ਬੋਰਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਜਿਲ੍ਹਾ ਮੈਜਿਸਟ੍ਰੇਟ ਵਲੋਂ ਸਖਤ ਦਿਸ਼ਾ ਨਿਰਦੇਸ਼ ਜਾਰੀ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ । ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਵਲੋਂ ਬੋਰਵੈਲਾਂ ਦੀ ਖੁਦਾਈ ਤੇ ਮੁਰੰਮਤ ਸਬੰਧੀ ਸਖਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਵਲੋਂ ਜਾਰੀ ਹੁਕਮਾਂ ਅਨੁਸਾਰ ਕਪੂਰਥਲਾ ਜਿਲ੍ਹੇ ਦੀ ਹੱਦ ਅੰਦਰ ਪੇਂਡੂ ਤੇ ਸ਼ਹਿਰੀ ਖੇਤਰਾਂ ਅੰਦਰ ਬੋਰਵੈਲਾਂ, ਟਿਊਬਵੈਲਾਂ ਦੀ ਖੁਦਾਈ ਤੇ ਮੁਰੰਮਤ ਕਰਨ ਤੋਂ ਪਹਿਲਾਂ ਜ਼ਮੀਨ ਮਾਲਕਾਂ ਤੇ ਸਬੰਧਤ ਵਿਭਾਗਾਂ ਲਈ ਜਾਰੀ ਨਿਰਦੇਸ਼ਾਂ ਅਨੁਸਾਰ ਜ਼ਮੀਨ ਮਾਲਕ ਖੂਹ/ਬੋਰ ਪੁੱਟਣ ਤੋਂ ਪਹਿਲਾਂ ਜਿਲ੍ਹਾ ਕੁਲੈਕਟਰ, ਸਬੰਧਤ ਸਰਪੰਚ, ਗ੍ਰਾਮ ਪੰਚਾਇਤ, ਨਗਰ ਕੌਂਸਲ, ਜਨ ਸਿਹਤ ਵਿਭਾਗ, ਭੂਮੀ ਰੱਖਿਆ ਵਿਭਾਗ (ਗਰਾਊਂਡ ਵਾਟਰ) ਨੂੰ 15 ਦਿਨ ਪਹਿਲਾਂ ਸੂਚਿਤ ਕਰੇਗਾ। ਉਨ੍ਹਾਂ ਕਿਹਾ ਕਿ ਬੋਰਵੈਲਾਂ ਜਾਂ ਖੂਹਾਂ ਵਿਚ ਡਿੱਗਣ ਕਾਰਨ ਹੋਣ ਵਾਲੇ ਜਾਨੀ ਨੁਕਸਾਨ ਦੇ ਮੱਦੇਨਜ਼ਰ ਇਹ ਵੀ ਜ਼ਰੂਰੀ ਕੀਤਾ ਗਿਆ ਹੈ ਕਿ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਕਰਨ ਵਾਲੀਆਂ ਸਾਰੀਆਂ ਏਜੰਸੀਆਂ ਜਿਵੇਂ ਕਿ ਸਰਕਾਰੀ/ ਅਰਧ ਸਰਕਾਰੀ, ਪ੍ਰਾਈਵੇਟ ਆਦਿ ਦੀ ਰਜਿਸਟ੍ਰੇਸ਼ਨ ਹੋਣੀ ਜਰੂਰੀ ਹੈ।

