1 ਜੁਲਾਈ ਤੋਂ ਥੋਕ ਅਤੇ ਪ੍ਰਚੂਨ ਦੀਆਂ ਦੁਕਾਨਾਂ ਦਾ ਦੌਰਾ ਕਰਕੇ ਸਿੰਗਲ ਯੂਜ਼ ਪਲਾਸਟਿਕ ਵਿਕਰੇਤਾਵਾਂ ਨੂੰ ਕੀਤਾ ਜਾਵੇਗਾ ਜਾਗਰੂਕ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ 1 ਜੁਲਾਈ ਤੋਂ ਸਿੰਗਲ ਯੂਜ਼ ਪਲਾਸਟਿਕ ਬੰਦ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਭਾਰਤ ਸਰਕਾਰ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ 1 ਜੁਲਾਈ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਗਵਾਈ ਵਾਲੀ ਟੀਮ ਵਲੋਂ ਥੋਕ ਅਤੇ ਪ੍ਰਚੂਨ ਦੀਆਂ ਦੁਕਾਨਾਂ ਦਾ ਦੌਰਾ ਕਰਕੇ ਸਿੰਗਲ ਯੂਜ਼ ਪਲਾਸਟਿਕ ਵਿਕਰੇਤਾਵਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ ਅਤੇ ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੰਦੀਪ ਕੁਮਾਰ ਵੀ ਮੌਜੂਦ ਸਨ।

Advertisements

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 2 ਜੁਲਾਈ ਨੂੰ ਪਲਾਸਟਿਕ ਵੇਸਟ ਮੈਨੇਜਮੈਂਟ ਰੂਲਜ਼-2016, ਵਾਟਰ ਐਕਟ-1974 ਅਤੇ ਏਅਰ ਐਕਟ-1981 ਅਧੀਨ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਬਿਜਲੀ ਦਾ ਕੁਨੈਕਸ਼ਨ ਕੱਟਣ ਤੋਂ ਇਲਾਵਾ ਭਾਰੀ ਜ਼ੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਥੋਕ ਅਤੇ ਪ੍ਰਚੂਨ ਵਿਕਰੇਤਾਵਾਂ ਨੂੰ ਤੁਰੰਤ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕਰਨ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਮਠਿਆਈ ਵਿਕਰੇਤਾਵਾਂ ਨੂੰ ਵੀ ਹਦਾਇਤ ਕੀਤੀ ਕਿ ਮਠਿਆਈ ਦੇ ਡੱਬੇ ਦੀ ਪੈਕਿੰਗ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਬਜ਼ੀ ਅਤੇ ਫਰੂਟ ਵਿਕਰੇਤਾ ਇਹ ਯਕੀਨੀ ਬਣਾਉਣ ਕਿ ਗਾਹਕਾਂ ਨੂੰ ਸਬਜ਼ੀ ਅਤੇ ਫਰੂਟ ਲਿਫਾਫਿਆਂ ਦੀ ਥਾਂ ਕਾਗਜ਼ ਦੇ ਲਿਫਾਫਿਆਂ ਵਿਚ ਦਿੱਤੇ ਜਾਣ।

ਸੰਦੀਪ ਹੰਸ ਨੇ ਸਬੰਧਤ ਬਰਾਂਚ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਮਨਾਹੀ ਸਬੰਧੀ ਨੋਟਿਸ ਬੋਰਡ ਲਗਾਏ ਜਾਣ ਅਤੇ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੋਲੀਥੀਨ ਦੇ ਨਾਲ-ਨਾਲ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਾ ਕਰਨ ਸਬੰਧੀ ਵੀ ਵਿਭਾਗਾਂ ਨੂੰ ਹਦਾਇਤ ਜਾਰੀ ਕੀਤੀ ਜਾਵੇ। ਉਨ੍ਹਾਂ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਦਾ ਪ੍ਰਯੋਗ ਨਾ ਕਰਨ ਸਬੰਧੀ ਮੁਨਾਦੀ ਵੀ ਕਰਵਾਈ ਜਾਵੇ।

