ਵਾਤਾਵਰਣ ਅਤੇ ਪਾਣੀ ਦੀ ਸੰਭਾਲ ਲਈ ਇਕਜੁੱਟਤਾ ਜ਼ਰੂਰੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਅਤੇ ਪਾਣੀ ਦੀ ਸੰਭਾਲ ਲਈ ਇਕਜੁੱਟਤਾ ਬਹੁਤ ਜ਼ਰੂਰੀ ਹੈ, ਇਸ ਲਈ ਸਭ ਨੂੰ ਕੁਦਰਤੀ ਸਰੋਤ ਬਚਾਉਣ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ। ਉਹ ਅੱਜ ਸੋਲਿਡ ਵੇਸਟ ਮੈਨੇਜਮੈਂਟ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿਚ ‘ਰਾਊਂਡ ਗਲਾਸ ਫਾਊਂਡੇਸ਼ਨ’ ਦੇ ਨੁਮਾਇੰਦੇ ਵੀ ਸ਼ਾਮਲ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਤਹਿਤ ‘ਰਾਊਂਡ ਗਲਾਸ ਫਾਊਂਡੇਸ਼ਨ’ ਵਲੋਂ ਪਿੰਡਾਂ ਵਿਚ ਜਾਗਰੂਕਤਾ ਫੈਲਾਈ ਜਾਵੇਗੀ, ਤਾਂ ਜੋ ਗਿੱਲੇ ਕੂੜੇ ਅਤੇ ਸੁੱਕੇ ਕੂੜੇ ਦਾ ਸਹੀ ਪ੍ਰਬੰਧਨ ਹੋ ਸਕੇ। ਉਨ੍ਹਾਂ ਵਿਭਾਗਾਂ ਨੂੰ ਵੀ ਸੋਲਿਡ ਵੇਸਟ ਮੈਨੇਜਮੈਂਟ ਪਲਾਨ ਤਿਆਰ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੂੜੇ ਦਾ ਸਹੀ ਪ੍ਰਬੰਧਨ ਅਤੇ ਵਾਤਾਵਰਣ ਦੀ ਸੰਭਾਲ ਲਈ ਜਿਲ੍ਹਾ ਵਾਸੀਆਂ ਅੰਦਰ ਪੂਰਾ ਉਤਸ਼ਾਹ ਹੋਣਾ ਚਾਹੀਦਾ ਹੈ ਅਤੇ ਇਸੇ ਉਤਸ਼ਾਹ ਨਾਲ ਹੀ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕਦਾ ਹੈ।

Advertisements


ਸੰਦੀਪ ਹੰਸ ਨੇ ਕਿਹਾ ਕਿ ਸੁੱਕੇ ਤੇ ਗਿੱਲੇ ਕੂੜੇ ਅਤੇ ਗੰਦੇ ਪਾਣੀ ਦੀ ਨਿਕਾਸੀ ਨਾਲ ਸਬੰਧਤ ਜੋ ਕੰਮ ਹੁਣ ਤੱਕ ਸ਼ਹਿਰਾਂ ਵਿਚ ਹੋ ਰਿਹਾ ਸੀ, ਉਹ ਪਿੰਡਾਂ ਵਿਚ ਵੀ ਹੋਣਾ ਹੈ। ਉਨ੍ਹਾਂ ਬੀ.ਡੀ.ਪੀ.ਓਜ਼ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪਹਿਲੇ ਫੇਜ਼ ਵਿਚ ਹਰ ਬਲਾਕ ਦੇ 5 ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ, ਜਿਥੇ ਪਹਿਲ ਦੇ ਆਧਾਰ ’ਤੇ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤਹਿਤ ਜ਼ਿਲ੍ਹੇ ਦੇ 10 ਬਲਾਕਾਂ ਵਿਚ 50 ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਅਧਿਕਾਰੀ ਵਾਤਾਵਰਣ ਦੀ ਸੰਭਾਲ ਲਈ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜੇਕਰ ਵਾਤਾਵਰਣ ਦੀ ਸੰਭਾਲ ਲਈ ਅੱਜ ਗੰਭੀਰ ਨਾ ਹੋਏ ਤਾਂ ਇਸ ਦਾ ਮਾੜਾ ਪ੍ਰਭਾਵ ਆਉਣ ਵਾਲੀਆਂ ਪੀੜ੍ਹੀਆਂ ’ਤੇ ਪਵੇਗਾ।

ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਵਾਤਾਵਰਣ ਦੀ ਸੰਭਾਲ ਲਈ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਇਸ ਲਈ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ-ਨਾਲ ਹਰੇਕ ਵਿਅਕਤੀ ਦੀ ਇਸ ਪ੍ਰਤੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ। ਇਸ ਮੌਕੇ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਰਜਨੀਸ਼ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਜੇ ਕੁਮਾਰ, ਬੀ.ਡੀ.ਪੀ.ਓਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਰਾਊਂਡ ਗਲਾਸ ਫਾਊਂਡੇਸ਼ਨ ਦੇ ਹੋਰ ਨੁਮਾਇੰਦੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here