Advertisements

ਇਸਤੋਂ ਇਲਾਵਾ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਵਾਲੀ ਥਾਂ ’ਤੇ ਡਰਿਲਿੰਗ ਏਜੰਸੀ ਦਾ ਅਤੇ ਖੂਹ ਪੁਟਾਏ ਜਾਣ ਵਾਲੇ ਮਾਲਕ ਦਾ ਪੂਰੇ ਪਤੇ ਵਾਲਾ ਸਾਈਨ ਬੋਰਡ ਲਗਵਾਇਆ ਜਾਵੇ ਅਤੇ ਉਸ ਸਾਈਨ ਬੋਰਡ ਤੇ ਡਰਿਲਿੰਗ ਏਜੰਸੀ ਦਾ ਰਜਿਸਟ੍ਰੇਸ਼ਨ ਨੰਬਰ ਵੀ ਲਿਖਿਆ ਹੋਵੇ। ਬੋਰਵੈਲ ਦੇ ਆਲੇ- ਦੁਆਲੇ ਕੰਡਿਆਲੀ ਤਾਰ ਅਤੇ ਇਸ ਨੂੰ ਸਟੀਲ ਪਲੇਟ ਦੇ ਢੱਕਣ ਨਾਲ ਨਟ-ਬੋਲਟ ਬੰਦ ਕਰਕੇ ਕਵਰ ਕਰਕੇ ਰੱਖਿਆ ਜਾਵੇਗਾ ਅਤੇ ਖੂਹ/ਬੋਰ ਦਾ ਢੱਕਣ ਕੇਸਿੰਗ ਪਾਈਪ ਨਾਲ ਨਟ-ਬੋਲਟਾਂ ਨਾਲ ਫਿਕਸ ਹੋਣਾ ਚਾਹੀਦਾ ਹੈ। ਜਾਰੀ ਹੁਕਮਾਂ ਅਨੁਸਾਰ ਖੂਹ/ਬੋਰਵੈਲ ਦੇ ਆਲੇ-ਦੁਆਲੇ ਸੀਮਿੰਟ/ਕੰਕਰੀਟ ਦਾ ਪਲੇਟਫਾਰਮ ਦੀ ਖੂਹ ਦੇ ਆਲੇ-ਦੁਆਲੇ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ। ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ ਉਪਰੰਤ ਖਾਲੀ ਥਾਂ ਜੇਕਰ ਕੋਈ ਹੋਵੇ, ਨੂੰ ਮਿੱਟੀ ਨਾਲ ਭਰਿਆ ਜਾਵੇ ਤੇ ਕਿਸੇ ਵੀ ਹਾਲਤ ਵਿਚ ਖੁੱਲਾ ਨਾ ਛੱਡਿਆ ਜਾਵੇ। ਨਕਾਰਾ ਪਏ ਖੂਹ ਨੂੰ ਚੀਕਨੀ ਮਿੱਟੀ, ਪੱਥਰ, ਕੰਕਰੀਟ ਵਗੈਰਾ ਤਲ ਤੋਂ ਲੈ ਕੇ ਉਪਰ ਤੱਕ ਚੰਗੀ ਤਰ੍ਹਾਂ ਭਰ ਕੇ ਬੰਦ ਕਰਨਾ ਚਾਹੀਦਾ ਹੈ। ਕੋਈ ਵੀ ਵਿਅਕਤੀ ਖੂਹ/ਬੋਰਵੈਲ ਪੁੱਟਣ ਜਾਂ ਮੁਰੰਮਤ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਲਿਖਤੀ ਪ੍ਰਵਾਨਗੀ ਅਤੇ ਉਨ੍ਹਾਂ ਦੀ ਦੇਖ-ਰੇਖ ਤੋਂ ਬਿਨ੍ਹਾਂ ਨਹੀਂ ਕਰਵਾਏਗਾ ਅਤੇ ਖੂਹ/ਬੋਰਵੈਲ ਦੀ ਮੁਰੰਮਤ ਦੇ ਸਮੇਂ ਉਸ ਨੂੰ ਖੁੱਲਾ ਨਹੀਂ ਛੱਡਿਆ ਜਾਵੇਗਾ।

ਉਨ੍ਹਾਂ ਸਪੱਸ਼ਟ ਕੀਤਾ ਕਿ ਪੇਂਡੂ ਇਲਾਕੇ ਵਿਚ ਸਰਪੰਚ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਅਤੇ ਸ਼ਹਿਰੀ ਇਲਾਕੇ ਵਿਚ ਜਨ ਸਿਹਤ ਵਿਭਾਗ, ਭੂਮੀ ਰੱਖਿਆ (ਗਰਾਊਂਡ ਵਾਟਰ), ਨਗਰ ਕੌਂਸਲਾਂ ਦੇ ਜੂਨੀਅਰ ਇੰਜੀਨੀਅਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਵਲੋਂ ਆਪਣੇ-ਆਪਣੇ ਅਧਿਕਾਰਤ ਖੇਤਰਾਂ ਦੀ ਹਰ ਮਹੀਨੇ ਰਿਪੋਰਟ ਤਿਆਰ ਕੀਤੀ ਜਾਵੇਗੀ ਕਿ ਉਨ੍ਹਾਂ ਦੇ ਏਰੀਏ ਵਿਚ ਕਿੰਨੇ ਬੋਰ ਵੈਲ/ਖੂਹ ਆਦਿ ਨਵੇਂ ਖੁਦਵਾਏ ਗਏ, ਕਿੰਨੀਆਂ ਦੀ ਮੁਰੰਮਤ ਕਰਵਾਈ, ਕਿੰਨੇ ਵਰਤੋਂ ਵਿਚ ਹਨ, ਕਿੰਨੇ ਭਰਵਾਏ ਗਏ ਹਨ। ਇਨ੍ਹਾਂ ਵਿਭਾਗਾਂ ਵਲੋਂ ਆਪਣੇ-ਆਪਣੇ ਖੇਤਰ ਦੀ ਉਕਤ ਰਿਪੋਰਟ ਦੀ ਇਕ ਕਾਪੀ ਆਪਣੇ ਦਫਤਰ ਵਿਚ ਰਿਕਾਰਡ ਦੇ ਤੌਰ ਤੇ ਰੱਖੀ ਜਾਵੇਗੀ ਅਤੇ ਇਕ ਕਾਪੀ ਹਰ ਮਹੀਨੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ),ਕਪੂਰਥਲਾ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਪੂਰਥਲਾ ਨੂੰ ਭੇਜੀ ਜਾਵੇਗੀ। ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ/ਡਰਿਲਿੰਗ ਏਜੰਸੀ ਦੇ ਮਾਲਕ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here