ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਚੁੱਕਿਆ ਕ੍ਰਾਂਤੀਕਾਰੀ ਕਦਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸੋਲਿਡ ਵੇਸਟ ਮੈਨੇਜਮੈਂਟ ਦੀ ਦਿਸ਼ਾ ਵਿਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕ੍ਰਾਂਤੀਕਾਰੀ ਉਪਰਾਲਾ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਜ਼ਰੀਏ ਪਿੰਡਾਂ ਵਿਚ ਜਿਥੇ ਗਿੱਲੇ ਅਤੇ ਸੁੱਕੇ ਕੂੜੇ ਦੀ ਸਮੱਸਿਆ ਦਾ ਹੱਲ ਹੋਵੇਗਾ, ਉਥੇ ਕਿਸਾਨਾਂ ਨੂੰ ਖੇਤਾਂ ਲਈ ਆਰਗੈਨਿਕ ਖਾਦ ਵੀ ਪ੍ਰਾਪਤ ਹੋ ਸਕੇਗੀ। ਇਸ ਸਬੰਧੀ ਜ਼ਿਲ੍ਹੇ ਦੇ 62 ਪਿੰਡਾਂ ਦੀ ਚੋਣ ਕੀਤੀ ਗਈ ਹੈ, ਜਿਨ੍ਹਾਂ ਵਿਚ ਪਾਇਲਟ ਪ੍ਰੋਜੈਕਟ ਵਜੋਂ ਇਸ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ 62 ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਸਕੱਤਰਾਂ ਨਾਲ ਮੀਟਿੰਗ ਕਰਦਿਆਂ ਵਾਤਾਵਰਣ ਦੀ ਸੰਭਾਲ ਲਈ ਸਭ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਹਰੇਕ ਵਿਅਕਤੀ ਨੂੰ ਆਪਣੇ ਤੋਂ ਸ਼ੁਰੂਆਤ ਕਰਨ ਦੀ ਲੋੜ ਹੈ ਅਤੇ ਇਸ ਸਬੰਧੀ ਨੈਸ਼ਨਲ ਗਰੀਨ ਟ੍ਰਿਬਿਊਨਲ ਵੀ ਪੂਰੀ ਤਰ੍ਹਾਂ ਗੰਭੀਰ ਹੈ। ਉਨ੍ਹਾਂ ਕਿਹਾ ਕਿ ਟ੍ਰਿਬਿਊਨਲ ਵਲੋਂ ਸੂਬੇ ਵਿਚ  ਨਿਗਰਾਨ ਕਮੇਟੀ ਵੀ ਬਣਾਈ ਗਈ ਹੈ, ਜਿਸ ਦੇ ਚੇਅਰਮੈਨ ਜਸਟਿਸ (ਰਿਟਾ:) ਜਸਬੀਰ ਸਿੰਘ ਹਨ। ਉਨ੍ਹਾਂ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਅਜੋਕੇ ਦੌਰ ਵਿਚ ਪਾਣੀ, ਹਵਾ ਅਤੇ ਧਰਤੀ ਨੂੰ ਸੰਭਾਲਣ ਦੀ ਲੋੜ ਹੈ, ਇਸ ਲਈ ਪਿੰਡਾਂ ਦੇ ਸਰਪੰਚਾਂ ਸਮੇਤ ਆਮ ਨਾਗਰਿਕ ਵਲੋਂ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਨੂੰ ਤਰਜ਼ੀਹ ਦਿੱਤੀ ਜਾਵੇ।

Advertisements

ਉਨ੍ਹਾਂ ਕਿਹਾ ਕਿ ਜਿਥੇ ਪੰਚਾਇਤ ਵਿਭਾਗ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ, ਉਥੇ ਐਨ.ਜੀ.ਓ. ਰਾਊਂਡ ਗਲਾਸ ਫਾਊਂਡੇਸ਼ਨ ਦੀਆਂ ਸੇਵਾਵਾਂ ਵੀ ਲਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ 62 ਪਿੰਡਾਂ ਦੀ ਚੋਣ ਕੀਤੀ ਗਈ ਹੈ, ਉਨ੍ਹਾਂ ਪਿੰਡਾਂ ਵਿਚ ਕਰੀਬ 6 ਮਹੀਨੇ ਲਈ ਸਿਸਟਮ ਸਥਾਪਤ ਹੋਣ ਤੱਕ ਇਸ ਐਨ.ਜੀ.ਓ. ਵਲੋਂ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਪਿੰਡਾਂ ਦੀ ਚੋਣ ਕੀਤੀ ਗਈ ਹੈ, ਉਨ੍ਹਾਂ ਵਿਚ ਹੁਸ਼ਿਆਰਪੁਰ ਬਲਾਕ-2 ਦੇ 15 ਪਿੰਡ, ਹੁਸ਼ਿਆਰਪੁਰ ਬਲਾਕ-1 ਦੇ 5, ਹਾਜੀਪੁਰ ਦੇ 5, ਮਾਹਿਲਪੁਰ ਦੇ 6, ਮੁਕੇਰੀਆਂ ਦੇ 5, ਭੂੰਗਾ ਦੇ 5, ਗੜ੍ਹਸ਼ੰਕਰ ਦੇ 6, ਤਲਵਾੜਾ ਦੇ 5, ਦਸੂਹਾ ਦੇ 5 ਅਤੇ ਟਾਂਡਾ ਬਲਾਕ ਦੇ 5 ਪਿੰਡ ਸ਼ਾਮਲ ਹਨ।


  ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਰੂਰਲ ਅਤੇ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗਾਂ ਦੇ ਨਾਲ-ਨਾਲ ਐਨ.ਜੀ.ਓ. ਰਾਊਂਡ ਗਲਾਸ ਫਾਊਂਡੇਸ਼ਨ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ, ਤਾਂ ਜੋ ਗਿੱਲੇ ਅਤੇ ਸੁੱਕੇ ਕੂੜੇ ਦਾ ਸਹੀ ਪ੍ਰਬੰਧਨ ਕਰਕੇ ਵਾਤਾਵਰਣ ਨੂੰ ਸ਼ੁੱਧ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ’ਤੇ ਵੀ ਸਰਕਾਰ ਵਲੋਂ ਸਖਤੀ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸਾਫ਼-ਸੁੱਥਰਾ ਰੱਖਣ ਲਈ ਪਿੰਡ ਦੀਆਂ ਪੰਚਾਇਤਾਂ ਸਮੇਤ ਹਰੇਕ ਪਿੰਡ ਵਾਸੀ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਵਾਤਾਵਰਣ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ-ਵੱਖਰਾ ਇਕੱਤਰ ਕਰਕੇ ਰੱਖਣ ਲਈ ਮਹਿਲਾਵਾਂ ਦੀ ਸ਼ਮੂਲੀਅਤ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਿੱਲੇ ਅਤੇ ਸੁੱਕੇ ਕੂੜੇ ਨੂੰ ਇਕੱਤਰ ਕਰਨ ਉਪਰੰਤ ਵਿਸ਼ੇਸ਼ ਵਿਧੀ ਰਾਹੀਂ ਉਸ ਦੀ ਖਾਦ ਤਿਆਰ ਹੋਵੇਗੀ, ਜੋ ਕਿਸਾਨਾਂ ਲਈ ਫਾਇਦੇਮੰਦ ਸਾਬਤ ਹੋ ਸਕਦੀ ਹੈ।


ਮੀਟਿੰਗ ਦੌਰਾਨ ਰਾਊਂਡ ਗਲਾਸ ਫਾਊਂਡੇਸ਼ਨ ਵਲੋਂ ਸ਼੍ਰੀ ਰਜਨੀਸ਼ ਕੁਮਾਰ ਨੇ ਪੀ.ਪੀ.ਟੀ. ਰਾਹੀਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਇਕੱਤਰ ਕਰਨ, ਸਹੀ ਤਰੀਕੇ ਨਾਲ ਪ੍ਰਬੰਧਨ ਕਰਨ ਲਈ ਪਿਟਸ ਬਣਾਉਣ ਅਤੇ ਖਾਦ ਬਣਾਉਣ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।  ਇਸ ਤੋਂ ਇਲਾਵਾ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ ਇੰਜੀਨੀਅਰ ਸਿਮਰਨਜੀਤ ਸਿੰਘ ਵਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਫੇਜ਼-1 ਅਤੇ ਫੇਜ਼-2 ਸਬੰਧੀ ਪੀ.ਪੀ.ਟੀ. ਰਾਹੀਂ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਸ੍ਰੀ ਅਜੇ ਕੁਮਾਰ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਬੀ.ਡੀ.ਪੀ.ਓਜ਼ ਅਤੇ 62 ਪਿੰਡਾਂ ਦੇ ਸਰਪੰਚ ਅਤੇ ਪੰਚਾਇਤ ਸਕੱਤਰ ਹਾਜ਼ਰ ਸਨ।  

LEAVE A REPLY

Please enter your comment!
Please enter your name here