ਸੇਵਾ ਕੇਂਦਰਾਂ ’ਚ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ ਵੱਖ-ਵੱਖ ਸੇਵਾਵਾਂ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ(ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮਹੀਨਾਵਾਰੀ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਸੇਵਾ ਕੇਂਦਰਾਂ ਵਿਚ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਇਹ ਸੇਵਾਵਾਂ ਸੁਚਾਰੂ ਢੰਗ ਨਾਲ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਚ ਕਿਸੇ ਵੀ ਵਿਅਕਤੀ ਨੂੰ ਸੇਵਾਵਾਂ ਲੈਣ ਦੌਰਾਨ ਮੁਸ਼ਕਿਲ ਨਹੀਂ ਆਉਣੀ ਚਾਹੀਦੀ, ਇਸ ਲਈ ਇਸ ਸਬੰਧ ਵਿਚ ਸੇਵਾ ਕੇਂਦਰਾਂ ਵਿਚ ਕੰਮ ਕਰਦਾ ਸਮੁੱਚਾ ਸਟਾਫ਼ ਪੂਰੀ ਗੰਭੀਰਤਾ ਦਿਖਾਵੇ।

Advertisements

ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸ਼ੁਰੂ ਕੀਤੇ ਵਿਕਾਸ ਕਾਰਜ ਨਿਸ਼ਚਿਤ ਸਮੇਂ ਦੌਰਾਨ ਮੁਕੰਮਲ ਕੀਤੇ ਜਾਣ। ਇਸ ਤੋਂ ਇਲਾਵਾ ਵਿਕਾਸ ਕਾਰਜ ਮੁਕੰਮਲ ਹੋਣ ’ਤੇ ਵਰਤੋਂ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਘਰਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖਰਾ-ਵੱਖਰਾ ਇਕੱਤਰ ਕਰਨਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਸੋਲਿਡ ਵੇਸਟ ਮੈਨੇਜਮੈਂਟ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਦੇ ਪ੍ਰਬੰਧਨ ਲਈ ਗੰਭੀਰਤਾ ਦਿਖਾਈ ਜਾਵੇ। ਉਨ੍ਹਾਂ ਕਿਹਾ ਕਿ ਪਲਾਸਟਿਕ ਦੀ ਰੋਕਥਾਮ ਲਈ ਵੀ ਵਿਸ਼ੇਸ਼ ਕਦਮ ਪੁੱਟੇ ਜਾਣ ਅਤੇ ਸਖਤ ਕਾਰਵਾਈ ਕਰਦੇ ਹੋਏ ਚਲਾਨ ਵੀ ਕੱਟੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ’ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਸੰਦੀਪ ਹੰਸ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਇਸ ਤੋਂ ਇਲਾਵਾ ਡੇਂਗੂ ਦੀ ਰੋਕਥਾਮ ਲਈ ਇਕ ਮੁਹਿੰਮ ਦੇ ਤੌਰ ’ਤੇ ਗਤੀਵਿਧੀਆਂ ਆਰੰਭੀਆਂ ਜਾਣ।

ਉਨ੍ਹਾਂ ਕਿਹਾ ਕਿ ਡੇਂਗੂ ਦਾ ਲਾਰਵਾ ਚੈਕ ਕਰਨਾ ਵੀ ਯਕੀਨੀ ਬਣਾਇਆ ਜਾਵੇ, ਤਾਂ ਜੋ ਡੇਂਗੂ ਦੇ ਮੱਛਰ ਨੂੰ ਪੈਦਾ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਉਨ੍ਹਾਂ ਜਿਥੇ ਕੋਵਿਡ ਵੈਕਸੀਨੇਸ਼ਨ ਦਾ ਜਾਇਜ਼ਾ ਲਿਆ, ਉਥੇ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਦਾ ਰਿਵਿਊ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਯੂ.ਡੀ.ਆਈ.ਡੀ. (ਦਿਵਆਂਗ ਵਿਅਕਤੀਆਂ ਲਈ ਵਿਲੱਖਣ ਸ਼ਨਾਖਤੀ ਕਾਰਡ) ਕਾਰਡਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਨਿਯਮਾਂ ਮੁਤਾਬਕ ਵੱਧ ਤੋਂ ਵੱਧ ਕਾਰਡ ਬਣਾਏ ਜਾਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਕਿਹਾ ਕਿ ਹੁਣ ਤੱਕ ਜਿਲ੍ਹੇ ਵਿਚ 17,253 ਕਾਰਡ ਬਣ ਚੁੱਕੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਸੰਦੀਪ ਕੁਮਾਰ, ਸ੍ਰੀ ਅਜੇ ਕੁਮਾਰ ਵਾਧੂ ਚਾਰਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਸ਼ਿਵ ਰਾਜ ਸਿੰਘ ਬੱਲ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਮੁਕੇਸ਼ ਗੌਤਮ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫ਼ਸਰ, ਵੱਖ-ਵੱਖ ਵਿਭਾਗਾਂ ਦੇ ਐਕਸੀਅਨ ਅਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

LEAVE A REPLY

Please enter your comment!
Please enter your name here