ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਗੈਰ ਬਿਜਾਈ ਕਰਨ ਵਾਲੇ 20 ਕਿਸਾਨ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼) : ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਜਮੀਨਾਂ ਨੂੰ ਬੰਜ਼ਰ ਹੋਣ ਤੋਂ ਬਚਾਉਣ ਲਈ ਜ਼ਮੀਨਦੋਜ਼ ਪਾਣੀ ਦੀ ਸੰਭਾਲ ਬਹੁਤ ਜ਼ਰੂਰੀ ਹੈ ਅਤੇ ਜੇਕਰ ਇਹ ਸੰਭਾਲ ਨਾ ਕੀਤੀ ਗਈ ਤਾਂ ਇਹ ਮਾਨਵਤਾ ਲਈ ਖਤਰਨਾਕ ਸਾਬਿਤ ਹੋਵੇਗਾ। ਉਹ ਅੱਜ ਖੇਤੀ ਭਵਨ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਬਿਨ੍ਹਾਂ ਬਿਜਾਈ ਕਰਨ ਵਾਲੇ 20 ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਰੱਖੇ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ।

Advertisements

ਸੰਦੀਪ ਹੰਸ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਪਾਣੀ ਅਤੇ ਧਰਤੀ ਨੂੰ ਸਭ ਤੋਂ ਉਚ ਦਰਜਾ ਦਿੱਤਾ ਹੈ ਅਤੇ ਹੁਣ ਗੁਰੂ ਸਾਹਿਬ ਦੇ ਸਿਧਾਂਤਾਂ ’ਤੇ ਚੱਲਣ ਦਾ ਸਮਾਂ ਆ ਗਿਆ ਹੈ, ਤਾਂ ਜੋ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖੀ ਜਾ ਸਕੇ। ਉਨ੍ਹਾਂ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਚਿੰਤਾ ਜ਼ਾਹਿਰ ਕਰਦਿਆਂ ਕਿਹਾ ਕਿ ਕਿਸਾਨ ਜ਼ਮੀਨਦੋਜ਼ ਪਾਣੀ ਨੂੰ ਬਚਾਉਣ ਲਈ ਆਧੁਨਿਕ ਖੇਤੀ ਢੰਗਾਂ ਨੂੰ ਅਪਨਾਉਣ ਅਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜ਼ੀਹ ਦੇਣ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿਧੀ ਨਾਲ ਪਾਣੀ ਦੀ ਬੱਚਤ ਹੋਣ ਦੇ ਨਾਲ-ਨਾਲ ਝਾੜ ਵੀ ਵੱਧਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਰਕਰਾਰ ਰਹਿੰਦੀ ਹੈ।
ਡਿਪਟੀ ਕਮਿਸ਼ਨਰ ਨੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਅਗਾਂਹਵਧੂ ਸੋਚ ਵਾਲੇ ਕਿਸਾਨਾਂ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਆਉਂਦੀ ਹੈ ਤਾਂ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ 1500 ਰੁਪਏ ਪ੍ਰਤੀ ਏਕੜ ਦਿੱਤੇ ਜਾਣਗੇ, ਇਸ ਲਈ ਕਿਸਾਨ ਇਸ ਸਹੂਲਤ ਦਾ ਵੱਧ ਤੋਂ ਵੱਧ ਫਾਇਦਾ ਚੁੱਕਣ। ਉਨ੍ਹਾਂ ਜ਼ਿਲ੍ਹੇ ਦੇ ਬਾਕੀ ਕਿਸਾਨਾਂ ਨੂੰ ਵੀ ਕਣਕ ਦੇ ਨਾੜ ਨੂੰ ਅੱਗ ਲਗਾਏ ਬਗੈਰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ।
ਬਟਾਲਾ ਦੇ ਨੇੜਲੇ ਪਿੰਡ ਵਿੱਚ ਨਾੜ ਨੂੰ ਲਗਾਈ ਅੱਗ ਦੌਰਾਨ ਹਾਦਸਾਗ੍ਰਸਤ ਹੋਈ ਸਕੂਲੀ ਬੱਸ ਸਬੰਧੀ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟਾਉਂਦਿਆਂ ਸ਼੍ਰੀ ਸੰਦੀਪ ਹੰਸ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਬੱਚਿਆਂ ਦੀ ਚਿੰਤਾ ਹੈ ਤਾਂ ਤੁਰੰਤ ਨਾੜ ਨੂੰ ਅੱਗ ਲਗਾਉਣ ਵਾਲੀ ਪ੍ਰੈਕਟਿਸ ਬੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਪੈਸੇ ਤਾਂ ਜ਼ਰੂਰ ਬਚਾਏ ਜਾ ਸਕਦੇ ਹਨ, ਪਰ ਆਉਣ ਵਾਲੇ ਸਮੇਂ ਵਿੱਚ ਜ਼ਮੀਨ ਬੰਜ਼ਰ ਬਣ ਜਾਵੇਗੀ ਅਤੇ ਇਸਦਾ ਖਮਿਆਜ਼ਾ ਪੂਰੀ ਮਾਨਵਤਾ ਨੂੰ ਭੁਗਤਣਾ ਪਵੇਗਾ।
ਸਮਾਗਮ ਦੌਰਾਨ ਮੁੱਖ ਖੇਤੀਬਾੜੀ ਅਫਸਰ ਡਾ. ਸਤਨਾਮ ਸਿੰਘ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ  ਖੇਤੀ ਵਿਗਿਆਨੀ ਡਾ. ਤਰੁਨਦੀਪ ਕੌਰ, ਡਿਪਟੀ ਡਾਇਰੈਕਟਰ ਕੇ.ਵੀ.ਕੇ. ਡਾ. ਮਨਿੰਦਰ ਸਿੰਘ ਨੇ ਵੀ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਅਫਸਰ ਦਪਿੰਦਰ ਸਿੰਘ, ਜਸਵੀਰ ਸਿੰਘ, ਹਰਮਨਦੀਪ ਸਿੰਘ, ਦੀਪਕ ਪੁਰੀ ਅਤੇ ਖੇਤੀਬਾੜੀ ਵਿਕਾਸ ਅਫਸਰ ਜਤਿਨ, ਧਰਮਵੀਰ ਅਤੇ ਗਗਨਦੀਪ ਕੌਰ ਤੋਂ ਇਲਾਵਾ ਸੈਂਕੜੇ ਕਿਸਾਨ ਵੀ ਮੌਜੂਦ ਸਨ।    

LEAVE A REPLY

Please enter your comment!
Please enter your name here