲਿਖਿਆ ਗਿਆ ਹੈ ਤਾਂ ਜੋ ਨਾਜਾਇਜ਼ ਮਾਈਨਿੰਗ ਨੂੰ ਤੁਰੰਤ ਰੋਕਿਆ ਜਾ ਸਕੇ। ਪਰ ਫਿਰ ਵੀ ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਇਸ ਦੀ ਨਿਰੋਲ ਜ਼ਿਮੇਵਾਰੀ ਸਬੰਧਤ ਐਸਐਸਪੀ ਦੀ ਹੋਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮਾਈਨਿੰਗ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਭਰ ਦੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸ਼ਾਨਦੇਹੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਗੈਰ ਕਾਨੂੰਨੀ ਮਾਈਨਿੰਗ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਗੈਰ ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਨਾਲ ਸਰਕਾਰੀ ਖਜ਼ਾਨੇ ਨੂੰ ਵੱਡਾ ਹੁਲਾਰਾ ਮਿਲੇਗਾ।

Advertisements

LEAVE A REPLY

Please enter your comment!
Please enter your name here