ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਹੁਣ ਤੱਕ ਕੀਤੀ 750 ਹੈਕਟੇਅਰ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): ਪਾਣੀ ਦੀ ਬੱਚਤ ਕਰਕੇ ਵਾਤਾਵਰਣ ਪ੍ਰੇਮੀ ਹੋਣ ਦਾ ਸਬੂਤ ਦਿੰਦਿਆਂ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੇ ਹੁਣ ਤੱਕ 750 ਹੈਕਟੇਅਰ ਵਿਚ ਝੋਨੇ ਦੀ ਸਿੱਧੀ ਬਿਜਾਈ ਕਰ ਲਈ ਹੈ। ਇਨ੍ਹਾਂ ਕਿਸਾਨਾਂ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਜਿਥੇ ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਵਾਤਾਵਰਣ ਦੀ ਸ਼ੁੱਧਤਾ ਬਰਕਰਾਰ ਰੱਖਣ ਲਈ ਆਪਣੇ ਕਦਮ ਵਧਾਏ ਹਨ, ਉਥੇ ਪਾਣੀ ਦੀ ਬੱਚਤ ਲਈ ਆਪਣੀ ਭਾਗੀਦਾਰੀ ਵੀ ਕਾਇਮ ਕੀਤੀ ਹੈ। ਝੋਨੇ ਦੀ ਸਿੱਧੀ ਬਿਜਾਈ ਕਰਨ ’ਤੇ ਪਿੰਡ ਕਾਂਗੜ ਦੇ ਕਿਸਾਨ ਨਰਿੰਦਰ ਪਾਲ ਸਿੰਘ ਬਾਕੀ ਕਿਸਾਨਾਂ ਲਈ ਪ੍ਰੇਰਨਾ ਸਰੋਤ ਬਣੇ ਹੋਏ ਹਨ, ਕਿਉਂਕਿ ਇਸ ਅਗਾਂਹਵਧੂ ਕਿਸਾਨ ਨੇ 80 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕਰਕੇ ਲਾਮਿਸਾਲ ਉਦਾਹਰਣ ਪੇਸ਼ ਕੀਤੀ ਹੈ।

Advertisements

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅਗਾਂਹਵਧੂ ਕਿਸਾਨ ਨਰਿੰਦਰ ਪਾਲ ਸਿੰਘ ਸਮੇਤ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਸਾਰੇ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਹਰੇਕ ਕਿਸਾਨ ਨੂੰ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਵਾਤਾਵਰਣ ਦੀ ਸੰਭਾਲ ਦੇ ਨਾਲ-ਨਾਲ ਪਾਣੀ ਦੀ ਬੱਚਤ ਕੀਤੀ ਜਾ ਸਕੇ। ਇਸ ਤੋਂ ਇਲਾਵਾ ਝੋਨੇ ਦੀ ਸਿੱਧੀ ਬਿਜਾਈ ਨਾਲ ਜ਼ਮੀਨ ਦੀ ਸਿਹਤ ਨੂੰ ਨਰੋਇਆ ਰੱਖਿਆ ਜਾ ਸਕਦਾ ਹੈ। ਉਨ੍ਹਾਂ ਫ਼ਸਲੀ ਵਿਭਿੰਨਤਾ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਬਦਲਵੀਆਂ ਫ਼ਸਲਾਂ ਵੱਲ ਵੀ ਰੁਝਾਨ ਪੈਦਾ ਕਰਨਾ ਚਾਹੀਦਾ ਹੈ ਅਤੇ ਆਧੁਨਿਕ ਖੇਤੀ ਦੇ ਰਾਹ ਤੁਰ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਖੇਤੀ ਖਰਚੇ ਵੀ ਘਟਾਏ ਜਾ ਸਕਦੇ ਹਨ।

ਸੰਦੀਪ ਹੰਸ ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਡੀ.ਐਸ.ਆਰ. ਡਰਿੱਲ (ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੀ ਮਸ਼ੀਨ) ਦੀ ਵਰਤੋਂ ਕੀਤੀ ਜਾ ਸਕਦੀ ਹੈ।। ਇਹ ਆਧੁਨਿਕ ਤਕਨੀਕ ਵਾਲੀ ਮਸ਼ੀਨ ਖੇਤੀਬਾੜੀ ਵਿਭਾਗ ਕੋਲ ਵੀ ਉਪਲਬੱਧ ਹੈ।।ਇਸ ਤੋਂ ਇਲਾਵਾ ਸਵੈ-ਸਹਾਇਤਾ ਗਰੁੱਪ ਅਤੇ ਕਿਸਾਨਾਂ ਤੋਂ ਕਿਰਾਏ ’ਤੇ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਡੀ.ਐਸ.ਆਰ. ਡਰਿੱਲ ਕਿਰਾਏ ’ਤੇ ਪ੍ਰਾਪਤ ਕਰਨ ਲਈ ਆਪਣੇ ਨੇੜਲੇ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।।

