ਮੁੱਖ ਮੰਤਰੀ ਵੱਲੋਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਕਦਮ ਚੁੱਕਣ ਦੇ ਨਿਰਦੇਸ਼

ਚੰਡੀਗੜ੍ਹ, (ਦ ਸਟੈਲਰ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਖੇਤੀਬਾੜੀ ਵਿਭਾਗ ਨੂੰ ਸੂਬੇ ਦੀ ਕਪਾਹ ਪੱਟੀ ਵਿੱਚ ਗੁਲਾਬੀ ਸੁੰਡੀ ਦੇ ਫੈਲਾਅ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਕੁਝ ਖੇਤਰਾਂ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਰਿਪੋਰਟਾਂ ਦਾ ਨੋਟਿਸ ਲੈਂਦਿਆਂ ਖੇਤੀਬਾੜੀ ਵਿਭਾਗ ਨੂੰ ਕਪਾਹ ਪੱਟੀ ਵਿੱਚ ਪੱਕੇ ਤੌਰ `ਤੇ ਆਪਣੀਆਂ ਟੀਮਾਂ ਤਾਇਨਾਤ ਕਰਨ ਲਈ ਆਖਿਆ ਤਾਂ ਜੋ ਸ਼ੁਰੂਆਤੀ ਪੜਾਅ `ਤੇ ਹੀ ਹਮਲੇ ਦੀ ਰੋਕਥਾਮ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਨਰਮੇ ਦੀ ਕਾਸ਼ਤ ਵਾਲੇ ਖੇਤਰਾਂ ਵਿੱਚ ਗੁਲਾਬੀ ਸੁੰਡੀ ਦਾ ਫੈਲਾਅ ਨਾ ਹੋਵੇ, ਜਿਸ ਲਈ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਇਹ ਯਕੀਨੀ ਬਣਾਏ ਕਿ ਕਿਸਾਨਾਂ ਦਾ ਕੋਈ ਨੁਕਸਾਨ ਨਾ ਹੋਵੇ, ਜਿਸ ਲਈ ਗੁਲਾਬੀ ਸੁੰਡੀ ਦੇ ਹਮਲੇ ਦਾ ਟਾਕਰਾ ਕਰਨ ਦੀ ਲੋੜ ਹੈ।

Advertisements

ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਮਾਲਵਾ ਖੇਤਰ ਦਾ ਵੱਡੇ ਪੱਧਰ ਉਤੇ ਦੌਰਾ ਕਰਨਾ ਚਾਹੀਦਾ ਹੈ ਅਤੇ ਹਮਲੇ ਦੀ ਤੀਬਰਤਾ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਮਾਂ ਕਿਸਾਨਾਂ ਨਾਲ ਸਲਾਹ ਕਰਕੇ ਲੋੜੀਂਦੀ ਕਾਰਵਾਈ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸੰਕਟ ਵਿੱਚੋਂ ਕੱਢਣਾ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।

LEAVE A REPLY

Please enter your comment!
Please enter your name here