ਪੁਲਿਸ ਲਾਈਨ ਸਮੇਤ 3 ਥਾਵਾਂ ’ਤੇ ਮਨਾਇਆ ਜਾਵੇਗਾ ਯੋਗਾ ਦਿਵਸ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼), ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਇਸ ਸਬੰਧੀ ਡਿਪਟੀ ਕਮਿਸ਼ਨਰ ਸੰਦੀਪ ਹੰਸ ਵਲੋਂ ਅੱਜ ਬੀ.ਆਰ.ਜੀ.ਐਫ. ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵ ਰਾਜ ਸਿੰਘ ਬੱਲ, ਐਸ.ਡੀ.ਐਮ. ਮੁਕੇਰੀਆਂ ਕੰਵਲਜੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।

Advertisements

ਸੰਦੀਪ ਹੰਸ ਨੇ ਹਦਾਇਤ ਕਰਦਿਆਂ ਕਿਹਾ ਕਿ ਯੋਗਾ ਦਿਵਸ ਨੂੰ ਸੁਚਾਰੂ ਢੰਗ ਨਾਲ ਮਨਾਉਣ ਲਈ ਹੁਣ ਤੋਂ ਹੀ ਤਿਆਰੀਆਂ ਆਰੰਭ ਕਰ ਦਿੱਤੀਆਂ ਜਾਣ ਅਤੇ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ ਨੂੰ ਜ਼ਿਲ੍ਹੇ ਵਿਚ ਪੁਲਿਸ ਲਾਈਨ ਹੁਸ਼ਿਆਰਪੁਰ, ਬੀ.ਐਸ.ਐਫ. ਖੜਕਾਂ ਅਤੇ ਕੇ.ਵੀ.ਗਜ਼ ਭੂੰਗਾ ਵਿਖੇ 3 ਥਾਵਾਂ ’ਤੇ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੇਨ ਪ੍ਰੋਗਰਾਮ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਹੋਵੇਗਾ ਅਤੇ ਕਰੀਬ ਸਾਢੇ 6 ਵਜੇ ਸਵੇਰੇ ਇਸ ਦੀ ਸ਼ੁਰੂਆਤ ਹੋ ਜਾਵੇਗੀ। ਉਨ੍ਹਾਂ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਯੋਗਾ ਦਿਵਸ ’ਤੇ ਹਿੱਸਾ ਲੈਣ ਵਾਲੇ ਵਿਅਕਤੀਆਂ ਦੀ ਰਜਿਸਟਰੇਸ਼ਨ ਕਰਵਾਉਣੀ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਪ੍ਰੋਗਰਾਮ ਵਾਲੇ ਹਰ ਸਥਾਨ ’ਤੇ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ, ਤਾਂ ਜੋ ਪ੍ਰਬੰਧਾਂ ਪੱਖੋਂ ਕੋਈ ਕਮੀ ਨਾ ਰਹੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ’ਤੇ ਪੀਣ ਵਾਲੇ ਪਾਣੀ ਲਈ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਯੋਗਾ ਕਰਨ ਨਾਲ ਜਿਥੇ ਅਸੀਂ ਨਿਰੋਗ ਰਹਿ ਸਕਦੇ ਹਾਂ, ਉਥੇ ਸਿਹਤਮੰਦ ਜ਼ਿੰਦਗੀ ਜਿਉਣ ਲਈ ਵਾਤਾਵਰਣ ਦੀ ਸੰਭਾਲ ਕਰਨੀ ਵੀ ਬਹੁਤ ਜ਼ਰੂਰੀ ਹੈ, ਇਸ ਲਈ ਸਭ ਦੇ ਸਾਂਝੇ ਹੰਭਲੇ ਨਾਲ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਰੋਕੀ ਜਾ ਸਕਦੀ ਹੈ।

ਸੰਦੀਪ ਹੰਸ ਨੇ ਯੋਗਾ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਹਿੱਤ ਜਿਥੇ ਕਾਲਜਾਂ ਦੇ ਵਿਦਿਆਰਥੀਆਂ ਦੀ ਭਾਗੀਦਾਰੀ ਯਕੀਨੀ ਬਣਾਉਣ ਲਈ ਕਿਹਾ, ਉਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਯੋਗਾ ਦਿਵਸ ’ਤੇ ਵੱਧ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਭੁਪਿੰਦਰ ਕੌਰ, ਅਜੇ ਕੁਮਾਰ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਐਕਸੀਅਨ ਪੀ.ਡਬਲਯੂ.ਡੀ. ਰਜਿੰਦਰ ਸਿੰਘ ਗੋਤਰਾ, ਸਟੇਟ ਯੂਥ ਐਵਾਰਡੀ ਪ੍ਰਮੋਦ ਸ਼ਰਮਾ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਅਤੇ ਆਰਟ ਆਫ਼ ਲਿਵਿੰਗ ਸੋਸਾਇਟੀ ਆਦਿ ਦੇ ਨੁਮਾਇੰਦੇ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here