ਸੰਦੀਪ ਹੰਸ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਖਰੀਦੋ-ਫਰੋਖਤ ਦੌਰਾਨ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਨਾ ਕਰਕੇ ਕੇਵਲ ਵਾਤਾਵਰਣ ਅਨੁਕੂਲ ਕੱਪੜੇ ਜਾਂ ਜੂਟ ਦੇ ਥੈਲਿਆਂ ਦੀ ਵਰਤੋਂ ਕੀਤੀ ਜਾਵੇ। ਉਨ੍ਹਾਂ ਇਕਜੁੱਟਤਾ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਲਈ ਜ਼ਿਲ੍ਹਾ ਵਾਸੀਆਂ ਨੂੰ ਅੱਗੇ ਆਉਣ ਦੀ ਲੋੜ ਹੈ, ਤਾਂ ਜੋ ਸਾਂਝੇ ਹੰਭਲੇ ਨਾਲ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬੰਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਘਰਾਂ ਦਾ ਪਲਾਸਟਿਕ ਵੀ ਵੱਖਰਾ ਇਕੱਤਰ ਕੀਤਾ ਜਾਵੇ, ਤਾਂ ਜੋ ਨਗਰ ਨਿਗਮ ਦੀਆਂ ਟੀਮਾਂ ਵਲੋਂ ਇਸ ਨੂੰ ਵੱਖਰੇ ਤੌਰ ’ਤੇ ਚੁੱਕਣ ਵਿਚ ਆਸਾਨੀ ਹੋ ਸਕੇ। ਉਨ੍ਹਾਂ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਵਲੋਂ ਘਰਾਂ ਦਾ ਇਕੱਠਾ ਕੀਤਾ ਵੱਖਰਾ ਪਲਾਸਟਿਕ ਵੀ ਇਕੱਤਰ ਕਰਨਾ ਯਕੀਨੀ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਸਟਿਕ ਦੇ ਲਿਫ਼ਾਫੇ ਵਾਤਾਵਰਣ ਦੀ ਸੰਭਾਲ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖਰਾਬ ਫ਼ਲ ਅਤੇ ਸਬਜ਼ੀਆਂ ਲਿਫਾਫਿਆਂ ਵਿਚ ਸੁੱਟਣ ਨਾਲ ਇਹ ਲਿਫਾਫੇ ਜਲਦੀ ਜ਼ਮੀਨ ਵਿਚ ਗਲਦੇ ਨਹੀਂ ਹਨ, ਜਿਸ ਕਾਰਨ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਇਸ ਤੋਂ ਇਲਾਵਾ ਲਿਫਾਫਿਆਂ ਸਮੇਤ ਖਰਾਬ ਸਬਜ਼ੀਆਂ ਅਤੇ ਫ਼ਲ ਖਾਣ ਨਾਲ ਅਵਾਰਾ ਪਸ਼ੂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸ਼ੁੱਧ ਵਾਤਾਵਰਣ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਹੈ ਅਤੇ ਹਰੇਕ ਵਿਅਕਤੀ ਨੂੰ ਅੱਜ ਤੋਂ ਹੀ ਵਾਤਾਵਰਣ ਦੀ ਰਾਖੀ ਲਈ ਪ੍ਰਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੰਗਲ ਯੂਜ਼ ਪਲਾਸਟਿਕ ਉਹ ਪਲਾਸਟਿਕ ਹੈ ਜਿਸ ਦੀ ਸਿਰਫ ਇਕ ਵਾਰ ਹੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਿੰਗਲ ਯੂਜ਼ ਪਲਾਸਟਿਕ ਵਿਚ ਪਲਾਸਟਿਕ ਦੇ ਲਿਫਾਫੇ ਅਤੇ ਬੋਤਲਾਂ ਤੋਂ ਇਲਾਵਾ ਪਲਾਸਟਿਕ ਕਰੋਕਰੀ, ਸਟਰਾਅ, ਮਠਿਆਈ ਦੇ ਡੱਬਿਆਂ ਲਈ ਪ੍ਰਯੋਗ ਹੁੰਦਾ ਪਲਾਸਟਿਕ, 100 ਮਾਈਕ੍ਰੋਨ ਤੋਂ ਘੱਟ ਵਾਲੇ ਪਲਾਸਟਿਕ ਜਾਂ ਪੀ.ਵੀ.ਸੀ. ਬੈਨਰ ਆਦਿ ਸ਼ਾਮਲ ਹਨ।  

LEAVE A REPLY

Please enter your comment!
Please enter your name here