ਹਥਿਆਰਾਂ ਦੀ ਵਡਿਆਈ ਕਰਨ ਦੀ ਬਜਾਏ ਸ਼ਾਂਤੀ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਓ: ਮੁੱਖ ਮੰਤਰੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਰੱਖਣ ਲਈ ਕਹਿਣ ਦੀ ਬਜਾਏ ਸਮਾਜ ਵਿੱਚ ਸ਼ਾਂਤੀ, ਸਦਭਾਵਨਾ ਅਤੇ ਭਾਈਚਾਰੇ ਦਾ ਸੰਦੇਸ਼ ਫੈਲਾਉਣ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਉਸ ਬਿਆਨ ਦਾ ਸਖ਼ਤ ਨੋਟਿਸ ਲਿਆ ਹੈ ਕਿ ਹਰੇਕ ਸਿੱਖ ਕੋਲ ਆਧੁਨਿਕ ਹਥਿਆਰ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇੱਕ ਸੱਭਿਅਕ ਸਮਾਜ ਵਿੱਚ ਰਹਿ ਰਹੇ ਹਾਂ ਜਿੱਥੇ ਦੇਸ਼ ਦਾ ਸ਼ਾਸਨ ਕਾਨੂੰਨ ਦੇ ਰਾਜ ਨਾਲ ਚੱਲਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੁਹਿਰਦ ਅਤੇ ਸਦਭਾਵਨਾ ਵਾਲੇ ਸਮਾਜ ਵਿੱਚ ਹਥਿਆਰਾਂ ਦੀ ਕੋਈ ਥਾਂ ਨਹੀਂ ਹੁੰਦੀ।

Advertisements

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਗੁਰਬਾਣੀ ਦੇ ਸੰਦੇਸ਼ ਨੂੰ ਫੈਲਾਉਣ ਵੱਲ ਧਿਆਨ ਦੇਣਾ ਚਾਹੀਦਾ ਹੈ ਜਿਸ ਵਿੱਚ ‘ਸਰਬੱਤ ਦਾ ਭਲਾ’ ਦੀ ਕਲਪਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਥੇਦਾਰ ਸਾਹਿਬ ਨੂੰ ਚਾਹੀਦਾ ਹੈ ਕਿ ਉਹ ਸਰਬੱਤ ਦੇ ਭਲੇ ਦੇ ਇਸ ਇਲਾਹੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਵੱਲ ਧਿਆਨ ਦੇਣ। ਭਗਵੰਤ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸਿੱਖਾਂ ਨੂੰ ਲਾਇਸੈਂਸੀ ਆਧੁਨਿਕ ਹਥਿਆਰ ਲੈਣ ਲਈ ਕਹਿਣ ਦੀ ਬਜਾਏ ਇਸ ਨੇਕ ਕਾਰਜ ਵੱਲ ਧਿਆਨ ਦੇਣ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਅਮਨ ਸ਼ਾਂਤੀ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਦੀਆਂ ਵਿਰੋਧੀ ਤਾਕਤਾਂ ਪਹਿਲਾਂ ਹੀ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਕੋਸ਼ਿਸ਼ ਕਰ ਰਹੀਆਂ ਹਨ ਅਤੇ ਹਰ ਘਰ ਵਿੱਚ ਹਥਿਆਰ ਹੋ ਜਾਣ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਗੰਭੀਰ ਚੁਣੌਤੀ ਪੈਦਾ ਹੋ ਸਕਦੀ ਹੈ। ਸੂਬੇ ਭਰ ਵਿੱਚ ਆਪਸੀ ਸਦਭਾਵਨਾ ਅਤੇ ਭਾਈਵਾਲਤਾ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਵਚਨਬੱਧ ਹੈ।

LEAVE A REPLY

Please enter your comment!
Please enter your name here