ਮੁੱਖ ਮੰਤਰੀ ਨੇ ਕਪੂਰਥਲਾ ਦੇ ਸੈਨਿਕ ਸਕੂਲ ਦੀ ਪੁਰਾਤਨ ਸ਼ਾਨ ਬਹਾਲ ਕਰਨ ਪ੍ਰਤੀ ਦੁਹਰਾਈ ਵਚਨਬੱਧਤਾ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੈਨਿਕ ਸਕੂਲ, ਕਪੂਰਥਲਾ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਸੂਬਾ ਸਰਕਾਰ ਸਿਰਤੋੜ ਯਤਨ ਕਰੇਗੀ। ਅੱਜ ਇੱਥੇ ਆਪਣੇ ਨਿਵਾਸ ਸਥਾਨ ‘ਤੇ ਸਕੂਲ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਨੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਆਪਣਾ ਨਿਵੇਕਲਾ ਸਥਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਇਸ ਵੱਕਾਰੀ ਸੰਸਥਾ ਨੇ ਮਹਾਨ ਸ਼ਖਸੀਅਤਾਂ ਪੈਦਾ ਕੀਤੀਆਂ ਹਨ ਜਿਨ੍ਹਾਂ ਨੇ ਵੱਖ-ਵੱਖ ਅਹਿਮ ਅਹੁਦਿਆਂ ਖਾਸ ਕਰਕੇ ਹਥਿਆਰਬੰਦ ਸੈਨਾਵਾਂ ਵਿੱਚ ਦੇਸ਼ ਦੀ ਸੇਵਾ ਕੀਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਦੀ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਵਚਨਬੱਧ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Advertisements

ਮੁੱਖ ਮੰਤਰੀ ਨੇ ਵਿੱਤ ਵਿਭਾਗ ਨੂੰ ਸਕੂਲ ਦੀ ਇਮਾਰਤ ਦੀ ਮੁਰੰਮਤ ਲਈ ਫੰਡ ਤੁਰੰਤ ਜਾਰੀ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲ ਦੀ ਇਮਾਰਤ ਦੀ ਢੁਕਵੀਂ ਸਾਂਭ-ਸੰਭਾਲ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਉੱਚਾ ਚੁੱਕਣਾ ਸਮੇਂ ਦੀ ਲੋੜ ਹੈ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਲਈ ਢੁਕਵਾਂ ਮਾਹੌਲ ਮਿਲ ਸਕੇ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸਕੂਲ ਦੀ ਨਿਰੰਤਰ ਦੇਖ-ਰੇਖ ਨੂੰ ਯਕੀਨੀ ਬਣਾਉਣ ਲਈ ਆਉਣ ਵਾਲੇ ਸਾਲਾਂ ਤੋਂ ਬਜਟ ਦੀ ਵਿਵਸਥਾ ਕੀਤੀ ਜਾਵੇਗੀ। ਇਸੇ ਤਰ੍ਹਾਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਵੱਕਾਰੀ ਸੰਸਥਾ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਮੁਹੱਈਆ ਕਰਵਾਉਣ ਲਈ ਫੰਡ ਜਾਰੀ ਕਰਨ ਵਾਸਤੇ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਭਗਵੰਤ ਮਾਨ ਨੇ ਸਕੂਲ ਪ੍ਰਬੰਧਕਾਂ ਨੂੰ ਸਕੂਲ ਦੇ ਕੰਮਕਾਜ ਲਈ ਪੂਰਨ ਸਹਿਯੋਗ ਅਤੇ ਮਦਦ ਦਾ ਭਰੋਸਾ ਦਿੱਤਾ।

LEAVE A REPLY

Please enter your comment!
Please enter your name here