ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕੰਮਾਂ ਦੀ ਪ੍ਰਗਤੀ ਦੀ ਕੀਤੀ ਸਮੀਖਿਆ

ਪਟਿਆਲਾ (ਦ ਸਟੈਲਰ ਨਿਊਜ਼):   ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਰਕਾਰੀ ਪਾਣੀ ਕੁਨੈਕਸ਼ਨ ਦੇ ਲਾਭ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਤੇ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਜਾਂਚ ਕਰਵਾਉਣ ਲਈ ਵੀ ਉਤਸ਼ਾਹਤ ਕਰਨ ਤਾਂ ਕਿ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਵੀ ਮੌਜੂਦ ਸਨ।  ਨਗਰ ਕੌਂਸਲਾਂ ਦੇ ਕੰਮ ਦੀ ਸਮੀਖਿਆ ਲਈ ਸੱਦੀ ਮਹੀਨਾਵਾਰ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ ਕਿ ਜੋ ਪਾਣੀ ਸਰਕਾਰੀ ਕੁਨੈਕਸ਼ਨ ਨਾਲ ਆਉਂਦਾ ਹੈ, ਉਸ ਦੀ ਸਮੇਂ ਸਮੇਂ ‘ਤੇ ਜਾਂਚ ਕੀਤੀ ਜਾਂਦੀ ਹੈ ਤੇ ਸਰੀਰ ਲਈ ਜਿਹੜੇ ਤੱਤ ਹਾਨੀਕਾਰਕ ਹਨ ਉਨ੍ਹਾਂ ਨੂੰ ਫਿਲਟਰ ਕੀਤਾ ਜਾਂਦਾ ਹੈ ਜਦਕਿ ਘਰ ਲੱਗੀ ਸਬਮਰਸੀਬਲ ਮੋਟਰ ਦਾ ਪਾਣੀ ਬਿਨਾਂ ਕਿਸੇ ਜਾਂਚ ਦੇ ਵਰਤੋਂ ਵਿੱਚ ਲਿਆ ਜਾਂਦਾ ਹੈ, ਜਿਸ ਦਾ ਟੀ.ਡੀ.ਐਸ. ਕਾਫ਼ੀ ਜ਼ਿਆਦਾ ਹੁੰਦਾ ਹੈ, ਜੋ ਸਿਹਤ ਲਈ ਹਾਨੀਕਾਰਕ ਹੈ।

Advertisements


  ਮੀਟਿੰਗ ਦੌਰਾਨ ਉਨ੍ਹਾਂ ਕਾਰਜਸਾਧਕ ਅਫ਼ਸਰ ਦੇ ਨਾਲ ਪ੍ਰਾਪਰਟੀ ਟੈਕਸ, ਬਿਲਡਿੰਗ ਪਲਾਨ, ਹੜ੍ਹ ਰੋਕੂ ਪ੍ਰਬੰਧ, ਡੇਂਗੂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਸੋਲਿਡ ਵੇਸਟ ਮੈਨੇਜਮੈਂਟ ਸਮੇਤ ਅਣ ਅਧਿਕਾਰਤ ਕਲੋਨੀਆਂ ‘ਤੇ ਚਰਚਾ ਕਰਦਿਆ ਕਿਹਾ ਕਿ ਹਰੇਕ ਕੰਮਾਂ ਨੂੰ ਲਈ ਪਲਾਨ ਤਿਆਰ ਕਰਕੇ ਕੰਮਾਂ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇ। ਉਨ੍ਹਾਂ ਨਗਰ ਕੌਂਸਲ ਰਾਜਪੁਰਾ ਤੇ ਸਮਾਣਾ ਦੇ ਕਾਰਜਸਾਧਕ ਅਫ਼ਸਰਾਂ ਵੱਲੋਂ ਦਿਖਾਈ ਚੰਗੀ ਕਾਰਗੁਜ਼ਾਰੀ ਦੀ ਸਰਾਹਨਾ ਕਰਦਿਆ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਪ੍ਰਸੰਸਾ ਪੱਤਰ ਦਿੱਤੇ ਜਾਣਗੇ ਅਤੇ ਹਰੇਕ ਮਹੀਨੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਕਾਰਜਸਾਧਕ ਅਫ਼ਸਰਾਂ ਨੂੰ ਵੀ ਪ੍ਰਸੰਸਾ ਪੱਤਰ ਦਿੱਤਾ ਜਾਵੇਗਾ।


  ਇਸ ਤੋਂ ਇਲਾਵਾ ਉਨ੍ਹਾਂ ਨਹਿਰੀ ਪਾਣੀ ਪ੍ਰੋਜੈਕਟ ਦੀ ਸਮੀਖਿਆ ਕਰਦਿਆ ਕਿਹਾ ਕਿ ਅਲੱਗ ਅਲੱਗ ਖੇਤਰਾਂ ‘ਚ ਪਾਣੀ ਪਹੁੰਚਾਉਣ ਲਈ ਪਾਈ ਜਾ ਰਹੀ ਪਾਈਪ ਲਾਈਨ ਸਬੰਧੀ ਏਰੀਏ ਦੇ ਲੋਕਾਂ ਨੂੰ ਇਸ ਸਬੰਧੀ ਪਹਿਲਾਂ ਜਾਣਕਾਰੀ ਦੇਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਕੰਮ ਦੀ ਅਹਿਮੀਅਤ ਅਤੇ ਲਾਭ ਸਬੰਧੀ ਜਾਣਕਾਰੀ ਹੋਵੇ ਤੇ ਉਹ ਇਸ ‘ਚ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਹਰੇਕ ਕੰਮ ਨੂੰ ਸਮਾਂਬੱਧ ਤਰੀਕੇ ਨਾਲ ਪੂਰਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਕਿ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨਵੇਂ ਬਣਾਏ ਜਾ ਰਹੇ ਬੱਸ ਅੱਡੇ ਦੇ ਕੰਮਾਂ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਕੰਮ ‘ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਸਮੇਂ ਸਿਰ ਇਸ ਪ੍ਰੋਜੈਕਟ ਨੂੰ ਪੂਰਾ ਕੀਤਾ ਜਾ ਸਕੇ।


ਮੀਟਿੰਗ ‘ਚ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਜੀਵਨ ਜੋਤ ਕੌਰ, ਐਸ.ਡੀ.ਐਮ. ਪਟਿਆਲਾ ਇਸ਼ਮਿਤ ਵਿਜੈ ਸਿੰਘ, ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਐਸ.ਡੀ.ਐਮ. ਰਾਜਪੁਰਾ ਡਾ. ਸੰਜੀਵ ਕੁਮਾਰ ਸਮੇਤ ਪਟਿਆਲਾ ਜ਼ਿਲ੍ਹੇ ਦੀਆਂ ਸਮੂਹ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰ ਵੀ ਮੌਜੂਦ ਸਨ।
ਕੈਪਸ਼ਨ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

LEAVE A REPLY

Please enter your comment!
Please enter your name here