1.08 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਚਾਰ ਪ੍ਰਾਜੈਕਟ ਮੁਕੰਮਲ

ਜਲੰਧਰ (ਦ ਸਟੈਲਰ ਨਿਊਜ਼): ਮਾਨਸੂਨ ਦੇ ਸੀਜ਼ਨ ਵਿੱਚ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹੇ ਵਿੱਚ 5.62 ਕਰੋੜ ਰੁਪਏ ਦੀ ਲਾਗਤ ਨਾਲ ਵਿੱਢੇ ਗਏ ਹੜ੍ਹ ਰੋਕੂ ਪ੍ਰਾਜੈਕਟਾਂ ਵਿੱਚੋਂ 1.08 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਚਾਰ ਪ੍ਰਾਜੈਕਟ ਮੁਕੰਮਲ ਕੀਤੇ ਜਾ ਚੁੱਕੇ ਹਨ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 5.62 ਕਰੋੜ ਦੀ ਲਾਗਤ ਨਾਲ ਜੰਗੀ ਪੱਧਰ ’ਤੇ ਹੜ੍ਹ ਰੋਕੂ ਕਾਰਜ ਸ਼ੁਰੂ ਕੀਤੇ ਗਏ ਸਨ, ਜਿਨ੍ਹਾਂ ਵਿੱਚ 4.12 ਕਰੋੜ ਦੀ ਲਾਗਤ ਨਾਲ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਪ੍ਰਾਜੈਕਟ ਅਤੇ 1.50 ਕਰੋੜ ਦੀ ਲਾਗਤ ਵਾਲੇ ਡਰੇਨੇਜ ਸਬੰਧੀ ਕਾਰਜ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਵਿੱਚੋਂ ਇਸਮਾਇਲਪੁਰ ਅਤੇ ਭਾਨੇਵਾਲ ਵਿਖੇ ਸਤਲੁਜ ਦੇ ਨਾਲ-ਨਾਲ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਬੰਧੀ ਚਾਰ ਕਾਰਜ 1.08 ਕਰੋੜ ਦੀ ਲਾਗਤ ਨਾਲ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਬਾਕੀ ਰਹਿੰਦੇ ਪ੍ਰਾਜੈਕਟ ਇਸ ਹਫ਼ਤੇ ਅਖੀਰ ਤੱਕ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਬਰਸਾਤ ਦੇ ਸੀਜ਼ਨ ਦੌਰਾਨ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਬੰਨ੍ਹਾਂ ਦਾ ਹਰ ਹਫ਼ਤੇ ਦੌਰਾ ਕਰਨ ਦੇ ਵੀ ਨਿਰਦੇਸ਼ ਦਿੱਤੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਸੂਰਤ ਵਿੱਚ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ।

Advertisements

ਘਨਸ਼ਿਆਮ ਥੋਰੀ ਨੇ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿੱਚ ਨਿਕਾਸੀ ਯੋਜਨਾ ਪਹਿਲਾਂ ਹੀ ਤਿਆਰ ਕੀਤੀ ਜਾ ਚੁੱਕੀ ਹੈ ਅਤੇ ਸੰਵੇਦਨਸ਼ੀਲ ਥਾਵਾਂ ਦੇ ਨਾਲ-ਨਾਲ ਸੁਰੱਖਿਅਤ ਥਾਵਾਂ ਦੀ ਪਛਾਣ ਵੀ ਕਰ ਲਈ ਗਈ ਹੈ, ਜਿਥੇ ਲੋੜ ਪੈਣ ‘ਤੇ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਵਸਨੀਕਾਂ ਨੂੰ ਤਬਦੀਲ ਕੀਤਾ ਜਾਵੇਗਾ। ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ ਬੈਂਸ ਵੱਲੋਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਅੱਜ ਇਸਮਾਇਲਪੁਰ ਵਿਖੇ ਹੜ੍ਹਾਂ ਤੋਂ ਸੁਰੱਖਿਆ ਸਬੰਧੀ ਨੇਪਰੇ ਚਾੜ੍ਹੇ ਗਏ ਪ੍ਰਾਜੈਕਟ ਦਾ ਮੌਕੇ ’ਤੇ ਜਾ ਕੇ ਨਿਰੀਖਣ ਵੀ ਕੀਤਾ ਗਿਆ।

LEAVE A REPLY

Please enter your comment!
Please enter your name here