ਸੌਂਪੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ: ਜੈ ਕ੍ਰਿਸ਼ਨ ਰੌੜੀ


ਮਾਹਿਲਪੁਰ/ਹੁਸ਼ਿਆਰਪੁਰ (ਦ ਸਟੈਲਰ ਨਿਊਜ਼):
ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਬਣਨ ਉਪਰੰਤ ਅੱਜ ਪਹਿਲੀ ਵਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪੁੱਜੇ, ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੈਸਟ ਹਾਊਸ ਮਾਹਿਲਪੁਰ ਵਿਖੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਦੌਰਾਨ ਸ੍ਰੀ ਰੌੜੀ ਦਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਅਤੇ ਐਸ.ਐਸ.ਪੀ. ਸ੍ਰੀ ਸਰਤਾਜ ਸਿੰਘ ਚਾਹਲ ਵਲੋਂ ਨਿੱਘਾ ਸਵਾਗਤ ਕੀਤਾ ਗਿਆ। ਡਿਪਟੀ ਸਪੀਕਰ ਨੇ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਵੀ ਕੀਤੀ। ਇਸ ਮੌਕੇ ਐਸ.ਡੀ.ਐਮ. ਸ੍ਰੀ ਸ਼ਿਵ ਰਾਜ ਸਿੰਘ ਬੱਲ ਅਤੇ ਹੋਰ ਸਿਵਲ ਤੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਹਾਜ਼ਰ ਸਨ।   ਗਾਰਡ ਆਫ ਆਨਰ ਤੋਂ ਬਾਅਦ ਨਵ-ਨਿਯੁਕਤ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਲੱਧੇਵਾਲ ਵਿਖੇ ਨਤਮਸਤਕ ਹੋਏ। ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੌੜੀ ਨੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਅਤੇ ਸ਼ਹੀਦੇ-ਏ-ਆਜ਼ਮ ਸ੍ਰ. ਭਗਤ ਸਿੰਘ ਨੂੰ ਯਾਦ ਕਰਦਿਆਂ ਕਿਹਾ ਕਿ ਸੌਂਪੀ ਗਈ ਸੰਵਿਧਾਨਕ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਦਿਆਨਤਦਾਰੀ ਨਾਲ ਨਿਭਾਵਾਂਗਾ।

Advertisements

ਉਨ੍ਹਾਂ ਕਿਹਾ ਕਿ ਉਹ ਇਲਾਕੇ ਨੂੰ ਵਿਕਾਸ ਦੀਆਂ ਲੀਹਾਂ ’ਤੇ ਪਾਉਣ ਲਈ ਜੀਅ ਤੋੜ ਯਤਨ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਨੂੰ ਹਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਲੋਕਾਂ ਦੀ ਆਸ ਨੂੰ ਪੂਰਾ ਕਰਨ ਲਈ ਦਿਨ-ਰਾਤ ਇਕ ਕਰ ਦਿਆਂਗਾ। ਉਨ੍ਹਾਂ ਕਿਹਾ ਕਿ ਜਿਥੇ ਪੰਜਾਬ ਸਰਕਾਰ ਵਲੋਂ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਈ ਜਾ ਰਹੀ ਹੈ, ਉਥੇ ਸਰਕਾਰ ਵਲੋਂ ਹਰ ਘਰ ਨੂੰ 300 ਯੂਨਿਟ ਬਿਜਲੀ ਮੁਫ਼ਤ ਦੀ ਸਹੂਲਤ ਦੇ ਕੇ ਆਪਣਾ ਵਾਅਦਾ ਪੂਰਾ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਜੀਅ ਤੋੜ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜ਼ਰੀਏ ਉਹ ਇਲਾਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਡਿਪਟੀ ਸਪੀਕਰ ਦੇ ਸੰਵਿਧਾਨਕ ਅਹੁਦੇ ਲਈ ਜਿਥੇ ਅਕਾਲ ਪੁਰਖ ਅਤੇ ਸਾਧ ਸੰਗਤ ਦਾ ਧੰਨਵਾਦ ਪ੍ਰਗਟਾਇਆ, ਉਥੇ ਪਾਰਟੀ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾ ਅਤੇ ਵਿਧਾਨ ਸਭਾ ਮੈਂਬਰਾਂ ਦਾ ਵੀ ਸਰਬਸੰਮਤੀ ਨਾਲ ਡਿਪਟੀ ਸਪੀਕਰ ਚੁਣਨ ’ਤੇ ਧੰਨਵਾਦ ਪ੍ਰਗਟ ਕੀਤਾ। ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਰੌੜੀ ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦਾਂ ਸਾਹਿਬ ਲੱਧੇਵਾਲ ਵਿਖੇ ਮੱਥਾ ਟੇਕਣ ਤੋਂ ਬਾਅਦ ਮਹੇਸ਼ਿਆਣਾ ਮੰਦਰ ਗੜ੍ਹਸ਼ੰਕਰ ਅਤੇ ਸਮੂੰਦੜਾ ਵਿਖੇ ਵੀ ਨਤਮਸਤਕ ਹੋਏ। ਇਸ ਮੌਕੇ ਸ੍ਰੀ ਸਤਵੰਤ ਸਿੰਘ ਸਿਆਣ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

LEAVE A REPLY

Please enter your comment!
Please enter your name here