ਕੁਦਰਤੀ ਸੋਮਿਆਂ ਦੀ ਸੰਭਾਲ ਸਮੇਂ ਦੀ ਮੁੱਖ ਲੋੜ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼), ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਕੁਦਰਤੀ ਸੋਮਿਆਂ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ, ਇਸ ਲਈ ਕਿਸਾਨਾਂ ਨੂੰ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਬਦਲਵੀਆਂ ਫ਼ਸਲਾਂ ਦਾ ਰਾਹ ਅਪਨਾਉਣਾ ਚਾਹੀਦਾ ਹੈ। ਉਹ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਵਿਖੇ ਜ਼ਿਲ੍ਹਾ ਪੱਧਰੀ ਝੋਨੇ ਦੀ ਸਿੱਧੀ ਬਿਜਾਈ ਬਾਬਤ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਕਿਸਾਨ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਖੇਤੀ ਖਰਚੇ ਵੀ ਘੱਟਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਤ ਕਰਨ ਹਿੱਤ 1500 ਰੁਪਏ ਪ੍ਰਤੀ ਏਕੜ ਵੀ ਦਿੱਤੇ ਜਾਣਗੇ।

Advertisements

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮਾਹਿਰਾਂ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਦਲਵੀਆਂ ਫ਼ਸਲਾਂ ਬੀਜੀਆਂ ਜਾਣ। ਉਨ੍ਹਾਂ ਝੋਨੇ ਦੀ ਕਾਸ਼ਤ ਕਰ ਰਹੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਹੀ ਅਪਨਾਉਣ ਲਈ ਕਿਹਾ, ਤਾਂ ਜੋ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਜ਼ਮੀਨ ਵਿਚਲੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਵਾਤਾਵਰਣ ਦੇ ਰਾਖੇ ਬਣ ਕੇ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਬਿਨ੍ਹਾਂ ਅੱਗ ਲਗਾਏ ਇਸ ਦਾ ਖੇਤ ਵਿਚ ਹੀ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਇਸ ਰਹਿੰਦ-ਖੂੰਹਦ ਦਾ ਖੇਤ ਵਿਚ ਹੀ ਪ੍ਰਬੰਧਨ ਕਰਕੇ ਝੋਨੇ ਦੀ ਸਿੱਧੀ ਬਿਜਾਈ ਲਈ  ਡੀ.ਐਸ.ਆਰ. ਡਰਿੱਲ ਆਦਿ ਮਸ਼ੀਨਾਂ ਕਿਰਾਏ ’ਤੇ ਵੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ ਅਤੇ ਇਸ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਡਾਇਰੈਕਟਰ (ਸਿਖਲਾਈ) ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਮਨਿੰਦਰ ਸਿੰਘ ਬੌਂਸ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਤੋਂ ਇਲਾਵਾ ਮੱਕੀ, ਪੇਠਾ, ਕੱਦੂ, ਖੀਰਾ, ਤਿੱਲ, ਮੂੰਗਫ਼ਲੀ ਅਤੇ ਸੋਇਆਬੀਨ ਦੀ ਕਾਸ਼ਤ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਉਨ੍ਹਾਂ ਪਾਣੀ ਦੀ ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇ.ਵੀ.ਕੇ. ਵਲੋਂ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਲੱਕੀ ਸੀਡ ਡਰਿੱਲ ਬੁਕਿੰਗ ’ਤੇ ਮੁਹੱਈਆ ਕਰਵਾਈ ਜਾ ਰਹੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਿੱਧੀ ਬਿਜਾਈ ਦਾ ਰੁਝਾਨ ਵਧਿਆ ਹੈ ਅਤੇ ਇਸ ਵਿਧੀ ਨਾਲ ਸਿੰਚਾਈ ਵਾਲੇ ਪਾਣੀ, ਲੇਬਰ ਅਤੇ ਊਰਜਾ ਦੀ ਬੱਚਤ ਹੁੰਦੀ ਹੈ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਕਿਸਾਨਾਂ ਨੂੰ ਸਰੋਤ ਸੰਭਾਲ ਤਕਨੀਕਾਂ ਸਬੰਧੀ ਜਾਗਰੂਕ ਕਰਨ ਲਈ ਲਗਾਏ ਇਸ ਜ਼ਿਲ੍ਹਾ ਪੱਧਰੀ ਕੈਂਪ ਵਿਚ ਖੇਤੀ ਮਾਹਿਰ ਡਾ. ਗੁਰਪ੍ਰਤਾਪ ਸਿੰਘ, ਇੰਜੀਨੀਅਰ ਅਜੈਬ ਸਿੰਘ, ਡਾ. ਪ੍ਰਭਜੋਤ ਕੌਰ, ਡਾ. ਸੁਖਵਿੰਦਰ ਸਿੰਘ ਔਲਖ, ਡਾ. ਕੰਵਰਪਾਲ ਸਿੰਘ ਢਿੱਲੋਂ ਨੇ ਵੀ ਕਿਸਾਨਾਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਅਤੇ ਇਸ ਦੀਆਂ ਵੱਖ-ਵੱਖ ਪ੍ਰਦਰਸ਼ਨੀ ਇਕਾਈਆਂ ਦਾ ਦੌਰਾ ਵੀ ਕੀਤਾ। ਕੈਂਪ ਵਿਚ ਡਰਿੱਲ ਰਾਹੀਂ ਝੋਨੇ ਦੀ ਸਿੱਧੀ ਬਿਜਾਈ ਦੀ ਪ੍ਰਦਰਸ਼ਨੀ ਵੀ ਕੀਤੀ ਗਈ ਅਤੇ ਖੇਤੀਬਾੜੀ ਦੀਆਂ ਨਵੀਨਤਮ ਤਕਨੀਕਾਂ ਬਾਬਤ ਪ੍ਰਦਰਸ਼ਨੀ ਅਤੇ ਬੀਜ ਦੀ ਵਿਕਰੀ ਵੀ ਆਯੋਜਿਤ ਕੀਤੀ ਗਈ। ਇਸ ਮੌਕੇ ਖੇਤੀ ਵਿਕਾਸ ਅਫ਼ਸਰ ਡਾ. ਕਿਰਨਜੀਤ ਸਿੰਘ, ਡਾ. ਹਰਪ੍ਰੀਤ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿਚ ਕਿਸਾਨ ਅਤੇ ਕਿਸਾਨ ਬੀਬੀਆਂ ਹਾਜ਼ਰ ਸਨ।

LEAVE A REPLY

Please enter your comment!
Please enter your name here