ਡੇਂਗੂ ਅਤੇ ਹੋਰ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਜ਼ਰੂਰੀ: ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਕਿਹਾ ਕਿ ਡੇਂਗੂ ਅਤੇ ਹੋਰ ਵੈਕਟਰ ਬੋਰਨ ਬੀਮਾਰੀਆਂ ਦੀ ਰੋਕਥਾਮ ਲਈ ਜਾਗਰੂਕਤਾ ਬਹੁਤ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਸਮੇਤ ਵੱਖ-ਵੱਖ ਵਿਭਾਗ ਆਪਸੀ ਤਾਲਮੇਲ ਨਾਲ ਵੱਧ ਤੋਂ ਵੱਧ ਗਤੀਵਿਧੀਆਂ ਸ਼ੁਰੂ ਕਰਨ। ਉਹ ਅੱਜ ਸਿਹਤ ਵਿਭਾਗ ਸਮੇਤ ਡੇਂਗੂ, ਮਲੇਰੀਆ, ਚਿਕਨਗੁਨੀਆ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਰਹੇ ਸਨ।

Advertisements

ਸੰਦੀਪ ਹੰਸ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ 10 ਟੀਮਾਂ ਵਲੋਂ ਹੁਸ਼ਿਆਰਪੁਰ ਵਿਖੇ ਡੇਂਗੂ ਦਾ ਲਾਰਵਾ ਚੈਕ ਕੀਤਾ ਜਾ ਰਿਹਾ ਹੈ ਅਤੇ ਹੁਣ ਤੱਕ 30340 ਘਰ ਚੈਕ ਕੀਤੇ ਜਾ ਚੁੱਕੇ ਹਨ,ਜਿਨ੍ਹਾਂ ਵਿਚੋਂ 1270 ਘਰਾਂ ਵਿੱਚ ਡੇਂਗੂ ਦਾ ਲਾਰਵਾ ਸਾਹਮਣਾ ਆਇਆ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਹੋਰ ਗੰਭੀਰਤਾ ਨਾਲ ਚੈਕਿੰਗ ਕਰਨ ਦੀ ਹਦਾਇਤ ਕਰਨ ਤੋਂ ਇਲਾਵਾ ਨਗਰ ਨਿਗਮ, ਕਾਰਜਸਾਧਕ ਅਫ਼ਸਰਾਂ ਅਤੇ ਬੀ.ਡੀ.ਪੀ.ਓਜ਼ ਨੂੰ ਵੀ ਚਲਾਨ ਕਰਨ ਦੇ ਨਾਲ-ਨਾਲ ਜਾਗਰੂਕਤਾ ਮੁਹਿੰਮ ਵਿੱਢਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ ਨੂੰ ਸਕੂਲਾਂ ਵਿਚ ਬੱਚਿਆਂ ਨੂੰ ਜਾਗਰੂਕ ਕਰਨ ਲਈ ਵੀ ਕਿਹਾ, ਤਾਂ ਜੋ ਡੇਂਗੂ ਅਤੇ ਹੋਰ ਬੀਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਜਿਥੇ ਜ਼ਿਲ੍ਹਾ ਉਦਯੋਗ ਵਿਭਾਗ, ਪੰਜਾਬ ਰੋਡਵੇਜ਼, ਬਿਜਲੀ ਵਿਭਾਗ, ਬੀ.ਐਸ.ਐਨ.ਐਲ. ਅਤੇ ਜਲ ਸਪਲਾਈ ਵਿਭਾਗ ਨੂੰ ਗੰਭੀਰਤਾ ਨਾਲ ਮੁਹਿੰਮ ਸ਼ੁਰੂ ਕਰਨ ਲਈ ਕਿਹਾ, ਉਥੇ ਆਈ.ਐਮ.ਏ. ਅਤੇ ਗੈਰ ਸਰਕਾਰੀ ਸਮਾਜਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕੀਤੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਮਨਾਇਆ ਜਾਵੇ ਅਤੇ ਇਸ ਦਿਨ ਦਫ਼ਤਰਾਂ ਦੇ ਕੂਲਰਾਂ, ਫਰਿੱਜਾਂ ਆਦਿ ਦੀ ਪੂਰੀ ਸਫ਼ਾਈ ਕੀਤੀ ਜਾਵੇ, ਤਾਂ ਜੋ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਹਰ ਸ਼ੁੱਕਰਵਾਰ ਆਪਣੇ ਘਰਾਂ ਦੇ ਕੂਲਰ ਅਤੇ ਫਰਿੱਜ ਆਦਿ ਸਾਫ਼ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਡੇਂਗੂ ਖੜ੍ਹੇ ਪਾਣੀ ਵਿਚ ਪੈਦਾ ਹੁੰਦਾ ਹੈ, ਇਸ ਲਈ ਆਪਣੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿਥੇ ਡੇਂਗੂ ਦੀ ਜਾਂਚ ਜ਼ਿਲ੍ਹਾ ਹਸਪਤਾਲ ਹੁਸ਼ਿਆਰਪੁਰ ਅਤੇ ਸੀ.ਐਚ.ਸੀ. ਭੂੰਗਾ ਵਿਖੇ ਮੁਫ਼ਤ ਕੀਤੀ ਜਾਂਦੀ ਹੈ, ਉਥੇ ਮਲੇਰੀਆ ਦੀ ਜਾਂਚ ਸਾਰੀਆਂ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਡੇਂਗੂ ਅਤੇ ਮਲੇਰੀਏ ਦਾ ਇਲਾਜ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ।

ਡਿਪਟੀ ਕਮਿਸ਼ਨਰ-ਕਮ- ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਹੰਸ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਇਲਾਵਾ ਕਾਰਜਸਾਧਕ ਅਫ਼ਸਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਡੇਂਗੂ ਦਾ ਲਾਰਵਾ ਸਾਹਮਣੇ ਆਉਣ ’ਤੇ ਆਪਣੇ ਅਧਿਕਾਰ ਖੇਤਰਾਂ ਵਿਚ ਚਲਾਨ ਕਰਨੇ ਵੀ ਸ਼ੁਰੂ ਕੀਤੇ ਜਾਣ। ਮੀਟਿੰਗ ਦੌਰਾਨ ਉਨ੍ਹਾਂ ਡੇਂਗੂ ਸਬੰਧੀ ਜਾਗਰੂਕਤਾ ਪੈਂਫਲੈਟ ਵੀ ਜਾਰੀ ਕੀਤਾ। ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਈ ਵੀ ਵਿਅਕਤੀ ਅਤੇ ਯੋਗ ਬੱਚਾ ਕੋਵਿਡ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਟੀਕਾਕਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ। ਇਸ ਮੌਕੇ ਪੀ.ਸੀ.ਐਸ.ਅੰਡਰ ਟ੍ਰੇਨਿੰਗ ਸ੍ਰੀ ਵਿਓਮ ਭਾਰਦਵਾਜ, ਕਾਰਜਕਾਰੀ ਸਿਵਲ ਸਰਜਨ ਡਾ. ਪਵਨ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੀਮਾ ਗਰਗ, ਐਸ.ਐਮ.ਓਜ਼ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। 

LEAVE A REPLY

Please enter your comment!
Please enter your name here