ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਪੂਰੀ ਤਨਦੇਹੀ ਨਾਲ ਨਿਭਾਈ ਜਾਵੇਗੀ ਜ਼ਿੰਮੇਵਾਰੀ: ਵਿਜੈ ਸਾਂਪਲਾ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼): ਚੇਅਰਮੈਨ, ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ, ਭਾਰਤ ਸਰਕਾਰ ਵਿਜੈ ਸਾਂਪਲਾ ਨੇ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਨੂੰ ਨਿਆਂ ਦਿਵਾਉਣ ਲਈ ਸਰਕਾਰ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ ਅਤੇ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸੇ ਵੀ ਵਿਅਕਤੀ ਨਾਲ ਅਨਿਆਂ ਨਹੀਂ ਹੋਣ ਦਿੱਤਾ ਜਾਵੇਗਾ। ਉਹ ਚੇਅਰਮੈਨ ਬਣਨ ਉਪਰੰਤ ਅੱਜ ਪਹਿਲੀ ਵਾਰ ਹੁਸ਼ਿਆਰਪੁਰ ਵਿਖੇ ਪੁੱਜੇ ਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਪੀ.ਡਬਲਯੂ.ਡੀ. ਰੈਸਟ ਹਾਊਸ ਵਿਖੇ ਗਾਰਡ ਆਫ ਆਨਰ ਵੀ ਦਿੱਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਵਿਜੈ ਸਾਂਪਲਾ ਨੇ ਕਿਹਾ ਕਿ ਉਹ ਪਹਿਲਾਂ ਵੀ ਚੇਅਰਮੈਨ ਦੇ ਅਹੁਦੇ ’ਤੇ ਹੁੰਦਿਆਂ ਇਸ ਵਰਗ ਨੂੰ ਇਨਸਾਫ਼ ਦਿਵਾਉਣ ਵਿਚ ਕਾਮਯਾਬ ਹੋਏ ਸਨ ਅਤੇ ਉਸ ਸਮੇਂ ਕਮਿਸ਼ਨ ਨੂੰ ਪ੍ਰਾਪਤ ਹੋਈਆਂ ਸ਼ਿਕਾਇਤਾਂ ਦੇ ਨਿਪਟਾਰੇ ਦੀ ਦਰ 80 ਫੀਸਦੀ ਤੋਂ ਵੱਧ ਰਹੀ ਸੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ ਦੁਬਾਰਾ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਵੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਵਿਜੈ ਸਾਂਪਲਾ ਦਾ ਡਿਪਟੀ ਕਮਿਸ਼ਨਰ ਸੰਦੀਪ ਹੰਸ ਅਤੇ ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਉਪਰੰਤ ਚੇਅਰਮੈਨ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਮੌਜੂਦਾ ਹਾਲਾਤ ਬਾਰੇ ਗੱਲਬਾਤ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਵਰਗ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅਨੁਸੂਚਿਤ ਜਾਤੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਹੋਰ ਵੀ ਜ਼ਿਲ੍ਹਾ ਅਧਿਕਾਰੀ ਅਤੇ ਵੱਖ-ਵੱਖ ਸਖਸ਼ੀਅਤਾਂ ਹਾਜ਼ਰ ਸਨ।

Advertisements

LEAVE A REPLY

Please enter your comment!
Please enter your name here