ਸਿੰਗਲ ਯੂਜ਼ ਪਲਾਸਟਿਕ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਪੱਬਾਂ ਭਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ ਨੇ ਅੱਜ ਮੀਟਿੰਗ ਹਾਲ, ਕਾਰਪੋਰੇਸ਼ਨ ਵਿਖੇ ਵੱਖ-ਵੱਖ ਵਪਾਰ ਮੰਡਲਾਂ, ਐਨ.ਜੀ.ਓਜ਼ ਅਤੇ ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜਿਥੇ ਸਿੰਗਲ ਯੂਜ਼ ਪਲਾਸਟਿਕ ਬਾਰੇ ਜਾਣਕਾਰੀ ਦਿੱਤੀ, ਉਥੇ ਇਸ ਦੀ ਵਰਤੋਂ ਤੁਰੰਤ ਬੰਦ ਕਰਨ ਲਈ ਅੱਗੇ ਆਉਣ ਦੀ ਅਪੀਲ ਵੀ ਕੀਤੀ। ਮੀਟਿੰਗ ਵਿਚ ਪਲਾਸਟਿਕ ਥੋਕ ਅਤੇ ਪ੍ਰਚੂਨ ਵਿਕਰੇਤਾ ਵੀ ਮੌਜੂਦ ਸਨ। ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਕਿਸੇ ਵੀ ਰੂਪ ਵਿਚ ਪਲਾਸਟਿਕ ਵਾਤਾਵਰਣ ਲਈ ਨੁਕਸਾਨਦੇਹ ਹੈ, ਇਸ ਲਈ ਇਸ ਦੀ ਵਰਤੋਂ ਨਾ ਕਰਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦਾ ਸੰਤੁਲਨ ਬਰਕਰਾਰ ਰੱਖਣ ਲਈ ਇਕਜੁੱਟਤਾ ਨਾਲ ਸਾਂਝਾ ਹੰਭਲਾ ਮਾਰਨ ਦੀ ਲੋੜ ਹੈ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸ਼ੁੱਧ ਵਾਤਾਵਰਣ ਦਿੱਤਾ ਜਾ ਸਕੇ।

Advertisements

ਉਨ੍ਹਾਂ ਕਿਹਾ ਕਿ ਘਰਾਂ ਵਿਚ ਲਿਫਾਫਿਆਂ ਸਮੇਤ ਹੋਰ ਸਿੰਗਲ ਯੂਜ਼ ਪਲਾਸਟਿਕ ਵੱਖਰਾ ਇਕੱਤਰ ਕੀਤਾ ਜਾਵੇ ਅਤੇ ਇਹ ਵੱਖਰਾ ਕੂੜਾ ਨਗਰ ਨਿਗਮ ਵਲੋਂ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫੇ ਵਾਤਾਵਰਣ ਦੀ ਸੰਭਾਲ ਲਈ ਕਾਫ਼ੀ ਨੁਕਸਾਨਦੇਹ ਸਾਬਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਖਰਾਬ ਫ਼ਲ ਅਤੇ ਸਬਜ਼ੀਆਂ ਲਿਫਾਫਿਆਂ ਵਿਚ ਸੁੱਟਣ ਨਾਲ ਇਹ ਲਿਫਾਫੇ ਜਲਦੀ ਜ਼ਮੀਨ ਵਿਚ ਗਲਦੇ ਨਹੀਂ ਹਨ, ਜਿਸ ਕਾਰਨ ਜਿਥੇ ਵਾਤਾਵਰਣ ਦੂਸ਼ਿਤ ਹੁੰਦਾ ਹੈ, ਉਥੇ ਕਈ ਤਰ੍ਹਾਂ ਦੀਆਂ ਗੰਭੀਰ ਬਿਮਾਰੀਆਂ ਵੀ ਪੈਦਾ ਹੁੰਦੀਆਂ ਹਨ। ਇਸ ਤੋਂ ਇਲਾਵਾ ਲਿਫਾਫਿਆਂ ਸਮੇਤ ਖਰਾਬ ਸਬਜ਼ੀਆਂ ਅਤੇ ਫ਼ਲ ਖਾਣ ਨਾਲ ਅਵਾਰਾ ਪਸ਼ੂ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਹੋ ਜਾਂਦੇ ਹਨ।


ਸ੍ਰੀ ਸੰਦੀਪ ਹੰਸ ਨੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੀ ਵੱਖਰਾ-ਵੱਖਰਾ ਇਕੱਠਾ ਕਰਕੇ ਰੱਖਣ ਦੀ ਅਪੀਲ ਵੀ ਕੀਤੀ। ਉਨ੍ਹਾਂ ਜਿਥੇ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਕਿਹਾ, ਉਥੇ ਘਰਾਂ ਵਿਚ ਬਰਸਾਤੀ ਪਾਣੀ ਦੀ ਸੰਭਾਲ ਲਈ ਗੰਭੀਰਤਾ ਦਿਖਾਉਣ ਲਈ ਵੀ ਕਿਹਾ। ਮੀਟਿੰਗ ਦੌਰਾਨ ਦਰੱਖਤਾਂ ਦੇ ਥੱਲੇ ਝੜੇ ਪੱਤਿਆਂ ਨੂੰ ਅੱਗ ਲਗਾਉਣ ਦਾ ਮਾਮਲਾ ਧਿਆਨ ਵਿਚ ਲਿਆਉਣ ’ਤੇ ਡਿਪਟੀ ਕਮਿਸ਼ਨਰ ਨੇ ਤੁਰੰਤ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਚੈਕਿੰਗ ਕੀਤੀ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਦਰੱਖਤ ਦੇ ਪੱਤੇ ਝੁਲਸ ਜਾਂਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਬਰਸਾਤੀ ਨਾਲਿਆਂ ਦੀ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ।  

LEAVE A REPLY

Please enter your comment!
Please enter your name here