ਮਾਤਾ ਚਿੰਤਪੁਰਨੀ ਮੇਲੇ ਵਿਚ ਇਸ ਵਾਰ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ਨਹੀਂ ਕੀਤੀ ਜਾਵੇਗੀ: ਜਿੰਪਾ/ ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼): 28 ਜੁਲਾਈ ਤੋਂ ਸ਼ੁਰੂ ਹੋਣ ਜਾ ਰਹੇ ਮਾਤਾ ਚਿੰਤਪੁਰਨੀ ਮੇਲੇ ਵਿਚ ਇਸ ਵਾਰ ਲੰਗਰ ਦੌਰਾਨ ਡੀ.ਜੇ. ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਫੈਸਲਾ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਅਤੇ ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਹਾਜ਼ਰੀ ਵਿਚ ਕੀਤੀ ਗਈ ਮੀਟਿੰਗ ਦੌਰਾਨ ਹਿੰਦੂ ਭਾਈਚਾਰੇ ਨਾਲ ਸਬੰਧਤ ਪੰਜਾਬ ਦੀਆਂ ਵੱਖ-ਵੱਖ ਸੰਗਠਨਾਂ ਵਲੋਂ ਸਾਂਝੇ ਤੌਰ ’ਤੇ ਲਿਆ ਗਿਆ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਉਪਰਾਲਾ ਆਵਾਜ਼ੀ ਪ੍ਰਦੂਸ਼ਣ ਰੋਕਣ ਵਿਚ ਕਾਮਯਾਬ ਸਾਬਤ ਹੋਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਵਿਚ ਲੰਗਰ ਲਗਾਉਣ ਦੌਰਾਨ ਸਫ਼ਾਈ ਵਿਵਸਥਾ ਬਰਕਰਾਰ ਰੱਖਣੀ ਵੀ ਯਕੀਨੀ ਬਣਾਈ ਜਾਵੇ, ਤਾਂ ਜੋ ਵਾਤਾਵਰਣ ਦੂਸ਼ਿਤ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੰਸਥਾਵਾਂ ਦਾ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ, ਤਾਂ ਜੋ ਸਾਂਝੇ ਉਪਰਾਲਿਆ ਨਾਲ ਮੇਲੇ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਨਿਰਵਿਘਨ ਆਵਾਜਾਈ ਲਈ ਸੰਸਥਾਵਾਂ ਵਲੋਂ ਸੜਕ ਦੇ ਉਪਰ ਆ ਕੇ ਲੰਗਰ ਨਾ ਵਰਤਾਇਆ ਜਾਵੇ ਅਤੇ ਲੰਗਰ ਦੌਰਾਨ ਪਲਾਸਟਿਕ (ਜੋ ਬੈਨ ਹੋ ਚੁੱਕਾ ਹੈ) ਦੀ ਵਰਤੋਂ ਨਾ ਕੀਤੀ ਜਾਵੇ।

Advertisements

ਜਿੰਪਾ ਨੇ ਕਿਹਾ ਕਿ ਸ਼ਰਧਾਲੂਆਂ ਲਈ ਇਹ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਜਲਦੀ ਹੀ ਮਾਤਾ ਚਿੰਤਪੁਰਨੀ ਰੋਡ ਦੀ ਰਿਪੇਅਰ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਾਂ ਪੱਖੋਂ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇਹ ਵੀ ਸਾਂਝੇ ਤੌਰ ’ਤੇ ਫੈਸਲਾ ਕੀਤਾ ਗਿਆ ਕਿ ਸ਼ਰਧਾਲੂਆਂ ਦੀ ਸਹੂਲਤ ਲਈ 31 ਜੁਲਾਈ, 2, 3 ਅਤੇ 4 ਅਗਸਤ ਨੂੰ ਟ੍ਰੈਫਿਕ ਦਾ ਡਾਇਵਰਸ਼ਨ (ਵੱਖਰਾ ਰੂਟ) ਕੀਤਾ ਜਾਵੇਗਾ, ਜਿਸ ਤਹਿਤ ਸ਼ਰਧਾਲੂ ਹੁਸ਼ਿਆਰਪੁਰ ਤੋਂ ਗਗਰੇਟ-ਮੁਬਾਰਕਪੁਰ ਤੋਂ ਹੁੰਦੇ ਹੋਏ ਮਾਤਾ ਚਿੰਤਪੁਰਨੀ ਜਾਣਗੇ ਅਤੇ ਵਾਪਸੀ ਮਾਤਾ ਚਿੰਤਪੁਰਨੀ ਤੋਂ ਮੁਬਾਰਕਪੁਰ-ਅੰਬ-ਊਨਾ ਹੁੰਦੇ ਹੋਏ ਹੁਸ਼ਿਆਰਪੁਰ ਹੋਵੇਗੀ।

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਲੰਗਰ ਲਗਾਉਣ ਲਈ ਰਜਿਸਟ੍ਰੇਸ਼ਨ ਜ਼ਰੂਰੀ ਹੈ, ਇਸ ਲਈ ਲੰਗਰ ਕਮੇਟੀਆਂ ਵਲੋਂ ਇਹ ਰਜਿਸਟ੍ਰੇਸ਼ਨ ਐਸ.ਡੀ.ਐਮ. ਦਫ਼ਤਰ ਹੁਸ਼ਿਆਰਪੁਰ ਤੋਂ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਮੋਬਾਇਲ ਟੁਆਇਲਟਸ ਆਦਿ ਦਾ ਪ੍ਰਬੰਧ ਕਰਨ ਤੋਂ ਇਲਾਵਾ ਸਿਹਤ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਲੰਗਰ ਕਮੇਟੀਆਂ ਨੂੰ ਸਫ਼ਾਈ ਵਿਵਸਥਾ ਬਰਕਰਾਰ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਸਿੰਗਲ ਯੂਜ਼ ਪਲਾਸਟਿਕ ਬੈਨ ਕੀਤਾ ਗਿਆ ਹੈ, ਇਸ ਲਈ ਲੰਗਰ ਦੌਰਾਨ ਪਲਾਸਟਿਕ ਦੀ ਵਰਤੋਂ ਨਾ ਕੀਤੀ ਜਾਵੇ। ਉਨ੍ਹਾਂ ਸ਼ਰਧਾਲੂਆਂ ਨੂੰ ਨਿਸ਼ਚਿਤ ਕੀਤੀਆਂ ਮਿਤੀਆਂ ਦੌਰਾਨ ਵਨ ਵੇਅ ਵਾਲੇ ਰੂਟ ਦੀ ਹੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸੰਦੀਪ ਕੁਮਾਰ, ਐਸ.ਡੀ.ਐਮ. ਹੁਸ਼ਿਆਰਪੁਰ ਸ਼ਿਵਰਾਜ ਸਿੰਘ ਬੱਲ ਤੋਂ ਇਲਾਵਾ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਆਈਆਂ ਹਿੰਦੂ ਸੰਸਥਾਵਾਂ/ਲੰਗਰ ਕਮੇਟੀਆਂ ਦੇ ਪ੍ਰਤੀਨਿਧੀ ਅਤੇ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here