ਬੋਰਵੈਲ ’ਚ ਡਿੱਗ ਕੇ ਜਾਨ ਗੁਆਉਣ ਵਾਲੇ ਬੱਚੇ ਨੂੰ ਦੋ ਮਿੰਟ ਦਾ ਮੌਨ ਰੱਖ ਕੇ ਦਿੱਤੀ ਸ਼ਰਧਾਂਜ਼ਲੀ

ਹੁਸਿ਼ਆਰਪੁਰ, (ਦ ਸਟੈਲਰ ਨਿਊਜ਼): ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬੀਤੇ ਦਿਨੀਂ ਬੋਰਵੈਲ ਵਿਚ ਡਿੱਗ ਕੇ ਜਾਨ ਗੁਆਉਣ ਵਾਲੇ ਕਰੀਬ 6 ਸਾਲਾ ਬੱਚੇ (ਰਿਤਿਕ ਰੌਸ਼ਨ) ਨੂੰ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾਂਜ਼ਲੀ ਦਿੱਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ, ਐਸ.ਡੀ.ਐਮਜ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਉਪਰੰਤ ਡਿਪਟੀ ਕਮਿਸ਼ਨਰ ਨੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਅਤੇ ਅਚਾਨਕ ਆਈ ਬਿਪਤਾ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡ ਖਿਆਲਾ ਬਲੰਦਾ ਵਿਚ ਬੋਰਵੈਲ ਵਿਚ ਡਿੱਗੇ 6 ਸਾਲਾ ਬੱਚੇ ਨੂੰ ਕੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ, ਪਰ ਉਸ ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਸ ਬੱਚੇ  ਦੀ ਅਚਾਨਕ ਮੌਤ ਦਾ ਜੋ ਪਰਿਵਾਰ ਨੂੰ ਘਾਟਾ ਹੋਇਆ ਹੈ, ਉਸ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ, ਪਰ ਜ਼ਿਲ੍ਹਾ ਪ੍ਰਸ਼ਾਸਨ ਪੀੜਤ ਪਰਿਵਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਵਚਨਬੱਧ ਹੈ।

Advertisements


ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਵਿਚ ਬੋਰਵੈਲਾਂ ਨੂੰ ਚੈਕ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਚਾਨਕ ਆਈ ਬਿਪਤਾ ਨਾਲ ਨਜਿੱਠਣ ਲਈ ਹਮੇਸ਼ਾਂ ਤਿਆਰੀ ਰੱਖੀ ਜਾਵੇ ਅਤੇ ਆਪਣੀ ਡਿਊਟੀ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਈ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਦਾ ਸਾਹਮਣਾ ਕਰਨ ਲਈ ਸਬੰਧਤ ਏਜੰਸੀਆਂ ਆਦਿ ਦੇ ਪਤੇ ਸਮੇਤ ਫੋਨ ਨੰਬਰ ਨੋਟ ਕਰਕੇ ਰੱਖ ਲਏ ਜਾਣ, ਤਾਂ ਜੋ ਜ਼ਰੂਰਤ ਪੈਣ ’ਤੇ ਬਿਨ੍ਹਾਂ ਕਿਸੇ ਦੇਰੀ ਇਨ੍ਹਾਂ ਦੀ ਮਦਦ ਲਈ ਜਾ ਸਕੇ। ਇਸ ਮੌਕੇ ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਜ਼ਿਲ੍ਹਾ ਮਾਲ ਅਫ਼ਸਰ ਅਮਨ ਪਾਲ ਸਿੰਘ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਹਾਜ਼ਰ ਸਨ।  

LEAVE A REPLY

Please enter your comment!
Please enter your name here