ਮੁੱਖ ਮੰਤਰੀ ਵੱਲੋਂ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਦੀ ਮੰਗ

ਨਵੀਂ ਦਿੱਲੀ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਤੋਂ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਹਨਾਂ ਨੂੰ ਝੋਨੇ ਦੇ ਅਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ਵਿੱਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।

Advertisements


ਮੁੱਖ ਮੰਤਰੀ ਨੇ ਆਰ.ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ਵਿੱਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ‘ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ। ਸ. ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ। ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ‘ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।

LEAVE A REPLY

Please enter your comment!
Please enter your name here