ਵਿਭਾਗਾਂ ਦੇ ਮੁਖੀ ਸੁਚਾਰੂ ਢੰਗ ਨਾਲ ਸਮੇਂ-ਸਿਰ ਜਨਤਾ ਤੱਕ ਪਹੁੰਚਾਉਣ ਵੱਖ-ਵੱਖ ਸੇਵਾਵਾਂ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਦੀ ਲੜੀ ਤਹਿਤ ਅੱਜ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਪ੍ਰਧਾਨਗੀ ਹੇਠ ਵਰਚੂਅਲ ਸਮਾਗਮ ਹੋਇਆ, ਜਿਸ ਵਿਚ 16 ਵੱਖ-ਵੱਖ ਲੋਕ ਭਲਾਈ ਸਕੀਮਾਂ ਦੇ ਲਾਭਪਾਤਰੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੁਣਿਆ। ਪ੍ਰਧਾਨ ਮੰਤਰੀ ਦੇ ਸੰਬੋਧਨ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਦੇਸ਼ ਭਰ ਵਿਚ 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਸਾਡੇ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਦੇ ਨਾਲ-ਨਾਲ ਉਨ੍ਹਾਂ ਸੁਤੰਤਰਤਾ ਸੈਨਾਨੀਆਂ ਦਾ ਧੰਨਵਾਦ ਕਰਨ ਦਾ ਮੌਕਾ ਹੈ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ-ਆਪ ਨਿਸ਼ਾਵਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਆਜ਼ਾਦੀ ਦਿਵਾਉਣ ਵਾਲੇ ਉਨ੍ਹਾਂ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਹਰ ਸਮੇਂ ਯਾਦ ਕਰਦੇ ਹੋਏ ਦੇਸ਼ ਪ੍ਰਤੀ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਅਜੇ ਕੁਮਾਰ ਵੀ ਮੌਜੂਦ ਸਨ।

Advertisements

ਡਿਪਟੀ ਕਮਿਸ਼ਨਰ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਮਨਾਉਣ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਲਾਗੂ ਹੋਣ ਅਤੇ ਦੇਸ਼ ਦੀ ਜਨਤਾ ਨੂੰ ਵੀ ਇਸ ਗੱਲ ਦਾ ਅਹਿਸਾਸ ਹੋਵੇ ਕਿ ਉਹ ਆਜਾਦ ਦੇਸ਼ ਵਿਚ ਵੱਖ-ਵੱਖ ਸਹੂਲਤਾਂ ਵੀ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗਾਂ ਦੇ ਮੁਖੀਆਂ ਨੂੰ ਚਾਹੀਦਾ ਹੈ ਕਿ ਉਹ ਸਬੰਧਤ ਯੋਜਨਾਵਾਂ ਸਮੇਂ ਸਿਰ ਲਾਭਪਾਤਰੀਆਂ ਤੱਕ ਪਹੁੰਚਾਉਣ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੰਕਲਪ ਲੈਣ ਕਿ ਉਹ ਸਰਕਾਰ ਦੀਆਂ ਯੋਜਨਾਵਾਂ ਦਾ ਯੋਗ ਲਾਭਪਾਤਰੀ ਤੱਕ ਲਾਭ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਉਣਗੇ।

ਸੰਦੀਪ ਹੰਸ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਆਪਣੀ ਯੁਵਾ ਪੀੜ੍ਹੀ ਨੂੰ ਦੇਸ਼ ਦੀ ਅਮੀਰ ਸੰਸਕ੍ਰਿਤੀ ਤੇ ਸੁਤੰਤਰਤਾ ਸੈਨਾਨੀਆਂ ਦੇ ਯੋਗਦਾਨ ਬਾਰੇ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ, ਤਾਂ ਜੋ ਉਹ ਦੇਸ਼ ਹਿੱਤ ਵਿਚ ਵੱਧ ਤੋਂ ਵੱਧ ਆਪਣਾ ਯੋਗਦਾਨ ਦੇਣ। ਉਨ੍ਹਾਂ ਕਿਹਾ ਕਿ ਸਾਡੀ ਤਰੱਕੀ ਦੇ ਨਾਲ ਹੀ ਦੇਸ਼ ਦੀ ਤਰੱਕੀ ਜੁੜੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਖੋਜ ਅਫ਼ਸਰ ਡਾ. ਜਸਵੰਤ ਰਾਏ ਨੇ ਸੁਤੰਤਰਤਾ ਸੰਗਰਾਮ ਵਿਚ ਹੁਸ਼ਿਆਰਪੁਰ ਦੇ ਸੁਤੰਤਰਤਾ ਸੈਨਾਨੀਆਂ ਵਲੋਂ ਪਾਏ ਯੋਗਦਾਨ ਬਾਰੇ ਬਹੁਤ ਹੀ ਮਹੱਤਵਪੂਰਨ ਜਾਣਕਾਰੀਆਂ ਨੂੰ ਸਾਂਝਾ ਕੀਤਾ। ਇਸ ਦੌਰਾਨ ਵੱਖ-ਵੱਖ ਯੋਜਨਾਵਾਂ ਦੇ ਲਾਭਪਾਤਰੀਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here