ਨਜਾਇਜ਼ ਕਬਜ਼ੇ ਹਟਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਗੰਭੀਰ, ਡੀ.ਸੀ. ਨੇ ਕਿਹਾ-ਕਬਜ਼ਾ ਨਾ ਛੱਡਣ ਵਾਲਿਆਂ ’ਤੇ ਹੋਵੇਗੀ ਸਖਤ ਕਾਰਵਾਈ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਵਲੋਂ ਨਜਾਇਜ਼ ਕਬਜ਼ੇ ਛਡਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਸੇ ਗੰਭੀਰਤਾ ਸਦਕਾ ਪਿੰਡਾਂ ਵਿੱਚ ਕਬਜ਼ਾਕਾਰਾਂ ਨੂੰ ਤੁਰੰਤ ਕਬਜ਼ੇ ਛੱਡਣ ਦੀ ਅਪੀਲ ਕੀਤੀ ਜਾ ਰਹੀ ਹੈ, ਤਾਂ ਜੋ ਸਮਾਂ ਰਹਿੰਦੇ ਕਬਜ਼ਾਕਾਰ ਖੁਦ ਹੀ ਨਜਾਇਜ਼ ਕਬਜ਼ੇ ਛੱਡ ਦੇਣ, ਉਪਰੰਤ ਪ੍ਰਸ਼ਾਸਨ ਵਲੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਨਜਾਇਜ਼ ਕਬਜ਼ੇ ਛੁਡਾਉਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਸੇ ਗੰਭੀਰਤਾ ਸਦਕਾ ਜ਼ਿਲ੍ਹੇ ਦੇ ਪਿੰਡਾਂ ਵਿਚ ਨਜਾਇਜ਼ ਕਬਜ਼ੇ ਛੁਡਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਵਿਅਕਤੀ ਦਾ ਨਜਾਇਜ਼ ਕਬਜ਼ਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਕਬਜ਼ਾਕਾਰਾਂ ਵਲੋਂ ਕਬਜ਼ੇ ਕੀਤੇ ਗਏ ਹਨ, ਉਹ ਤੁਰੰਤ ਬੀ.ਡੀ.ਪੀ.ਓਜ਼ ਨੂੰ ਵਾਪਸ ਸੌਂਪ ਦੇਣ। ਉਨ੍ਹਾਂ ਸਖਤ ਲਹਿਜ਼ੇ ਵਿਚ ਕਿਹਾ ਕਿ ਜੇਕਰ ਕਬਜ਼ਾਕਾਰਾਂ ਵਲੋਂ ਆਪਣੇ ਨਜਾਇਜ਼ ਕਬਜ਼ੇ ਅਧੀਨ ਜ਼ਮੀਨ ਨਾ ਛੱਡੀ ਗਈ, ਤਾਂ ਕਾਨੂੰਨ ਮੁਤਾਬਕ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisements

ਡੀ.ਸੀ. ਸੰਦੀਪ ਹੰਸ ਨੇ ਬੀ.ਡੀ.ਪੀ.ਓਜ਼ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਨਜਾਇਜ਼ ਕਬਜ਼ੇ ਕੀਤੇ ਹੋਏ ਹਨ, ਉਨ੍ਹਾਂ ਕਬਜ਼ਿਆਂ ਸਬੰਧੀ ਸੂਚੀ ਤਿਆਰ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ, ਤਾਂ ਜੋ ਨਜਾਇਜ਼ ਕਬਜ਼ਿਆਂ ਨੂੰ ਠੱਲ੍ਹ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲਿੰਕ ਰੋਡ ਜਾਂ ਹੋਰ ਸੜਕਾਂ, ਰਸਤਿਆਂ ਦੇ ਆਲੇ-ਦੁਆਲੇ ਜਾਂ ਸੜਕਾਂ ਦੇ ਬਰਮਾ ’ਤੇ ਨਜਾਇਜ਼ ਕਬਜ਼ੇ ਕੀਤੇ ਹੋਏ ਹਨ। ਇਸ ਤੋਂ ਇਲਾਵਾ ਕਈ ਪਿੰਡਾਂ ਵਿਚ ਸੜਕਾਂ ਅਤੇ ਆਮ ਰਸਤਿਆਂ ਦੇ ਆਸੇ-ਪਾਸੇ ਢੇਰ ਵੀ ਲਗਾਏ ਗਏ ਹਨ, ਜਿਸ ਨਾਲ ਆਉਣ-ਜਾਣ ਵਾਲਿਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਕਈ ਪਿੰਡਾਂ ਵਿਚ ਗਰਾਮ ਪੰਚਾਇਤਾਂ ਦੀਆਂ ਸ਼ਾਮਲਾਟ ਜ਼ਮੀਨਾਂ ’ਤੇ ਵੀ ਕਈ ਲੋਕਾਂ ਵਲੋਂ ਨਜਾਇਜ਼ ਕਬਜ਼ੇ ਕੀਤੇ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿੰਡਾਂ ਵਿਚ ਨਜਾਇਜ਼ ਕਬਜ਼ੇ ਛੁਡਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਤਹਿਤ ਬੀ.ਡੀ.ਪੀ.ਓਜ਼ ਵਲੋਂ ਅਜਿਹੇ ਪਿੰਡਾਂ ਦੀ ਸੂਚੀ ਤਿਆਰ ਕਰਕੇ ਕਬਜ਼ਾਕਾਰਾਂ ਕੋਲੋਂ ਕਬਜ਼ੇ ਛੁਡਵਾਏ ਜਾਣਗੇ। ਉਨ੍ਹਾਂ ਨਾਲ ਹੀ ਇਹ ਵੀ ਅਪੀਲ ਕੀਤੀ ਕਿ ਕਬਜ਼ਾਕਾਰ ਖੁਦ ਹੀ ਇਹ ਕਬਜ਼ੇ ਛੱਡ ਕੇ ਤੁਰੰਤ ਬੀ.ਡੀ.ਪੀ.ਓਜ਼ ਨਾਲ ਤਾਲਮੇਲ ਕਰਨ। ਉਪਰੰਤ ਪ੍ਰਸ਼ਾਸਨ ਵਲੋਂ ਕਾਨੂੰਨੀ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਨਜਾਇਜ਼ ਕਬਜ਼ੇ ਹਟਾਉਣ ਲਈ ਪੂਰੀ ਗੰਭੀਰਤਾ ਦਿਖਾਈ ਜਾਵੇ ਅਤੇ ਇਸ ਸਬੰਧ ਵਿਚ ਲਾਪ੍ਰਵਾਹੀ ਸਹਿਣ ਨਹੀਂ ਕੀਤੀ ਜਾਵੇਗੀ।

LEAVE A REPLY

Please enter your comment!
Please enter your name here