ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ 

ਚੰਡੀਗੜ੍ਹ (ਦ ਸਟੈਲਰ ਨਿਊਜ਼): ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ  ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ. ) ਚਲਾਏ ਗਏ। ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐਸ.ਐਸ.ਪੀਜ਼ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।

Advertisements

ਡੀਜੀਪੀ ਗੌਰਵ ਯਾਦਵ, ਜੋ  ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ। ਡੀਜੀਪੀ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।

ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।

ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ। ਅਜਿਹੇ ਅਪਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।

LEAVE A REPLY

Please enter your comment!
Please enter your name here