ਜ਼ਿਲ੍ਹੇ ’ਚ ਕੋਵਿਡ ਕਾਰਨ ਮਾਪੇ ਗੁਆ ਚੁੱਕੇ ਦੋ ਬੱਚਿਆਂ ਦੀ ਹੋਈ 10-10 ਲੱਖ ਰੁਪਏ ਦੀ ਐਫ.ਡੀ: ਅਨੁਪਮ ਕਲੇਰ

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ: ਗੌਰਵ ਮੜੀਆ। ਕੋਵਿਡ ਕਾਰਨ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਦੋ ਬੱਚਿਆਂ ਦੀ 10-10 ਲੱਖ ਰੁਪਏ ਦੀ ਐਫ.ਡੀ. ਕੀਤੀ ਗਈ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪਮ ਕਲੇਰ ਵਲੋਂ ਅੱਜ ਬਾਲ ਭਲਾਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਕੋਵਿਡ ਕਾਰਨ ਪਰਿਵਾਰ ਵਿਚੋਂ ਕਿਸੇ ਇਕ ਮੈਂਬਰ ਦੀ ਜਾਨ ਚਲੇ ਜਾਣ ਤੇ ਪ੍ਰਭਾਵਿਤ 8 ਪਰਿਵਾਰਾਂ ਨੂੰ ਪ੍ਰਤੀ ਪਰਿਵਾਰ 50,000 ਰੁਪਏ ਦੀ ਐਕਸਗ੍ਰੇਸ਼ੀਆ ਗਰਾਂਟ ਪ੍ਰਦਾਨ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਬਕਾਇਆ ਮਾਮਲਿਆਂ ਨੂੰ ਜਲਦ ਤੋਂ ਜਲਦ ਨਿਪਟਾਇਆ ਜਾਵੇ ਤਾਂ ਜੋ ਅਜਿਹੇ ਪਰਿਵਾਰ ਇਸ ਸਕੀਮ ਦਾ ਲਾਭ ਉਠਾ ਸਕਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਕਾਰਨ ਆਪਣੇ ਮਾਤਾ-ਪਿਤਾ ਜਾਂ ਦੋਨਾਂ ਵਿਚੋਂ ਕਿਸੇ ਇਕ ਨੂੰ ਗੁਆ ਚੁੱਕੇ ਬੱਚਿਆਂ ਸਬੰਧੀ ਡਾਟਾ ਡਾਟਾ ਸਵਰਾਜ ਪੋਰਟਲ ’ਤੇ ਅਪਲੋਡ ਕੀਤਾ ਜਾਵੇ ਤਾਂ ਜੋ ਇਹ ਬੱਚੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਉਠਾ ਸਕਣ।

Advertisements

ਉਨ੍ਹਾਂ ਦੱਸਿਆ ਕਿ ਅਜਿਹੇ ਬੱਚੇ ਸਰਕਾਰੀ ਸੰਸਥਾਵਾਂ ਤੋਂ ਮੁਫ਼ਤ ਸਿੱਖਿਆ ਹਾਸਿਲ ਕਰਨ ਤੋਂ ਇਲਾਵਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਪੈਨਸ਼ਨ ਵੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਨੂੰ ਸਿਹਤ ਕਾਰਡ ਵੀ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਜਿਹੇ ਬੱਚਿਆਂ ਨੂੰ ਅਦਾਲਤ ਵਿਚੋਂ ਸਕਸੈਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਲਈ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕੋਵਿਡ ਸਬੰਧੀ ਐਕਸਗ੍ਰੇਸ਼ੀਆ ਗਰਾਂਟ ਲੈਣ ਲਈ ਬਿਨੈਪੱਤਰ ਜਮ੍ਹਾ ਕਰਵਾਉਣ ਤੋਂ ਵਾਂਝੇ ਰਹਿ ਗਏ ਲਾਭਪਾਤਰੀਆਂ ਦੇ ਬਿਨੈਪੱਤਰ ਜਮ੍ਹਾਂ ਕਰਵਾਉਣ ਨੂੰ ਵੀ ਯਕੀਨੀ ਬਣਾਇਆ ਜਾਵੇ ਤਾਂ ਜੋ ਅਜਿਹੇ ਪਰਿਵਾਰ ਨੂੰ ਵੀ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਪਹੁੰਚਾਇਆ ਜਾ ਸਕੇ। ਇਸ ਮੌਕੇ ਬਾਲ ਸੁਰੱਖਿਆ ਅਫਸਰ ਯੋਗੇਸ਼ ਕੁਮਾਰੀ, ਡਾ.ਰਜੀਵ ਭਗਤ ਤੇ ਕਮੇਟੀ ਦੇ ਮੈਂਬਰ ਅਤੇ ਹੋਰ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here