ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ

ਚੰਡੀਗੜ੍ਹ(ਦ ਸਟੈਲਰ ਨਿਊਜ਼): ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਖਜ਼ਾਨੇ ਦੀ ਬੱਚਤ ਦੇ ਨਾਲ-ਨਾਲ ਲੋੜਵੰਦਾਂ ਅਤੇ ਅਸਲ ਲਾਭਪਾਤਰੀਆਂ ਲਈ ਇਨ੍ਹਾਂ ਸਕੀਮਾਂ ਤਹਿਤ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 1,27,643 ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਇਹ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾ ਦਿੱਤੀ ਹੈ।

Advertisements

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 28.85 ਲੱਖ ਲਾਭਪਾਤਰੀਆਂ ਨੂੰ ਹਰ ਮਹੀਨੇ 432.75 ਕਰੋੜ ਰੁਪਏ ਦੀ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 19,47,427 ਬੁਢਾਪਾ ਪੈਨਸ਼ਨਰ, 5,38,010 ਵਿਧਵਾਵਾਂ ਜਾਂ ਬੇਸਹਾਰਾ ਮਹਿਲਾਵਾਂ, 1,75,135 ਬੇਸਹਾਰਾ ਬੱਚੇ ਅਤੇ 2,24,513 ਦਿਵਿਆਂਗ ਵਿਅਕਤੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ।ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇਨ੍ਹਾਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬਜਟ ਵਜੋਂ 4420.70 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 4353.64 ਕਰੋੜ ਰੁਪਏ ਕੁੱਲ 28,85,085 ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।

LEAVE A REPLY

Please enter your comment!
Please enter your name here