ਉਧਰ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਪਿੰਡ ਕਾਂਗੜ ਵਿਖੇ ਅਗਾਂਹਵਧੂ ਕਿਸਾਨ ਨਰਿੰਦਰ ਪਾਲ ਸਿੰਘ ਵਲੋਂ  ਕੀਤੀ ਗਈ ਝੋਨੇ ਦੀ ਸਿੱਧੀ ਬਿਜਾਈ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਨਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਸ ਨੇ 80 ਏਕੜ ਵਿਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ। ਇਸ ਨਾਲ ਪਾਣੀ ਦੀ ਵੱਡੀ ਮਾਤਰਾ ਵਿਚ ਬੱਚਤ ਕਰਨ ਤੋਂ ਇਲਾਵਾ ਰਿਵਾਇਤੀ ਤੌਰ ’ਤੇ ਬੀਜਣ ਵਾਲੇ ਝੋਨੇ ਦੇ ਮੁਕਾਬਲੇ ਲੇਬਰ, ਡੀਜ਼ਲ ਅਤੇ ਸਮੇਂ ਦੀ ਬੱਚਤ ਵੀ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਨੇ ਆਪਣੇ ਫਾਰਮ ’ਤੇ ਝੋਨੇ ਦੀਆਂ ਕਿਸਮਾਂ ਪੀ.ਆਰ.-126, ਪੀ.ਆਰ.-130 ਅਤੇ ਸਵਾ 134 ਨੂੰ ਤਰਜ਼ੀਹ ਦਿੱਤੀ ਹੈ। ਇਸ ਅਗਾਂਹਵਧੂ ਕਿਸਾਨ ਨੇ ਇਹ ਵੀ ਦੱਸਿਆ ਕਿ ਝੋਨੇ ਦੀ ਸਹੀ ਕਿਸਮ ਦੀ ਚੋਣ, ਬਿਜਾਈ ਦਾ ਢੰਗ, ਸਮਾਂ ਅਤੇ ਸਹੀ ਸਮੇਂ ’ਤੇ ਨਦੀਨ ਨਾਸ਼ਕਾਂ ਦੀ ਵਰਤੋਂ ਨਾਲ ਝੋਨੇ ਦੀ ਸਿੱਧੀ ਬਿਜਾਈ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ। ਉਸ ਨੇ ਦੱਸਿਆ ਕਿ ਪਿਛਲੇ 4 ਸਾਲਾਂ ਤੋਂ ਉਸ ਵਲੋਂ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਸ ਵਲੋਂ ਆਪਣੇ ਖੇਤਾਂ ਵਿਚ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਦਾ ਖੇਤਾਂ ਵਿਚ ਹੀ ਸੁਚੱਜਾ ਪ੍ਰਬੰਧਨ ਕੀਤਾ ਜਾਂਦਾ ਹੈ।

ਮੁੱਖ ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਨੇ ਇਸ ਕਿਸਾਨ ਦੇ ਖੇਤਾਂ ਦਾ ਨਿਰੀਖਣ ਕਰਨ ਦੌਰਾਨ ਕਿਹਾ ਕਿ ਹੋਰਨਾਂ ਕਿਸਾਨਾਂ ਨੂੰ ਵੀ ਇਸ ਕਿਸਾਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਜ਼ਮੀਨਦੋਜ਼ ਪਾਣੀ ਅਤੇ ਵਾਤਾਵਰਣ ਨੂੰ ਬਚਾਇਆ ਜਾ ਸਕੇ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਮਾਹਿਲਪੁਰ ਡਾ. ਹਰਪ੍ਰੀਤ ਸਿੰਘ, ਡਾ. ਕਿਰਨਜੀਤ ਸਿੰਘ, ਖੇਤੀਬਾੜੀ ਵਿਸਥਾਰ ਅਫ਼ਸਰ ਹਰਿੰਦਰ ਸਿੰਘ, ਸੰਜੀਵ ਕੁਮਾਰ ਤੋਂ ਇਲਾਵਾ ਸੁਖਪਾਲ ਸਿੰਘ ਅਤੇ ਬਲਵਿੰਦਰ ਸਿੰਘ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here