ਸਿੰਗਲ ਯੂਜ਼ ਪਲਾਸਟਿਕ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਡਿਪਟੀ ਕਮਿਸ਼ਨਰ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨਗਰ ਨਿਗਮ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਧਿਕਾਰੀਆਂ, ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਸਿੰਗਲ ਯੂਜ਼ ਪਲਾਸਟਿਕ ‘ਤੇ 1 ਜੁਲਾਈ 2022 ਤੋਂ ਆਇਦ ਹੋ ਰਹੀ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਵਾਇਆ ਜਾਵੇ। ਉਨ੍ਹਾਂ ਨੇ ਇਸ ਬਾਰੇ ਆਮ ਲੋਕਾਂ ਤੇ ਬਾਜ਼ਾਰਾਂ ‘ਚ ਜਾਗਰੂਕਤਾ ਫੈਲਾਉਣ ਸਮੇਤ ਹਫ਼ਤਾਵਾਰੀ ਰਿਪੋਰਟ ਪੇਸ਼ ਕਰਨ ਲਈ ਵੀ ਆਦੇਸ਼ ਦਿੱਤੇ।

Advertisements

ਅੱਜ ਇੱਥੇ ਜ਼ਿਲ੍ਹਾ ਵਾਤਾਵਰਣ ਕਮੇਟੀ ਦੀ 10ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕੌਮੀ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਜ਼ਿਲ੍ਹੇ ‘ਚ ਵਗਦੀਆਂ ਨਦੀਆਂ ਦਾ ਪਾਣੀ, ਹਵਾ ਤੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਜਾਰੀ ਐਕਸ਼ਨ ਪਲਾਨ ਨੂੰ ਵੀ ਇੰਨ-ਬਿੰਨ ਲਾਗੂ ਕਰਨ ਦੀਆਂ ਹਦਾਇਤਾਂ ਕੀਤੀਆਂ। ਉਨ੍ਹਾਂ ਕਿਹਾ ਕਿ ਇਕ ਵਾਰ ਵਰਤੋਂ ਹੋਣ ਵਾਲੇ ਪਲਾਸਟਿਕ ਦੇ ਬਦਲ ਨੂੰ ਪ੍ਰਚਾਰ ਕੇ ਅਤੇ ਇੱਕ ਵਾਰ ਵਰਤੋਂ ਵਾਲੇ ਪਲਾਸਟਿਕ ਦਾ ਪ੍ਰਚਲਨ ਰੋਕ ਕੇ ਵਾਤਾਵਰਣ ਨੂੰ ਪਲੀਤ ਹੋਣ ਤੋਂ ਬਚਾਇਆ ਜਾ ਸਕੇਗਾ।

ਸਾਕਸ਼ੀ ਸਾਹਨੀ ਨੇ ਇਸ ਦੌਰਾਨ ਜ਼ਿਲ੍ਹੇ ਅੰਦਰ ਠੋਸ ਅਤੇ ਤਰਲ ਕੂੜਾ ਪ੍ਰਬੰਧਨ, ਪਲਾਸਟਿਕ ਕੂੜੇ ਦਾ ਨਿਪਟਾਰਾ, ਹਵਾ ਤੇ ਪਾਣੀ ਦੀ ਗੁਣਵੱਤਾ ਸੁਧਾਰਨ, ਉਦਯੋਗਿਕ ਕਚਰੇ ਨੂੰ ਸੰਭਾਲਣ ਤੋਂ ਇਲਾਵਾ ਹਰ ਸ਼ਹਿਰ ‘ਚ ‘ਵੇਸਟ ਟੂ ਵੈਲਥ’ ਪਾਰਕਾਂ ਦਾ ਨਿਰਮਾਣ ਅਤੇ ਹਰ ਦਫ਼ਤਰ ‘ਚ ਵਰਟੀਕਲ ਗਾਰਡਨ ਬਣਾਉਣੇ ਆਦਿ ਨੁਕਤਿਆਂ ‘ਤੇ ਚਰਚਾ ਕਰਕੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਈ-ਵੇਸਟ ਨੂੰ ਮੁਢਲੇ ਸਰੋਤ ‘ਤੇ ਹੀ ਇਕੱਤਰ ਕਰਕੇ ਉਸਨੂੰ 6 ਮਹੀਨੇ ਬਾਅਦ ਜਾਂ ਸਾਲ ਬਾਅਦ ਐਨ.ਜੀ.ਟੀ. ਦੀਆਂ ਹਦਾਇਤਾਂ ਮੁਤਾਬਕ ਟਿਕਾਣੇ ਲਾਉਣ ਦੇ ਉਚੇਚੇ ਪ੍ਰਬੰਧ ਕਰਨ ਲਈ ਵੀ ਆਖਿਆ।
ਡਿਪਟੀ ਕਮਿਸ਼ਨਰ ਨੇ ਭਾਦਸੋਂ ਤੇ ਘਨੌਰ ‘ਚ ਕੂੜੇ ਦੇ ਨਿਪਟਾਰੇ ਪ੍ਰਤੀ ਕੀਤੇ ਜਾ ਰਹੇ ਕੰਮ ਲਈ ਕਾਰਜ ਸਾਧਕ ਅਫ਼ਸਰਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਹਰ ਸ਼ਹਿਰ ‘ਚ ਸਫ਼ਾਈ ਦਾ ਕੰਮ ਰਾਤ ਸਮੇਂ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਛੱਪੜਾਂ ਦੀ ਸਾਫ਼-ਸਫ਼ਾਈ, ਘੱਗਰ ਨਾਲ ਲੱਗਦੇ ਇਲਾਕਿਆਂ ‘ਚ ਪੀਣ ਵਾਲੇ ਪਾਣੀ ਦੇ ਸੈਂਪਲ ਲੈਣੇ ਅਤੇ ਇੱਥੇ ਦੀ ਵੱਸੋਂ ਦੀ ਸਿਹਤ ਜਾਂਚ, ਘੱਗਰ ‘ਚ ਪੈਣ ਵਾਲੇ ਪਾਣੀ ‘ਚ ਸੀਵਰੇਜ ਜਾਂ ਫੈਕਟਰੀਆਂ ਦੇ ਪਾਣੀ ਨੂੰ ਬਿਨ੍ਹਾਂ ਸੋਧੇ ਨਾ ਪੈਣ ਦੇਣ ਆਦਿ ਦੇ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਵਾਤਾਵਰਣ ਇੰਜੀਨੀਅਰ ਨਵਤੇਸ਼ ਸਿੰਗਲਾ ਨੇ ਮੀਟਿੰਗ ਦੀ ਕਾਰਵਾਈ ਚਲਾਈ। ਇਸ ਮੌਕੇ ਏ.ਡੀ.ਸੀ. (ਸ਼ਹਿਰੀ ਵਿਕਾਸ) ਗੌਤਮ ਜੈਨ, ਏ.ਡੀ.ਸੀ. (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਸੰਯੁਕਤ ਕਮਿਸ਼ਨਰ ਨਗਰ ਨਿਗਮ ਨਮਨ ਮੜਕਨ ਸਮੇਤ ਪੰਚਾਇਤੀ ਰਾਜ, ਜਲ ਸਪਲਾਈ ਤੇ ਸੀਵਰੇਜ ਬੋਰਡ, ਡਰੇਨੇਜ, ਭੂਮੀ ਰੱਖਿਆ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here