ਸੀਨੀਅਰ ਆਈਏਐਸ ਅਧਿਕਾਰੀ ਅਰੁਣ ਸੇਖੜੀ ਨੇ ਪਟਿਆਲਾ ਦੇ ਡਵੀਜਨਲ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

ਪਟਿਆਲਾ (ਦ ਸਟੈਲਰ ਨਿਊਜ਼): 2004 ਬੈਚ ਦੇ ਸੀਨੀਅਰ ਆਈ.ਏ.ਐਸ. ਅਧਿਕਾਰੀ ਸ੍ਰੀ ਅਰੁਣ ਸੇਖੜੀ ਨੇ ਅੱਜ ਪਟਿਆਲਾ ਡਵੀਜਨ ਦੇ ਡਵੀਜ਼ਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਅਰੁਣ ਸੇਖੜੀ, ਜੋਕਿ ਮੌਜੂਦਾ ਸਮੇਂ ਕਿਰਤ ਕਮਿਸ਼ਨਰ, ਪੰਜਾਬ ਵਜੋਂ ਸੇਵਾ ਨਿਭਾ ਰਹੇ ਹਨ, ਨੂੰ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਜੋਂ ਵੀ ਤਾਇਨਾਤ ਕੀਤਾ ਗਿਆ ਹੈ। ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਨ੍ਹਾਂ ਦੀ ਆਮਦ ਮੌਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ. ਦੀਪਕ ਪਾਰੀਕ, ਵਧੀਕ ਡਿਪਟੀ ਕਮਿਸ਼ਨਰ ਗੌਤਮ ਜੈਨ, ਗੁਰਪ੍ਰੀਤ ਸਿੰਘ ਥਿੰਦ ਤੇ ਈਸ਼ਾ ਸਿੰਘਲ, ਐਸ.ਡੀ.ਐਮਜ਼ ਡਾ. ਇਸਮਤ ਵਿਜੇ ਸਿੰਘ ਤੇ ਕ੍ਰਿਪਾਲ ਸਿੰਘ, ਸਹਾਇਕ ਕਮਿਸ਼ਨਰ (ਜ) ਕਿਰਨ ਸ਼ਰਮਾ ਅਤੇ ਹੋਰ ਅਧਿਕਾਰੀਆਂ ਨੇ ਸ੍ਰੀ ਸੇਖੜੀ ਦਾ ਸਵਾਗਤ ਕੀਤਾ। ਇਸ ਮੌਕੇ ਪੁਲਿਸ ਦੀ ਟੁਕੜੀ ਨੇ ਗਾਰਡ ਆਫ਼ ਆਨਰ ਵਜੋਂ ਸ੍ਰੀ ਅਰੁਣ ਸੇਖੜੀ ਨੂੰ ਸਲਾਮੀ ਦਿੱਤੀ।

Advertisements


ਅਹੁਦਾ ਸੰਭਾਲਣ ਮਗਰੋਂ ਸ੍ਰੀ ਅਰੁਣ ਸੇਖੜੀ ਨੇ ਕਿਹਾ ਕਿ ਬਿਹਤਰ ਪ੍ਰਸ਼ਾਸਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਸਮੇਂ ਸਿਰ ਪ੍ਰਦਾਨ ਕਰਨਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ। ਉਨ੍ਹਾਂ ਨੇ ਡਿਪਟੀ ਕਮਿਸ਼ਨਰ, ਐਸ.ਐਸ.ਪੀ. ਸਮੇਤ ਹੋਰ ਅਧਿਕਾਰੀਆਂ ਨਾਲ ਸੰਖੇਪ ਮੀਟਿੰਗ ਕੀਤੀ ਅਤੇ ਜ਼ਿਲ੍ਹੇ ਬਾਰੇ ਜਾਣਕਾਰੀ ਲੈਂਦਿਆਂ ਸਮੂਹ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਸਰਕਾਰ ਦੀਆਂ ਨੀਤੀਆਂ ਤੇ ਪ੍ਰੋਗਰਾਮ ਬਿਹਤਰ ਢੰਗ ਨਾਲ ਲਾਗੂ ਕਰਨ ਦੇ ਆਦੇਸ਼ ਦਿੱਤੇ। ਸ੍ਰੀ ਅਰੁਣ ਸੇਖੜੀ ਨੇ ਡਿਪਟੀ ਕਮਿਸ਼ਨਰ ਤੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ‘ਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਦੱਸਿਆ ਕਿ ਉਹ ਵੀ ਜਲਦ ਹੀ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹੇ ਦਾ ਦੌਰਾ ਕਰਨਗੇ। ਉਨ੍ਹਾਂ ਨੇ ਇਹ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਵੱਧ ਤੋਂ ਵੱਧ ਬੂਟੇ ਲਗਾਏ ਜਾਣ ਤਾਂ ਕਿ ਜੰਗਲਾਂ ਹੇਠ ਰਕਬਾ ਵਧਾਇਆ ਜਾ ਸਕੇ।


ਡਵੀਜਨਲ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀ ਅਰੁਣ ਸੇਖੜੀ ਨੇ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਅਤੇ ਪੁਰਾਤਨ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਵੀ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਅਰੁਣ ਸੇਖੜੀ ਦੇ ਅਹੁਦਾ ਸੰਭਾਲਣ ਮੌਕੇ ਡਵੀਜ਼ਨਲ ਕਮਿਸ਼ਨਰ ਦੇ ਪੀਏ ਮੈਡਮ ਆਸ਼ੂ ਗਰਗ, ਸੁਪਰਡੈਂਟ ਅਰੁਣ ਕੁਮਾਰ ਸੋਇਨ, ਤਹਿਸੀਲਦਾਰ ਸਪੈਸ਼ਲ ਡਿਊਟੀ ਸ਼ੀਸ਼ ਪਾਲ ਸਿੰਗਲਾ, ਨਾਇਬ ਤਹਿਸੀਲਦਾਰ ਪਵਨਦੀਪ ਸਿੰਘ ਸਮੇਤ ਡਵੀਜਨਲ ਕਮਿਸ਼ਨਰ ਦਫ਼ਤਰ ਦਾ ਸਮੁੱਚਾ ਅਮਲਾ ਹਾਜ਼ਰ ਸੀ।

LEAVE A REPLY

Please enter your comment!
Please enter your name here