ਝੋਨੇ ਦੀ ਸਿੱਧੀ ਬਿਜਾਈ ਕਰਕੇ ਵੱਧ ਝਾੜ ਪ੍ਰਾਪਤ ਕਰ ਰਹੇ ਅਗਾਂਹਵਧੂ ਕਿਸਾਨ ਬੂਟਾ ਸਿੰਘ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਝੋਨੇ ਦੀ ਸਿੱਧੀ ਬਿਜਾਈ ਕਰਕੇ ਪਿੰਡ ਲਾਲੋਵਾਲ ਹੁਸੈਨਪੁਰ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਅੱਜ ਦੇ ਸਮੇਂ ਦੀ ਨਿਵੇਕਲੀ ਮਿਸਾਲ ਬਣਿਆ ਹੋਇਆ ਹੈ। ਉਹ ਪਿਛਲੇ 4 ਸਾਲ ਤੋਂ ਕਣਕ ਦੇ ਨਾੜ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਪੁਰਾਣੇ ਖੇਤੀ ਢੰਗਾਂ ਤੋਂ ਵੱਖਰਾ ਕਰਨ ਦਾ ਯਤਨ ਕਰ ਰਿਹਾ ਹੈ, ਤਾਂ ਜੋ ਆਧੁਨਿਕ ਤਕਨੀਕਾਂ ਅਪਨਾ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾ ਸਕੇ। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਏ ਬਗੈਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਇਸ ਕਿਸਾਨ ਵਾਂਗ ਬਾਕੀ ਕਿਸਾਨਾਂ ਨੂੰ ਵੀ ਆਧੁਨਿਕ ਖੇਤੀ ਦਾ ਰਾਹ ਅਪਨਾਉਣਾ ਚਾਹੀਦਾ ਹੈ।

Advertisements

ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਜਿਥੇ ਵਾਤਾਵਰਣ ਦੂਸ਼ਿਤ ਨਹੀਂ ਹੁੰਦਾ, ਉਥੇ ਖੇਤੀ ਖਰਚੇ ਘੱਟਣ ਦੇ ਨਾਲ-ਨਾਲ ਪਾਣੀ ਦੀ ਬੱਚਤ ਵੀ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਂ ਖੇਤੀ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ।। ਇਹ ਆਧੁਨਿਕ ਤਕਨੀਕ ਵਾਲੀ ਮਸ਼ੀਨ ਖੇਤੀਬਾੜੀ ਵਿਭਾਗ ਕੋਲ ਵੀ ਉਪਲਬੱਧ ਹੈ।।ਇਸ ਤੋਂ ਇਲਾਵਾ ਸਵੈ-ਸਹਾਇਤਾ ਗਰੁੱਪ ਅਤੇ ਕਿਸਾਨਾਂ ਤੋਂ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਐਸ.ਆਰ. ਡਰਿੱਲ ਕਿਰਾਏ ’ਤੇ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਅਗਾਂਹਵਧੂ ਕਿਸਾਨ ਬੂਟਾ ਸਿੰਘ ਦਾ ਕਹਿਣਾ ਹੈ ਕਿ ਖੇਤੀਬਾੜੀ ਵਿਭਾਗ ਨਾਲ ਤਾਲਮੇਲ ਕਰਕੇ ਉਸ ਵਲੋਂ ਪਿਛਲੇ 4 ਸਾਲ ਤੋਂ ਕਣਕ ਅਤੇ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਖੇਤ ਵਿਚ ਹੀ ਪ੍ਰਬੰਧਨ ਕੀਤਾ ਜਾਂਦਾ ਹੈ।  ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਵੀ ਉਸ ਦਾ ਉਤਸ਼ਾਹ ਵਧਾਉਂਦਿਆਂ ਉਸ ਦੇ ਖੇਤ ਵਿਚ ਪ੍ਰਦਰਸ਼ਨੀ ਪਲਾਂਟ ਲਗਾਏ ਜਾਣ ਲੱਗੇ ਹਨ। ਉਨ੍ਹਾਂ ਦੱਸਿਆ ਕਿ ਉਹ 2.5 ਏਕੜ ਝੋਨੇ ਦੀ ਸਿੱਧੀ ਬਿਜਾਈ ਕਰਕੇ 24 ਕੁਇੰਟਲ ਪ੍ਰਤੀ ਏਕੜ ਔਸਤਨ ਝਾੜ ਪ੍ਰਾਪਤ ਕਰ ਰਿਹਾ ਹੈ। ਉਨ੍ਹਾਂ ਬਾਕੀ ਕਿਸਾਨਾਂ ਨੂੰ ਵੀ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਤ ਕਰਦਿਆਂ ਅਪੀਲ ਕੀਤੀ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ।

LEAVE A REPLY

Please enter your comment!
Please enter your name here