ਪਿੰਡਾਂ ’ਚੋਂ ਹਟਾਏ ਜਾਣ ਨਜਾਇਜ਼ ਕਬਜੇ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਿੰਡਾਂ ਵਿਚੋਂ ਨਜਾਇਜ਼ ਕਬਜ਼ੇ ਹਟਾਏ ਜਾਣ। ਉਨ੍ਹਾਂ ਕਿਹਾ ਕਿ ਦੇਖਣ ਵਿਚ ਆਇਆ ਹੈ ਕਿ ਕਈ ਪਿੰਡਾਂ ਵਿਚ ਪੰਚਾਇਤੀ ਜ਼ਮੀਨਾਂ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਇਸ ਲਈ ਇਸ ਸਬੰਧੀ ਤੁਰੰਤ ਐਕਸ਼ਨ ਲੈਂਦਿਆਂ ਇਹ ਨਜਾਇਜ਼ ਕਬਜ਼ੇ ਹਟਾਉਣ ਲਈ ਗੰਭੀਰਤਾ ਦਿਖਾਈ ਜਾਵੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਸਿੰਘ ਵੀ ਹਾਜ਼ਰ ਸਨ।   ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋਂ ਕੰਮਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਕੀਮਾਂ ਤੋਂ ਵਾਂਝਾ ਨਾ ਰਹਿ ਸਕੇ। ਮਾਲ ਅਫ਼ਸਰਾਂ ਦੀ ਮੀਟਿੰਗ ਕਰਦਿਆਂ ਉਨ੍ਹਾਂ ਜਿਥੇ ਰਿਕਵਰੀਆਂ ’ਤੇ ਜੋਰ ਦਿੱਤਾ, ਉਥੇ ਪੈਡਿੰਗ ਕੋਰਟ ਕੇਸਾਂ ਨੂੰ ਵੀ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

Advertisements


ਖੇਤੀਬਾੜੀ ਵਿਭਾਗ ਦੀ ਮੀਟਿੰਗ ਦੌਰਾਨ ਸ੍ਰੀ ਸੰਦੀਪ ਹੰਸ ਨੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਨਾਉਣ ਲਈ ਵੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ, ਤਾਂ ਜੋ ਕਿਸਾਨ ਬਦਲਵੀਂ ਖੇਤੀ ਕਰਕੇ ਆਪਣੀ ਆਰਥਿਕ ਹਾਲਤ ਹੋਰ ਮਜ਼ਬੂਤ ਕਰ ਸਕਣ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਫ਼ਸਲੀ ਵਿਭਿੰਨਤਾ ਤਹਿਤ ਸਾਉਣੀ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਰਕਬਾ ਮੱਕੀ ਅਧੀਨ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਕਰਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਝੋਨੇ ਹੇਠੋਂ ਰਕਬਾ ਘਟਾ ਕੇ ਸਾਉਣੀ ਦੀ ਮੱਕੀ ਅਧੀਨ ਰਕਬਾ ਵਧਾਉਣ ਲਈ ਮੱਕੀ ਦਾ ਬੀਜ ਖੇਤੀਬਾੜੀ ਵਿਭਾਗ ਕੋਲੋਂ ਸਬਸਿਡੀ ’ਤੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਮਈ ਮਹੀਨੇ ਵਿਚ ਮੱਕੀ ਦਾ ਬੀਜ ਮੁਹੱਈਆ ਕਰਵਾਇਆ ਜਾਵੇਗਾ, ਜਿਸ ਲਈ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪਿਛਲੇ ਸਾਲ 52,600 ਹੈਕਟੇਅਰ ਰਕਬਾ ਸਾਉਣੀ ਦੀ ਮੱਕੀ ਅਧੀਨ ਸੀ ਅਤੇ ਇਸ ਵਾਰ 2022 ਦੇ ਸਾਉਣੀ ਸੀਜ਼ਨ ਦੌਰਾਨ ਖੇਤੀਬਾੜੀ ਵਿਭਾਗ ਅਨੁਸਾਰ 55,000 ਹੈਕਟੇਅਰ ਰਕਬਾ ਮਿਥਿਆ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਕਣਕ ਦਾ ਨਾੜ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਦਬਾਇਆ ਜਾਵੇ।   ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਹੋਰ ਵੀ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਦਸੂਹਾ ਸ੍ਰੀ ਰਣਦੀਪ ਸਿੰਘ ਹੀਰ, ਐਸ.ਡੀ.ਐਮ. ਮੁਕੇਰੀਆਂ ਸ੍ਰੀ ਕੰਵਲਜੀਤ ਸਿੰਘ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਅਰਵਿੰਦ ਕੁਮਾਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।

LEAVE A REPLY

Please enter your comment!
Please enter your name here