ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਸਾਕਸ਼ੀ ਸਾਹਨੀ

ਪਟਿਆਲਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਗਈਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਮੁਖੀਆਂ ਨਾਲ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਸਾਰੇ ਹੜ੍ਹ ਕੰਟਰੋਲ ਰੂਮ ਕਾਰਜਸ਼ੀਲ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਰਗੀ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤਾਂ ਦੇ ਮੌਸਮ ਵਿਚ ਬਰਸਾਤੀ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਡਿਜਾਸਟਰ ਮੈਨੇਜਮੈਂਟ ਐਕਟ ਤੇ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ-1873 ਦੇ ਸੈਕਸ਼ਨ 70 ਤਹਿਤ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਬਾਬਤ ਉਨ੍ਹਾਂ ਨੇ ਬਕਾਇਦਾ ਹੁਕਮ ਵੀ ਜਾਰੀ ਕਰ ਦਿੱਤੇ ਹਨ, ਜਿਸ ਅਧੀਨ ਅਜਿਹੇ ਵਿਅਕਤੀ ਨੂੰ 5 ਹਜ਼ਾਰ ਰੁਪਏ ਤੋਂ 50 ਹਜ਼ਾਰ ਰੁਪਏ ਤੱਕ ਜ਼ੁਰਮਾਨਾ ਅਤੇ 6 ਮਹੀਨੇ ਦੀ ਕੈਦ ਹੋ ਸਕਦੀ ਹੈ।

Advertisements


ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਰਸਾਤ ਦੌਰਾਨ ਸੜਕਾਂ ਹੇਠ ਪੁਲੀਆਂ ਨੂੰ ਬੰਦ ਕਰਨ ਸਮੇਤ ਖੇਤਾਂ ਵਿੱਚ ਬੰਨ੍ਹ ਬਣਾਉਣ ਦੇ ਮਾਮਲੇ ਸਾਹਮਣੇ ਆਉਂਦੇ ਹਨ ਅਤੇ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕੇ ਜਾਣ ਕਰਕੇ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ ਜਿਸ ਨਾਲ ਫਸਲਾਂ ਅਤੇ ਹੋਰ ਜਾਨੀ ਮਾਲੀ ਨੁਕਸਾਨ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਨੇ ਕਾਰਜ਼ਕਾਰੀ ਇੰਜੀਨੀਅਰ ਜਲ ਨਿਕਾਸ ਮੰਡਲ ਪਟਿਆਲਾ ਨੂੰ ਹਦਾਇਤ ਕੀਤੀ ਕਿ ਕੁਦਰਤੀ ਵਹਾਅ ਰੋਕਣ ਵਾਲੇ ਅਜਿਹੇ ਵਿਅਕਤੀਆਂ ਖ਼ਿਲਾਫ਼ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਤੋਂ ਇਲਾਵਾ ਬਰਸਾਤੀ ਪਾਣੀ ਦੇ ਵਹਾਅ ‘ਤੇ ਨਿਗਰਾਨੀ ਕਰਨ ਲਈ ਸਬ ਡਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਦੀ ਅਗਵਾਈ ਹੇਠ ਕਮੇਟੀਆਂ ਵੀ ਗਠਿਤ ਕੀਤੀਆਂ ਹਨ, ਜਿਸ ‘ਚ ਡੀ.ਐਸ.ਪੀਜ਼ ਤੇ ਡਰੇਨੇਜ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ ਦੇ ਅਧਿਕਾਰੀਆਂ ਤੇ ਬੀ.ਡੀ.ਪੀ.ਓਜ਼ ਨੂੰ ਸ਼ਾਮਲ ਕੀਤਾ ਗਿਆ ਹੈ।


ਉਨ੍ਹਾਂ ਨੇ ਸਮੂਹ ਐਸ.ਡੀ.ਐਮਜ਼ ਨੂੰ ਕਿਹਾ ਕਿ ਆਪਣੇ ਅਧੀਨ ਆਉਂਦੇ ਪਾਣੀ ਖੜ੍ਹੇ ਰਹਿਣ ਅਤੇ ਬਰਸਾਤ ‘ਚ ਪਾਣੀ ਭਰਨ ਵਾਲੇ ਹਾਟ-ਸਪਾਟ ਖੇਤਰਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜਾ ਲੈਣ ਅਤੇ ਪ੍ਰਬੰਧਾਂ ਦਾ ਲਗਾਤਾਰ ਜਾਇਜ਼ਾ ਲੈਂਦੇ ਰਹਿਣ। ਉਨ੍ਹਾਂ ਨੇ ਨਗਰ ਨਿਗਮ ਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਸੀਵਰੇਜ ਦੀ ਸਫਾਈ ਅਤੇ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਬਿਜਲੀ ਦੀਆਂ ਢਿੱਲੀਆ ਤਾਰਾਂ ਨੂੰ ਕੱਸਣ ਦੀ ਹਦਾਇਤ ਕੀਤੀ। ਉਨ੍ਹਾਂ ਬਰਸਾਤ ਦੇ ਮੌਸਮ ਵਿੱਚ ਪਸ਼ੂਆਂ ਲਈ ਹਰੇ ਚਾਰੇ ਦੇ ਪ੍ਰਬੰਧ ਲਈ ਮੁੱਖ ਖੇਤੀਬਾੜੀ ਅਫ਼ਸਰ ਨੂੰ ਲੋੜੀਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਸਾਕਸ਼ੀ ਸਾਹਨੀ ਨੇ ਸਿਵਲ ਸਰਜਨ ਦਫ਼ਤਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਮੈਡੀਕਲ ਟੀਮਾਂ ਨੂੰ ਤਿਆਰ ਰੱਖਣ ਦੀ ਹਦਾਇਤ ਕਰਦਿਆ ਦਵਾਈਆਂ ਦਾ ਪੂਰਾ ਸਟਾਕ ਰੱਖਣ ਲਈ ਕਿਹਾ।

ਉਨ੍ਹਾਂ ਡੀ.ਆਰ.ਓ ਦਫ਼ਤਰ ਨੂੰ ਜ਼ਿਲ੍ਹੇ ਵਿੱਚ ਬਣੇ ਸ਼ੈਲਟਰ ਹੋਮ ਦੀ ਲਿਸਟ ਨੂੰ ਅਪਡੇਟ ਕਰਨ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ ਨੂੰ ਹੜ੍ਹ ਦੀ ਸਥਿਤੀ ‘ਚ ਰਿਜਰਵ ਪਏ ਖਾਣ-ਪੀਣ ਦੇ ਸਮਾਨ ਦੀ ਸੂਚੀ ਜਮ੍ਹਾਂ ਕਰਵਾਉਣ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਦੇ ਮੌਸਮ ਦੌਰਾਨ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ  ਆਪਣਾ ਸਟੇਸ਼ਨ ਛੱਡਕੇ ਨਹੀਂ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਈਸ਼ਾ ਸਿੰਘਲ, ਐਸ.ਡੀ.ਐਮਜ ਡਾ. ਇਸਮਤ ਵਿਜੇ ਸਿੰਘ, ਚਰਨਜੀਤ ਸਿੰਘ, ਡਾ. ਸੰਜੀਵ ਕੁਮਾਰ, ਕੰਨੂ ਗਰਗ, ਨਵਦੀਪ ਕੁਮਾਰ, ਜ਼ਿਲ੍ਹਾ ਮਾਲ ਅਫ਼ਸਰ ਸਮੇਤ ਵੱਖ-ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।

LEAVE A REPLY

Please enter your comment!
Please enter your name here